ਪੰਜਾਬ 'ਚ ਇਸ ਜ਼ਿਲ੍ਹੇ ਦੇ ਲੋਕਾਂ 'ਤੇ ਲੱਗੀਆਂ ਸਖ਼ਤ ਪਾਬੰਦੀਆਂ, ਪੜ੍ਹੋ ਕੀ ਹੈ ਪੂਰੀ ਖ਼ਬਰ

06/13/2024 10:10:10 AM

ਫਿਰੋਜ਼ਪੁਰ (ਰਾਜੇਸ਼ ਢੰਡ, ਕੁਮਾਰ, ਪਰਮਜੀਤ, ਖੁੱਲਰ) : ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਆਈ. ਏ. ਐੱਸ. ਨੇ ਜ਼ਿਲ੍ਹਾ ਫਿਰੋਜ਼ਪੁਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਫਿਰੋਜ਼ਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਲਾਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਫਿਰੋਜ਼ਪੁਰ ਵੱਲੋਂ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਗਿਆ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਕਾਫ਼ੀ ਗਿਣਤੀ ’ਚ ਹੁੱਕਾ ਬਾਰ ਚੱਲ ਰਹੇ ਹਨ ਅਤੇ ਇਨ੍ਹਾਂ ਹੁੱਕਾਂ ਬਾਰਾਂ ’ਚ ਆਮ ਤੌਰ ’ਤੇ ਵੱਖ-ਵੱਖ ਫਲੇਵਰਾਂ ਦੇ ਨਾਲ ਨਿਕੋਟਿਨ, ਤੰਬਾਕੂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖ਼ਤਰਨਾਕ ਹਨ। ਆਮ ਲੋਕਾਂ ਦੀ ਸਿਹਤ ਨੂੰ ਧਿਆਨ ’ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਤ ਤੋਂ ਬਚਾਉਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ। ਇਕ ਹੋਰ ਹੁਕਮ ਰਾਹੀਂ ਜਿੱਥੇ ਫ਼ੌਜ ਵੱਲੋਂ ਅਸਲਾ ਜਮ੍ਹਾਂ ਕੀਤਾ ਗਿਆ ਹੈ, ਉਸ ਦੇ ਨੇੜੇ 1000 ਮੀਟਰ ਦੇ ਦਾਇਰੇ ’ਚ ਫ਼ਸਲਾਂ ਦੇ ਨਾੜ ਨੂੰ ਅੱਗ ਲਾਉਣ ਅਤੇ ਉਸਾਰੀ ਕਰਨ ’ਤੇ ਰੋਕ ਲਗਾਈ ਹੈ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ 'ਚ ਹੋ ਸਕਦੈ ਵੱਡਾ ਫੇਰਬਦਲ, ਜੇਲ੍ਹ 'ਚ ਕੇਜਰੀਵਾਲ ਨੂੰ ਮਿਲਣ ਪੁੱਜੇ CM ਮਾਨ (ਵੀਡੀਓ)

ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡਾਂ/ਸ਼ਹਿਰਾਂ ’ਚ ਚਲ ਰਹੇ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਅਤੇ ਸਿਨੇਮਾ ਆਦਿ ਨੂੰ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਦਸਤਾਵੇਜ਼ ਇਸ ਹੁਕਮ ਦੇ ਜਾਰੀ ਹੋਣ ਤੋਂ 15 ਦਿਨਾਂ ਦੇ ਅੰਦਰ-ਅੰਦਰ ਸਮਰੱਥ ਅਧਿਕਾਰੀ ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ, ਤਾਂ ਜੋ ਇਸ ਬਾਰੇ ਯੋਗ ਫ਼ੈਸਲਾ ਲਿਆ ਜਾ ਸਕੇ। ਇਤਰਾਜ਼ਹੀਣਤਾ ਸਰਟੀਫਿਕੇਟ ਦੀ ਕਾਪੀ, ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਅਤੇ ਸਿਨੇਮਾ ਆਦਿ ’ਚ ਢੁੱਕਵੀਂ ਜਗ੍ਹਾ ’ਤੇ ਲਗਾਈ ਜਾਵੇਗੀ। ਇਸ ਹੁਕਮ ਦੇ ਜਾਰੀ ਹੋਣ ਤੋਂ ਬਾਅਦ, ਉਨ੍ਹਾਂ ਸਾਰੇ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਅਤੇ ਸਿਨੇਮਾ ਆਦਿ ਜੋ ਕਿ ਸਮਰੱਥ ਅਧਿਕਾਰੀ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਨਹੀਂ ਕਰਨਗੇ, ਨੂੰ ਬੰਦ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਵੱਡੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖ਼ਾਲੀ ਕਰਾਇਆ ਗਿਆ ਇਲਾਕਾ

