ਪਰਾਲੀ ਸਾੜਨ ਕਾਰਨ ਧੂੰਏਂ ਦੀ ਲਪੇਟ ’ਚ ਆਇਆ ਇਲਾਕਾ, ਲੋਕਾਂ ਦਾ ਸਾਹ ਲੈਣਾ ