ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਮਾਮਲੇ ਦਰਜ, ਪ੍ਰਸ਼ਾਸਨ ਨੇ ਕਿਸਾਨਾਂ ਨੂੰ ਦਿੱਤੀ ਸਖ਼ਤ ਚਿਤਾਵਨੀ

Thursday, Nov 05, 2026 - 02:17 PM (IST)

ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਮਾਮਲੇ ਦਰਜ, ਪ੍ਰਸ਼ਾਸਨ ਨੇ ਕਿਸਾਨਾਂ ਨੂੰ ਦਿੱਤੀ ਸਖ਼ਤ ਚਿਤਾਵਨੀ

ਫਿਰੋਜ਼ਪੁਰ (ਖੁੱਲਰ) : ਪੰਜਾਬ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਥਾਣਾ ਮਮਦੋਟ, ਥਾਣਾ ਮੱਲਾਂਵਾਲਾ ਵਿਖੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸੈਟੇਲਾਈਟ ਰਾਹੀਂ ਪ੍ਰਾਪਤ ਹੋਏ ਡਾਟੇ ਦੇ ਆਧਾਰ ’ਤੇ ਮਮਦੋਟ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ 'ਚ ਪਿੰਡ ਰਹੀਮੇ ਕੇ ਅਤੇ ਪਿੰਡ ਗੱਟੀ ਮਹਿਮੂਦ ਵਿਖੇ ਅਣਪਛਾਤੇ ਕਿਸਾਨਾਂ ਵੱਲੋਂ ਖੇਤਾਂ 'ਚ ਪਰਾਲੀ ਨੂੰ ਅੱਗ ਲਗਾਉਣ ਦਾ ਖ਼ੁਲਾਸਾ ਹੋਇਆ ਹੈ।

ਇਨ੍ਹਾਂ ਮਾਮਲਿਆਂ ਦੀ ਤਫ਼ਤੀਸ਼ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਥਾਣਾ ਮੱਲਾਂਵਾਲਾ ਅਧੀਨ ਵੀ ਖੇਤੀਬਾੜੀ ਵਿਭਾਗ ਦੇ ਬਿਕਰਮਜੀਤ ਸਿੰਘ ਕਲੱਸਟਰ ਅਫਸਰ ਵੱਲੋਂ ਭੇਜੇ ਗਏ ਚਲਾਨ ਦੇ ਆਧਾਰ ’ਤੇ ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਵਿਚ ਪਿੰਡ ਫਤਿਹਗੜ੍ਹ ਸਭਰਾ ਦੇ 5 ਕਿਸਾਨਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ 'ਚ ਗੁਰਵਿੰਦਰ ਸਿੰਘ ਪੁੱਤਰ ਜਰਮਲ ਸਿੰਘ, ਸਤਨਾਮ ਸਿੰਘ ਪੁੱਤਰ ਸੁਰਜਨ ਸਿੰਘ, ਸੁਖਬੀਰ ਸਿੰਘ ਪੁੱਤਰ ਗੁਰਮੁੱਖ ਸਿੰਘ, ਜਗਜੀਤ ਸਿੰਘ ਪੁੱਤਰ ਗੁਰਮੁੱਖ ਸਿੰਘ ਅਤੇ ਜਗਦੇਵ ਸਿੰਘ ਪੁੱਤਰ ਜਰਮਲ ਸਿੰਘ ਸ਼ਾਮਲ ਹਨ। ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਉਣ ਵਾਲੇ ਦਿਨਾਂ ਵਿਚ ਵੀ ਕਾਨੂੰਨੀ ਕਾਰਵਾਈ ਜਾਰੀ ਰੱਖੀ ਜਾਵੇਗੀ।
 


author

Babita

Content Editor

Related News