ਜਿਹੜੇ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਅਤੇ ਸਿਨੇਮਾ ਆਦਿ ਨਵੇਂ ਬਣ ਰਹੇ ਹਨ, ਉਹ ਫ਼ੌਰੀ ਤੌਰ 'ਤੇ 15 ਦਿਨਾਂ ਦੇ ਅੰਦਰ-ਅੰਦਰ ਇਸ ਸਬੰਧੀ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ। ਇਤਰਾਜ਼ਹੀਣਤਾ ਸਰਟੀਫਿਕੇਟ ਨਾ ਲੈਣ ਦੀ ਸੂਰਤ ’ਚ ਸਾਰੇ ਦਾ ਸਾਰਾ ਕੰਮ ਬੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਦੀ ਸੁਰੱਖਿਆ ਲਈ ਸਮੇਂ-ਸਮੇਂ ਤੇ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ, ਸਿਨੇਮਾ ਆਦਿ ਦਾ ਸਾਲਾਨਾ ਨਿਰੀਖਣ ਕਰਵਾਇਆ ਜਾਵੇਗਾ। ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਰਹਿੰਦੇ ਮਕਾਨ ਮਾਲਕਾਂ ਵੱਲੋਂ ਆਪਣੇ ਘਰਾਂ ’ਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ, ਉਨ੍ਹਾਂ ਦੀ ਸੂਚਨਾ ਸਬੰਧਿਤ ਥਾਣੇ ’ਚ ਨਹੀਂ ਦਿੱਤੀ ਜਾਂਦੀ, ਜਿਸ ਕਾਰਨ ਜ਼ਿਲ੍ਹੇ ’ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਾਲਕ ਮਕਾਨਾਂ ਤੋਂ ਮਕਾਨ ਕਿਰਾਏ ’ਤੇ ਲੈ ਕੇ ਅਜਿਹੀਆਂ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ, ਜਿਸ ਨਾਲ ਅਮਨ ਭੰਗ ਹੋਣ ਦੀ ਸੰਭਾਵਨਾ ਪੈਦਾ ਹੋ ਸਕਦੀ ਹੈ।

ਇਸ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਰਹਿੰਦੇ ਮਕਾਨ ਮਾਲਕਾਂ ਅਤੇ ਮਕਾਨ ਦੇ ਇੰਚਾਰਜਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਘਰਾਂ ’ਚ ਬਿਠਾਏ ਕਿਰਾਏਦਾਰਾਂ ਦੇ ਨਾਮ ਅਤੇ ਪਤੇ ਆਪਣੇ ਇਲਾਕੇ ਦੇ ਥਾਣੇ/ਪੁਲਸ ਚੌਂਕੀ ’ਚ ਤੁਰੰਤ ਦਰਜ ਕਰਾਉਣ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਕਾਰਖਾਨੇਦਾਰ, ਵਪਾਰੀ ਜਾਂ ਕਿਸਾਨ ਜਿਹੜੇ ਆਪਣੇ ਕਾਰੋਬਾਰ ਨੂੰ ਚਲਾਉਣ ਲਈ ਪ੍ਰਵਾਸੀ ਮਜ਼ਦੂਰਾਂ ਨੂੰ ਰੁਜ਼ਗਾਰ ਦਿੰਦੇ ਹਨ ਜਾਂ ਆਪਣੇ ਘਰੇਲੂ ਕੰਮਾਂ ’ਚ ਨੌਕਰੀ ਦਿੰਦੇ ਹਨ, ਓਨੀ ਦੇਰ ਇਨ੍ਹਾਂ ਮਜ਼ਦੂਰਾਂ ਨੂੰ ਕੰਮ ’ਤੇ ਨਹੀਂ ਰੱਖਣਗੇ, ਜਿੰਨੀ ਦੇਰ ਤੱਕ ਇਨ੍ਹਾਂ ਦੀ ਸੂਚਨਾ, ਨਾਮ, ਪਤਾ, ਠਿਕਾਣਾ ਨੇੜੇ ਦੇ ਪੁਲਸ ਥਾਣੇ ’ਚ ਨਹੀਂ ਦਿੰਦੇ। ਪਿੰਡ ਦੇ ਸਰਪੰਚ ਇਸ ਸਬੰਧੀ ਪਹਿਲਾਂ ਤੋਂ ਭੇਜੇ ਪ੍ਰੋਫਾਰਮੇ ’ਚ ਪ੍ਰਵਾਸੀ ਮਜ਼ਦੂਰਾਂ ਬਾਰੇ ਸੂਚਨਾ ਇਕੱਤਰ ਕਰ ਕੇ ਸਮੇਤ ਫੋਟੋਗ੍ਰਾਫਰ ਸਬੰਧਿਤ ਪੁਲਸ ਸਟੇਸ਼ਨਾਂ ’ਚ ਦੇਣਗੇ ਅਤੇ ਉਹ ਇਹ ਵੀ ਯਕੀਨੀ ਬਣਾਉਣਗੇ ਕਿ ਪ੍ਰਵਾਸੀ ਮਜ਼ਦੂਰਾਂ ਦੇ ਘਰ ਦੇ ਪਤੇ ਤੇ ਉਨ੍ਹਾਂ ਦੀ ਤਨਖ਼ਾਹ ਵਿਚੋਂ ਕੁੱਝ ਰਕਮ ਮਨੀਆਰਡਰ ਰਾਹੀਂ ਭੇਜੀ ਜਾਵੇ, ਤਾਂ ਜੋ ਉਨ੍ਹਾਂ ਦੇ ਘਰ ਦੇ ਪਤੇ ਬਾਰੇ ਤਸੱਲੀ ਹੋ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8 


Babita

Content Editor

Related News