ਪਰਾਲੀ ਸਾੜਨ ਦੇ ਦੋਸ਼ ’ਚ ਵਿਅਕਤੀਆਂ ਖ਼ਿਲਾਫ਼ 10 ਮੁਕੱਦਮੇ ਦਰਜ
Sunday, Oct 27, 2024 - 12:57 PM (IST)
ਫਿਰੋਜ਼ਪੁਰ/ਗੁਰੂਹਰਸਹਾਏ (ਕੁਮਾਰ, ਪਰਮਜੀਤ, ਖੁੱਲਰ, ਸੁਨੀਲ ਵਿੱਕੀ, ਮਨਜੀਤ) : ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ’ਤੇ ਪਾਬੰਦੀ ਦੇ ਬਾਵਜੂਦ ਖੇਤਾਂ ’ਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨੂੰ ਲੈ ਕੇ ਥਾਣਾ ਸਦਰ ਫਿਰੋਜ਼ਪੁਰ, ਥਾਣਾ ਮਮਦੋਟ, ਥਾਣਾ ਮੱਖੂ ਅਤੇ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 10 ਮੁਕੱਦਮੇ ਦਰਜ ਕੀਤੇ ਹਨ ਅਤੇ ਪੁਲਸ ਵੱਲੋਂ ਅੱਗ ਲਾਉਣ ਵਾਲਿਆਂ ਦਾ ਪਤਾ ਲਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲੱਗਣ ਕਾਰਨ ਆਮ ਲੋਕਾਂ ਦਾ ਸਾਹ ਲੈਣਾ ਔਖਾ ਹੋ ਜਾਂਦਾ ਹੈ ਅਤੇ ਹਵਾ ’ਚ ਪ੍ਰਦੂਸ਼ਣ ਵਧਦਾ ਹੈ ਅਤੇ ਵੱਖ-ਵੱਖ ਬੀਮਾਰੀਆਂ ਤੋਂ ਪੀੜਤ ਲੋਕਾਂ ਦੀ ਜਾਨ ਨੂੰ ਵੀ ਖ਼ਤਰਾ ਬਣਿਆ ਰਹਿੰਦਾ ਹੈ, ਜਿਸ ਨੂੰ ਦੇਖਦੇ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਵੱਲੋਂ ਪਰਾਲੀ ਸਾੜਨ ’ਤੇ ਪਾਬੰਦੀ ਲਾਈ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਸ ਨੇ ਸ਼ਿਕੰਜਾ ਕੱਸਿਆ ਹੈ।
ਉਨ੍ਹਾਂ ਦੱਸਿਆ ਕਿ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਫਿਰੋਜ਼ਪੁਰ ਦੇ ਪਿੰਡ ਆਲੇ ਵਾਲਾ ਦੇ ਖੇਤਾਂ ’ਚ ਪਰਾਲੀ ਸਾੜਨ ਦੇ ਦੋਸ਼ ’ਚ ਅਤੇ ਥਾਣਾ ਮਮਦੋਟ ਦੀ ਪੁਲਸ ਨੇ ਪਿੰਡ ਫੱਤੇ ਵਾਲਾ, ਗੱਟੀ ਮਹਿਮੂਦ ਕੇ, ਪਿੰਡ ਮਮਦੋਟ ਉਤਾੜ ਅਤੇ ਪਿੰਡ ਝੋਕ ਨੋਧ ਸਿੰਘ ਵਾਲਾ ਦੇ ਖੇਤਾਂ ’ਚ ਪਰਾਲੀ ਸਾੜਨ ਦੇ ਦੋਸ਼ ’ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਪਿੰਡ ਚੱਕ ਸ਼ਿਕਾਰਗਾਹ, ਪਿੰਡ ਥੇਹ ਗੁੱਜਰ, ਪਿੰਡ ਗੱਟੀ ਮੱਤੜ ਦੇ ਖੇਤਾਂ ’ਚ ਪਰਾਲੀ ਸਾੜਨ ਦੇ ਦੋਸ਼ ਹੇਠ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 3 ਮਾਮਲੇ ਦਰਜ ਕੀਤੇ ਹਨ।