ਫਿਰੋਜ਼ਪੁਰ ''ਚ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ’ਚ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲੇ ਦਰਜ
Friday, Oct 18, 2024 - 12:14 PM (IST)
ਫਿਰੋਜ਼ਪੁਰ/ਗੁਰੂਹਰਸਹਾਏ (ਕੁਮਾਰ, ਸੁਨੀਲ ਵਿੱਕੀ) : ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਵੱਲੋਂ ਜ਼ਿਲ੍ਹੇ ਭਰ 'ਚ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾਈ ਗਈ ਹੈ, ਇਸ ਦੇ ਬਾਵਜੂਦ ਕਈ ਥਾਵਾਂ ’ਤੇ ਕਿਸਾਨਾਂ ਵੱਲੋਂ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਗਈ ਹੈ, ਜਿਸ ਨੂੰ ਲੈ ਕੇ ਥਾਣਾ ਸਦਰ ਫਿਰੋਜ਼ਪੁਰ, ਥਾਣਾ ਲੱਖੋ ਕੇ, ਗੁਰੂਹਰਸਹਾਏ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ਼ ਚਾਰ ਕੇਸ ਦਰਜ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਕੁਲਵੰਤ ਸਿੰਘ, ਏ. ਐੱਸ. ਆਈ. ਜਗਤਾਰ ਸਿੰਘ, ਇੰਸਪੈਕਟਰ ਗੁਰਵਿੰਦਰ ਕੁਮਾਰ ਅਤੇ ਏ. ਐੱਸ. ਆਈ. ਰਾਜਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਜਲਾਲ ਵਾਲਾ, ਪਿੰਡ ਹਬੀਬ ਵਾਲਾ, ਪਿੰਡ ਮਾਦੀ ਕੇ ਅਤੇ ਪਿੰਡ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਦੇ ਖੇਤਾਂ ਵਿਚ ਅਣਪਛਾਤੇ ਵਿਅਕਤੀਆਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਸ ਵੱਲੋਂ ਤੁਰੰਤ ਕਾਨੂੰਨੀ ਕਾਰਵਾਈ ਕਰਦੇ ਹੋਏ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ ਤੇ ਉਨ੍ਹਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।