ਪੰਜਾਬ ਦੇ ਡਾਕਟਰਾਂ ਲਈ ਆ ਗਏ ਸਖ਼ਤ ਹੁਕਮ, ਕਰਨਾ ਪਵੇਗਾ ਆਹ ਕੰਮ
Wednesday, Dec 25, 2024 - 01:57 PM (IST)
ਚੰਡੀਗੜ੍ਹ (ਅੰਕੁਰ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਰੇ ਸਿਵਲ ਸਰਜਨਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ 'ਚ ਜ਼ਰੂਰੀ ਦਵਾਈਆਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਤਾਂ ਜੋ ਇਲਾਜ ਲਈ ਆਉਣ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਸਿਹਤ ਮੰਤਰੀ ਨੇ ਸਾਰੇ ਸਿਵਲ ਸਰਜਨਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਾਕਟਰਾਂ ਅਤੇ ਹਸਪਤਾਲ ਦੇ ਸਟਾਫ਼ ਨੂੰ ਸਰਕਾਰੀ ਸਿਹਤ ਸੰਸਥਾਵਾਂ 'ਚ ਲੋਕਾਂ ਦੇ ਵਿਸ਼ਵਾਸ਼ ਨੂੰ ਹੋਰ ਮਜ਼ਬੂਤ ਕਰਨ ਲਈ ਮਰੀਜ਼ਾਂ ਅਤੇ ਉਨ੍ਹਾਂ ਨਾਲ ਦੇਖਭਾਲ ਲਈ ਆਉਣ ਵਾਲੇ ਵਿਅਕਤੀਆਂ ਪ੍ਰਤੀ ਨਿਮਰਤਾ ਵਾਲਾ ਵਤੀਰਾ ਰੱਖਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੋੜੀਂਦੇ ਫੰਡ ਵੀ ਯਕੀਨੀ ਬਣਾਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਲੋਕਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ, ਲਾਹਾ ਲੈਣ ਲਈ ਜਲਦੀ ਕਰ ਲਓ Apply
ਉਨ੍ਹਾਂ ਕਿਹਾ ਕਿ ਨਰਸਿੰਗ ਦੇ ਵਿਦਿਆਰਥੀਆਂ ਨੂੰ ਬਲੱਡ ਪ੍ਰੈਸ਼ਰ, ਐੱਚ. ਬੀ. ਲੈਵਲ ਅਤੇ ਅੱਖਾਂ ਦੀ ਜਾਂਚ ਸਬੰਧੀ ਸਿਖਲਾਈ ਦਿੱਤੀ ਜਾਵੇ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਸਪਤਾਲਾਂ 'ਚ ਮਰੀਜ਼ਾਂ ਅਤੇ ਉਨ੍ਹਾਂ ਦੇ ਅਟੈਂਡੈਂਟਾਂ ਦੀ ਸਹਾਇਤਾ ਲਈ ਵੀ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਿਸੇ ਦੁਰਘਟਨਾ ਜਾਂ ਐਮਰਜੈਂਸੀ ਦੀ ਸਥਿਤੀ 'ਚ ਦੂਜਿਆਂ ਦੀ ਮਦਦ ਕਰਨ ਦੇ ਯੋਗ ਬਣਾਉਣ ਲਈ ਮੁੱਢਲੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਨਰਸਿੰਗ ਦੇ ਵਿਦਿਆਰਥੀਆਂ ਨੂੰ ਮੱਛਰ ਦੇ ਲਾਰਵੇ ਦੀ ਪਛਾਣ ਕਰਨ ਲਈ ਬ੍ਰੀਡਿੰਗ ਚੈਕਰ ਵਜੋਂ ਸਿਖਲਾਈ ਦਿੱਤੀ ਜਾਵੇਗੀ, ਜੋ ਕਿ ਅਗਲੇ ਮਾਨਸੂਨ ਸੀਜ਼ਨ ਦੌਰਾਨ ਡੇਂਗੂ ਦੇ ਮਾਮਲਿਆਂ ਨੂੰ ਕੰਟਰੋਲ ਕਰਨ 'ਚ ਮਦਦ ਮਿਲੇਗੀ। ਚੰਗੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਦੀ ਤਾਰੀਫ਼ ਕਰਦਿਆਂ ਉਨ੍ਹਾਂ ਹੋਰਨਾਂ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹੇ 'ਚ ਸਿਹਤ ਅਤੇ ਪ੍ਰਸ਼ਾਸਨਿਕ ਢਾਂਚੇ ਦਾ ਮਿਆਰ ਉੱਚਾ ਚੁੱਕਣ ਲਈ ਪ੍ਰੇਰਿਆ।
ਇਹ ਵੀ ਪੜ੍ਹੋ : ਗੱਚਕ ਖਾਣ ਦੇ ਸ਼ੌਕੀਨਾਂ ਦੇ ਹੋਸ਼ ਉਡਾ ਦੇਵੇਗੀ ਇਹ ਵੀਡੀਓ, ਜ਼ਰਾ ਧਿਆਨ ਨਾਲ ਦੇਖੋ
ਉਨ੍ਹਾਂ ਕਿਹਾ ਕਿ ਪੂਰੀ ਲਗਨ ਨਾਲ ਕੰਮ ਕਰਨ ਬਾਰੇ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ। ਚੇਅਰਮੈਨ ਪੀ. ਐੱਚ. ਐੱਸ. ਸੀ. ਰਮਨ ਬਹਿਲ ਨੇ ਸਰਕਾਰੀ ਸਿਹਤ ਸੰਸਥਾਵਾਂ ਦੀ ਸਾਂਭ-ਸੰਭਾਲ ਅਤੇ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਾਫ਼-ਸੁਥਰਾ ਅਤੇ ਸੁਚੱਜਾ ਵਾਤਾਵਰਣ ਬਹੁਤ ਜ਼ਰੂਰੀ ਹੈ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਸ਼ਾਸਨਿਕ ਸਕੱਤਰ ਕੁਮਾਰ ਰਾਹੁਲ ਨੇ ਦੱਸਿਆ ਕਿ ਪੰਜਾਬ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਮਰੀਜ਼ਾਂ ਦੀ ਫੀਡਬੈਕ ’ਤੇ ਆਧਾਰਿਤ ਸਰਵੇਖਣ ਕਰਵਾਇਆ ਗਿਆ ਹੈ। ਉਨ੍ਹਾਂ ਸਿਵਲ ਸਰਜਨਾਂ ਨੂੰ ਹਸਪਤਾਲਾਂ ਵਿੱਚ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਮਾਪਦੰਡਾਂ ਵਿੱਚ ਹੋਰ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ। ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ ਨੇ ਸੂਬੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੋਂ ਮਰੀਜ਼ਾਂ ਦੀ ਫੀਡਬੈਕ ਦੇ ਆਧਾਰ ’ਤੇ ਕੀਤੇ ਗਏ ਵਿਸਤ੍ਰਿਤ ਸਰਵੇਖਣ ਦੇ ਨਤੀਜੇ ਪੇਸ਼ ਕੀਤੇ। ਇਸ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਸਰਵੇ 'ਚ ਪਾਈਆਂ ਗਈਆਂ ਊਣਤਾਈਆਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8