ਪਰਾਲੀ ਸਾੜਨ ਦੇ ਦੋਸ਼ ਹੇਠ ਵੱਖ-ਵੱਖ ਥਾਣਿਆਂ ’ਚ ਮੁਕੱਦਮੇ ਦਰਜ

Monday, Nov 16, 2026 - 04:59 PM (IST)

ਪਰਾਲੀ ਸਾੜਨ ਦੇ ਦੋਸ਼ ਹੇਠ ਵੱਖ-ਵੱਖ ਥਾਣਿਆਂ ’ਚ ਮੁਕੱਦਮੇ ਦਰਜ

ਜਲਾਲਾਬਾਦ (ਬਜਾਜ, ਬੰਟੀ) : ਫਾਜ਼ਿਲਕਾ ਜ਼ਿਲ੍ਹੇ 'ਚ ਵਾਤਾਵਰਣ ਦੀ ਸੰਭਾਲ ਅਤੇ ਪ੍ਰਸ਼ਾਸਨਿਕ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਸ ਵੱਲੋਂ ਪਰਾਲੀ ਸਾੜਨ ਵਾਲੇ ਵਿਅਕਤੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਦੋ ਵੱਖ-ਵੱਖ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ’ਚ ਪੁਲਸ ਨੇ ਸਬੰਧਿਤ ਮੁਲਜ਼ਮਾਂ ਖ਼ਿਲਾਫ਼ ਮੁਕੱਦਮੇ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਜਲਾਲਾਬਾਦ ਵਿਖੇ ਮੁਕੱਦਮਾ 15 ਨਵੰਬਰ ਨੂੰ ਦਰਜ ਕੀਤਾ ਗਿਆ ਹੈ। ਪ੍ਰਾਪਤ ਵੇਰਵਿਆਂ ਮੁਤਾਬਿਕ ਲੈਵਲ ਮੋਨਿਟਰਿੰਗ ਕਮੇਟੀ ਤਹਿਸੀਲ ਜਲਾਲਾਬਾਦ ਵੱਲੋਂ ਪ੍ਰਾਪਤ ਪੱਤਰ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ ਹੈ। 11 ਨਵੰਬਰ ਨੂੰ ਦੁਪਹਿਰ 12 ਵਜੇ ਪਿੰਡ ਚੱਕ ਪੰਨੀ ਵਾਲਾ ਵਿਖੇ ਯੁਵਰਾਜ ਸਿੰਘ ਪੁੱਤਰ ਯੁਗੇਸ਼ ਕੁਮਾਰ ਦੇ ਖੇਤਾਂ ’ਚ ਪਰਾਲੀ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ।

ਪੀ. ਐੱਸ. ਪੀ. ਸੀ. ਐੱਲ. ਦੇ ਕਰਮਚਾਰੀ ਗੁਰਮੇਜ ਸਿੰਘ ਦੀ ਸੂਚਨਾ ’ਤੇ ਦਰਜ ਇਸ ਮਾਮਲੇ ਦੀ ਤਫਤੀਸ਼ ਸਹਾਇਕ ਥਾਣੇਦਾਰ ਸਤਨਾਮ ਦਾਸ ਵੱਲੋਂ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਚੱਕ ਲੱਖੇ ਵਾਲੀ ਵਿਖੇ 8 ਨਵੰਬਰ ਨੂੰ ਦੁਪਹਿਰ 12:50 ਵਜੇ ਪਰਾਲੀ ਸਾੜਨ ਦਾ ਮਾਮਲਾ ਸਾਹਮਣੇ ਆਇਆ। ਨੋਡਲ ਅਫ਼ਸਰ ਅਜੈ ਸਿੰਘ ਵੱਲੋਂ ਦਿੱਤੀ ਗਈ ਸੂਚਨਾ ਅਨੁਸਾਰ ਮੁਲਜ਼ਮ ਗੁਰਨਾਮ ਸਿੰਘ ਪੁੱਤਰ ਖੁਸ਼ਹਾਲ ਸਿੰਘ ਵਾਸੀ ਚੱਕ ਲੱਖੇ ਵਾਲੀ ਵੱਲੋਂ ਡੀ. ਸੀ. ਦੇ ਹੁਕਮਾਂ ਦੀ ਉਲੰਘਣਾ ਕਰ ਕੇ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਗਈ ਸੀ। ਇਸ ਸਬੰਧੀ ਮੁਕੱਦਮਾ 15 ਨਵੰਬਰ ਨੂੰ ਦਰਜ ਕੀਤਾ ਗਿਆ ਹੈ, ਜਿਸ ਦੀ ਪੜਤਾਲ ਥਾਣਾ ਵੈਰੋਕੇ ਦੇ ਏ. ਐੱਸ. ਆਈ. ਮੁਖਤਿਆਰ ਸਿੰਘ ਵੱਲੋਂ ਅਮਲ ’ਚ ਲਿਆਂਦੀ ਜਾ ਰਹੀ ਹੈ। ਪੁਲਸ ਪ੍ਰਸ਼ਾਸਨ ਨੇ ਇਲਾਕੇ ਦੇ ਸਮੂਹ ਕਿਸਾਨਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਅਤੇ ਪ੍ਰਸ਼ਾਸਨਿਕ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਜਾਵੇ।


author

Babita

Content Editor

Related News