ਪਾਬੰਦੀ ਦੇ ਬਾਵਜੂਦ ਲੋਕ ਮੂੰਹ ''ਤੇ ਕੱਪੜਾ ਬੰਨ੍ਹ ਕੇ ਉਡਾ ਰਹੇ ਨਿਯਮਾਂ ਦੀਆਂ ਧੱਜੀਆਂ

06/23/2017 2:52:41 PM


ਜਲਾਲਾਬਾਦ(ਬਜਾਜ)-ਅੱਜ ਜ਼ਿਲਾ ਫਾਜ਼ਿਲਕਾ ਦੇ ਜ਼ਿਲਾ ਮੈਜਿਸਟ੍ਰੇਟ ਈਸ਼ਾ ਕਾਲੀਆ ਵੱਲੋਂ ਲਾਈ ਗਈ ਪਾਬੰਦੀ ਦੇ ਬਾਵਜੂਦ ਵੀ ਅੱਜ ਇਲਾਕੇ ਦੀਆਂ ਸੜਕਾਂ 'ਤੇ ਸ਼ਰੇਆਮ ਲੋਕ ਆਪਣੇ ਮੂੰਹ 'ਤੇ ਕੱਪੜਾ ਬੰਨ੍ਹ ਕੇ ਮੋਟਰਸਾਈਕਲ ਤੇ ਹੋਰਨਾਂ ਵਹੀਕਲਾਂ ਨੂੰ ਚਲਾਉਂਦਿਆਂ ਵੱਖਿਆ ਜਾ ਸਕਦਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਜਸਵੰਤ ਸਿੰਘ, ਬਲਵੰਤ ਸਿੰਘ, ਮੋਹਨ ਸਿੰਘ, ਸੰਪੂਰਨ ਸਿੰਘ, ਲਹੋਰਾ ਸਿੰਘ ਨੇ ਦੱਸਿਆ ਕਿ ਜ਼ਿਲਾ ਮੈਜਿਸਟ੍ਰੇਟ ਵੱਲੋਂ ਮੂੰਹ 'ਤੇ ਕੱਪੜਾ ਬੰਨ੍ਹ ਕੇ ਲਾਈ ਗਈ ਪਾਬੰਦੀ ਦੇ ਬਾਵਜੂਦ ਵੀ ਅੱਜ ਲੋਕ ਸ਼ਰੇਆਮ ਇਸਦੀ ਉਲੰਘਣਾ ਕਰ ਰਹੇ ਹਨ, ਜਿਸਦੀ ਆੜ 'ਚ ਸਮਾਜ ਵਿਰੋਧੀ ਅਨਸਰ ਵਾਰਦਾਤ ਕਰ ਦਿੰਦੇ ਹਨ। ਉਨ੍ਹਾਂ ਪੁਲਸ ਵਿਭਾਗ ਤੋਂ ਮੰਗ ਕੀਤੀ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। 

ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕੀਤੀ ਜਾਵੇਗੀ ਕਾਰਵਾਈ : ਡੀ. ਐੱਸ. ਪੀ.
ਡੀ. ਐੱਸ. ਪੀ. ਅਸ਼ੋਕ ਸ਼ਰਮਾ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਜੋ ਹੁਕਮ ਜਾਰੀ ਕੀਤੇ ਜਾਂਦੇ ਹਨ। ਉਹ ਨਾਗਰਿਕਾਂ ਦੀ ਸੁਰੱਖਿਆ ਨੂੰ ਮੁੱਖ ਰੱਖ ਕੇ ਕੀਤੇ ਜਾਂਦੇ ਹਨ ਤੇ ਸਮਾਜ ਦੇ ਜ਼ਿੰਮੇਵਾਰ ਨਾਗਰਿਕ ਹੋਣ ਨਾਤੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਉਹ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਕੇ ਪੁਲਸ ਨਾਲ ਸਹਿਯੋਗ ਕਰੇ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।