ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੇ ਕੱਟੇ ਚਲਾਨ
Thursday, Nov 07, 2024 - 04:14 PM (IST)
ਤਪਾ (ਸ਼ਾਮ, ਗਰਗ) : ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਰਨਾਲਾ ’ਚ ਪਰਾਲੀ ਪ੍ਰਬੰਧਨ ਸਬੰਧੀ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਉਪ ਮੰਡਲ ਮੈਜਿਸਟ੍ਰੇਟ ਤਪਾ ਰਿਸ਼ਭ ਬਾਂਸਲ ਵੱਲੋਂ ਸਬ ਡਵੀਜ਼ਨ ਤਪਾ ਦੇ ਪਿੰਡ ਭੋਤਨਾ ਵਿਖੇ ਜਿਨ੍ਹਾਂ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਈ ਗਈ ਸੀ, ਉਨ੍ਹਾਂ ਦਾ ਮੌਕਾ ਦੇਖਿਆ ਗਿਆ ਅਤੇ ਸਬੰਧਤ ਕਲੱਸਟਰ ਅਫਸਰ ਵੱਲੋਂ ਉਨ੍ਹਾਂ ਦੇ ਚਲਾਨ ਕੱਟੇ ਗਏ। ਮੌਕੇ ’ਤੇ ਹੀ ਰਕਮ ਵਸੂਲ ਕੀਤੀ ਗਈ।
ਇਸ ਮੌਕੇ ਟੀਮ ਵੱਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਕਿ ਅੱਗ ਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟ ਜਾਂਦੀ ਹੈ ਅਤੇ ਨਾਲ ਹੀ ਵਾਤਾਵਰਣ ’ਚ ਜ਼ਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ ਜੋ ਕਿ ਮਨੁੱਖੀ ਸਿਹਤ ਅਤੇ ਹੋਰਨਾਂ ਜੀਵ-ਜੰਤੂਆਂ ’ਤੇ ਮਾੜਾ ਪ੍ਰਭਾਵ ਪਾਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਅੱਗ ਲਾਉਣ ਨਾਲ ਧਰਤੀ ਵਿਚਲੇ ਕਈ ਮਿੱਤਰ ਕੀੜੇ ਵੀ ਮਰ ਜਾਂਦੇ ਹਨ, ਜਿਹੜੇ ਕਿ ਧਰਤੀ ਦੀ ਉਪਜਾਊ ਸ਼ਕਤੀ ਵਧਾਉਣ ’ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਝੋਨੇ ਦੀ ਪਰਾਲੀ ਨੂੰ ਖੇਤ ’ਚ ਵਾਹੁਣ ਦੇ ਫਾਇਦਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਵਰਤ ਕੇ ਖੇਤ ਦੀ ਉਪਜਾਊ ਸ਼ਕਤੀ ਵਧਾਈ ਜਾ ਸਕਦੀ ਹੈ ਅਤੇ ਪਸ਼ੂ-ਪਾਲਣ ’ਚ ਵੀ ਵੱਖ-ਵੱਖ ਤਰੀਕਿਆਂ ਨਾਲ ਵਰਤਿਆ ਜਾ ਸਕਦਾ ਹੈ, ਜਿਸ ਨਾਲ ਪਸ਼ੂ ਪਾਲਕਾਂ ਦੀ ਆਰਥਿਕਤਾ ਨੂੰ ਹੁਲਾਰਾ ਮਿਲ ਸਕਦਾ ਹੈ।