ਪਰਾਲੀ ਸਾੜੀ ਤਾਂ 24 ਘੰਟੇ ’ਚ ਹੋਵੇਗੀ ਕਾਰਵਾਈ : ਜ਼ਿਲ੍ਹਾ ਮੈਜਿਸਟ੍ਰੇਟ

Thursday, Oct 17, 2024 - 02:34 PM (IST)

ਪਰਾਲੀ ਸਾੜੀ ਤਾਂ 24 ਘੰਟੇ ’ਚ ਹੋਵੇਗੀ ਕਾਰਵਾਈ : ਜ਼ਿਲ੍ਹਾ ਮੈਜਿਸਟ੍ਰੇਟ

ਫਾਜ਼ਿਲਕਾ/ਜਲਾਲਾਬਾਦ (ਨਾਗਪਾਲ, ਲੀਲਾਧਰ, ਬਜਾਜ) : ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦਾ ਪ੍ਰਬੰਧਨ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਕਰਨ। ਉਨ੍ਹਾਂ ਕਿਹਾ ਕਿ ਪੂਰੀ ਲੋਕਾਈ ਲਈ ਅਨਾਜ ਪੈਦਾ ਕਰ ਕੇ ਪੁੰਨ ਦਾ ਕੰਮ ਕਰਨ ਵਾਲਾ ਸਾਡਾ ਕਿਸਾਨ ਪਰਾਲੀ ਨੂੰ ਅੱਗ ਲਗਾ ਕੇ ਕੁਦਰਤ ਦਾ ਦੋਖੀ ਨਹੀਂ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਸਾਡੀ ਜ਼ਮੀਨ ਦੇ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਪ੍ਰਦੂਸ਼ਣ ਵੀ ਹੁੰਦਾ ਹੈ। ਇਸ ਲਈ ਪਰਾਲੀ ਨੂੰ ਸਾੜਨ ਦਾ ਸਭ ਤੋਂ ਵੱਧ ਨੁਕਸਾਨ ਸਾਡੇ ਕਿਸਾਨਾਂ ਨੂੰ ਹੀ ਹੁੰਦਾ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਪਰਾਲੀ ਸਾੜੇਗਾ ਤਾਂ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬੀਊਨਲ ਦੀਆਂ ਹਦਾਇਤਾਂ ਅਨੁਸਾਰ 24 ਘੰਟੇ ’ਚ ਕਾਰਵਾਈ ਕੀਤੀ ਜਾਵੇਗੀ। ਟੀਮ ਤੋਂ ਰਿਪੋਰਟ ਲੈ ਕੇ ਸਬੰਧਿਤ ਦਾ ਚਲਾਨ ਵੀ ਕੀਤਾ ਜਾਵੇਗਾ ਅਤੇ ਜੁਰਮਾਨਾ ਲਗਾਇਆ ਜਾਵੇਗਾ। ਇਸ ਤੋਂ ਬਿਨਾਂ ਜ਼ਮੀਨ ਦੇ ਰਿਕਾਰਡ ’ਚ ਰੈੱਡ ਐਂਟਰੀ ਕਰ ਦਿੱਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਵਾਲਿਆਂ ਦਾ ਅਸਲਾ ਲਾਇਸੈਂਸ ਵੀ ਰੱਦ ਕਰ ਸਕਦਾ ਹੈ।

ਇਸ ਲਈ ਕਿਸਾਨ ਭਰਾ ਪਰਾਲੀ ਨੂੰ ਸਾੜਨ ਦੀ ਪ੍ਰਥਾ ਬੰਦ ਕਰਨ ’ਚ ਪ੍ਰਸ਼ਾਸਨ ਦਾ ਸਹਿਯੋਗ ਕਰਨ। ਪ੍ਰਸ਼ਾਸਨ ਵੱਲੋਂ ਪਿੰਡਾਂ ’ਚ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ ਅਤੇ ਖੇਤੀਬਾੜੀ ਵਿਭਾਗ ਨੂੰ ਵੀ ਸਰਗਰਮ ਕੀਤਾ ਗਿਆ ਹੈ। ਕਿਸਾਨ ਪਰਾਲੀ ਪ੍ਰਬੰਧਨ ਲਈ ਉਨੱਤ ਕਿਸਾਨ ਐਪ ਰਾਹੀਂ ਵੀ ਉਪਲਬੱਧ ਮਸ਼ੀਨਾਂ ਦੀ ਜਾਣਕਾਰੀ ਹਾਸਲ ਕਰ ਸਕਦੇ ਹਨ। ਇਸੇ ਤਰ੍ਹਾਂ ਪਿੰਡਾਂ ’ਚ ਉਪਲੱਬਧ ਮਸ਼ੀਨਾਂ ਦੀਆਂ ਸੂਚੀਆਂ ਸਾਂਝੀਆਂ ਥਾਂਵਾਂ ’ਤੇ ਲਾਈਆਂ ਗਈਆਂ ਹਨ, ਤਾਂ ਜੋ ਕਿਸਾਨਾਂ ਨੂੰ ਮਸੀਨਾਂ ਲੈਣ ’ਚ ਕੋਈ ਦਿੱਕਤ ਨਾ ਆਵੇ।


 


author

Babita

Content Editor

Related News