ਪੰਜਾਬ ਵਾਸੀਆਂ ਲਈ ਜਾਰੀ ਹੋਏ ਸਖ਼ਤ ਹੁਕਮ, ਇਸ ਤਾਰੀਖ਼ ਤੱਕ ਰਹਿਣਗੇ ਲਾਗੂ

Friday, Dec 13, 2024 - 09:45 AM (IST)

ਪੰਜਾਬ ਵਾਸੀਆਂ ਲਈ ਜਾਰੀ ਹੋਏ ਸਖ਼ਤ ਹੁਕਮ, ਇਸ ਤਾਰੀਖ਼ ਤੱਕ ਰਹਿਣਗੇ ਲਾਗੂ

ਮੋਹਾਲੀ (ਨਿਆਮੀਆਂ) : ਜ਼ਿਲ੍ਹਾ ਮੈਜਿਸਟ੍ਰੇਟ ਮੋਹਾਲੀ ਆਸ਼ਿਕਾ ਜੈਨ ਵੱਲੋਂ ਵੱਖ-ਵੱਖ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਮੋਹਾਲੀ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈੱਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ’ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ’ਚ ਧਰਨੇ, ਰੈਲੀਆਂ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਮੈਮੋਰੰਡਮ ਵਗੈਰਾ ਦੇਣ ਲਈ 5 ਵਿਅਕਤੀਆਂ ਤੋਂ ਘੱਟ ਗਿਣਤੀ ’ਚ ਵਿਅਕਤੀਆਂ ਦੇ ਇਸ ਚਾਰਦੀਵਾਰੀ ਦੇ ਮੁੱਖ ਗੇਟ ਵਿਚੋਂ ਲੰਘ ਕੇ ਇਸ ਦਫ਼ਤਰ ’ਚ ਆਉਣ ਉੱਤੇ ਕੋਈ ਪਾਬੰਦੀ ਨਹੀਂ ਹੋਵੇਗੀ।
ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ 
ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਆਸ਼ਿਕਾ ਜੈਨ ਨੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ’ਚ ਹਥਿਆਰ ਲਿਜਾਣ ਤੇ ਪ੍ਰਦਰਸ਼ਨ ਕਰਨ ਦੀ ਪੂਰਨ ਮਨਾਹੀ ਹੋਵੇਗੀ ਤੇ ਕਿਸੇ ਭਾਈਚਾਰੇ ਖ਼ਿਲਾਫ਼ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖ਼ਾਸ, ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਕਿਰਾਏਦਾਰਾਂ, ਨੌਕਰਾਂ ਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ 
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਥਿਤ ਮਿਊਂਸੀਪਲ ਕੌਂਸਲਾਂ, ਨਗਰ ਪੰਚਾਇਤਾਂ ਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ’ਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ’ਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਇਕ ਹਫ਼ਤੇ ਦੇ ਵਿਚ-ਵਿਚ ਨੇੜਲੇ ਪੁਲਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ। ਇਹ ਹੁਕਮ ਉਨ੍ਹਾਂ ’ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਤੇ ਪੇਇੰਗ ਗੈਸਟ ਦਾ ਵੇਰਵਾ ਹਾਲੇ ਤੱਕ ਪੁਲਸ ਨੂੰ ਨਹੀਂ ਦਿੱਤਾ ਹੈ।
ਏਅਰ ਫੋਰਸ ਸਟੇਸ਼ਨ ਦੇ ਨੇੜੇ ਮਾਸਾਹਾਰੀ ਦੁਕਾਨਾਂ ਚਲਾਉਣ ਤੇ ਰਹਿੰਦ-ਖੂੰਹਦ ਸੁੱਟਣ ’ਤੇ ਪਾਬੰਦੀ 
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਤੇ ਇਸ ਦੀ ਰਹਿੰਦ-ਖੂੰਹਦ ਨੂੰ ਸੁੱਟਣ ’ਤੇ ਪੂਰਨ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ, ਕੋਈ ਜਾਨੀ-ਮਾਲੀ ਨੁਕਸਾਨ ਨਾ ਹੋਵੇ। ਇਹ ਹੁਕਮ 11 ਦਸੰਬਰ 2024 ਤੋਂ 10 ਫਰਵਰੀ 2025 ਤੱਕ ਲਾਗੂ ਰਹਿਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News