ਜ਼ਿਲ੍ਹਾ ਫਿਰੋਜ਼ਪੁਰ ’ਚ ਪਰਾਲੀ ਸਾੜਨ ਦੇ 200 ਤੋਂ ਵੱਧ ਕੇਸ ਦਰਜ

Wednesday, Oct 30, 2024 - 11:09 AM (IST)

ਜ਼ਿਲ੍ਹਾ ਫਿਰੋਜ਼ਪੁਰ ’ਚ ਪਰਾਲੀ ਸਾੜਨ ਦੇ 200 ਤੋਂ ਵੱਧ ਕੇਸ ਦਰਜ

ਫਿਰੋਜ਼ਪੁਰ (ਕੁਮਾਰ) : ਐੱਸ. ਐੱਸ. ਪੀ. ਫਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਮਸ਼ੀਨਾਂ ਦੀ ਵਰਤੋਂ ਕਰ ਕੇ ਪਰਾਲੀ ਦਾ ਨਿਪਟਾਰਾ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਇਸ ਜ਼ਹਿਰੀਲੇ ਧੂੰਏ ਨਾਲ ਸਾਡੇ ਬੱਚਿਆਂ ਅਤੇ ਪਰਿਵਾਰਾਂ ਦੀ ਸਿਹਤ ’ਤੇ ਬਹੁਤ ਮਾੜਾ ਪ੍ਰਭਾਵ ਪੈ ਰਿਹਾ ਹੈ ਅਤੇ ਖ਼ਾਸ ਕਰ ਕੇ ਬੀਮਾਰ ਲੋਕ ਇਸ ਪ੍ਰਦੂਸ਼ਿਤ ਹਵਾ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਹਵਾ ਨੂੰ ਸ਼ੁੱਧ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਹੈ। ਐੱਸ. ਐੱਸ. ਪੀ. ਫਿਰੋਜ਼ਪੁਰ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ’ਚ ਪਰਾਲੀ ਸਾੜਨ ਸਬੰਧੀ ਵੱਖ-ਵੱਖ ਥਾਣਿਆਂ ’ਚ 200 ਤੋਂ ਵੱਧ ਕੇਸ ਦਰਜ ਕੀਤੇ ਗਏ ਹਨ ਅਤੇ ਪੁਲਸ ਵੱਲੋਂ ਜ਼ਿਲ੍ਹੇ ਭਰ ’ਚ ਗਸ਼ਤ ਕੀਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਪੁਲਸ ਅਧਿਕਾਰੀ ਅਤੇ ਥਾਣਾ ਇੰਚਾਰਜ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰ ਰਹੇ ਹਨ ਅਤੇ ਜਿੱਥੇ ਵੀ ਪੁਲਸ ਨੂੰ ਖੇਤਾਂ ’ਚ ਪਰਾਲੀ ਸਾੜਨ ਦੀ ਸੂਚਨਾ ਮਿਲਦੀ ਹੈ ਤਾਂ ਸਬੰਧਿਤ ਥਾਣੇ ਦੇ ਐੱਸ. ਐੱਚ. ਓ. ਅਤੇ ਉਨ੍ਹਾਂ ਦਾ ਸਟਾਫ਼ ਅੱਗ ਬੁਝਾਉਣ ਲਈ ਪਹੁੰਚਦੇ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਅੱਗ ਬੁਝਾਈ ਜਾਂਦੀ ਹੈ।
 


author

Babita

Content Editor

Related News