ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਨਹੀਂ ਲੜ ਸਕਣਗੋ ਚੋਣਾਂ
Thursday, Oct 25, 2018 - 04:38 PM (IST)
ਤਰਨਤਾਰਨ (ਵਿਜੇ) : ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਪ੍ਰਤੀ ਉਤਸ਼ਾਹਿਤ ਕਰਨ ਵਾਲੇ ਅਤੇ ਖੇਤਾਂ 'ਚ ਪਰਾਲੀ ਨੂੰ ਸਾੜ੍ਹਨ ਵਾਲੇ ਕਿਸਾਨਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਸਬੰਧੀ ਵੱਖ-ਵੱਖ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਐੱਸ. ਪੀ. (ਡੀ) ਤਿਲਕ ਰਾਜ, ਐੱਸ. ਡੀ. ਐੱਮ. ਤਰਨਤਾਰਨ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਪੱਟੀ ਅਨੂਪ੍ਰੀਤ ਕੌਰ, ਸਹਾਇਕ ਕਮਿਸ਼ਨਰ ਜਨਰਲ ਮਨਦੀਪ ਕੌਰ, ਮੁੱਖ ਖੇਤੀਬਾੜੀ ਅਫ਼ਸਰ ਹਰਿੰਦਰਜੀਤ ਸਿੰਘ, ਡਿਪਟੀ ਰਜਿਸਟਰਾਰ ਪਲਵਿੰਦਰ ਸਿੰਘ ਬੱਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਾਉਣਗੇ, ਉਨ੍ਹਾਂ ਨੂੰ ਤੁਰੰਤ ਜ਼ੁਰਮਾਨਾ ਕੀਤਾ ਜਾਵੇਗਾ ਅਤੇ ਜ਼ਮੀਨ ਦੀ ਫਰਦ 'ਚ ਲਾਲ ਇੰਟਰੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਭਵਿੱਖ 'ਚਕਿਸੇ ਵੀ ਤਰ੍ਹਾਂ ਦੀ ਚੋਣ ਨਹੀਂ ਲੜ ਸਕਣਗੇ ।
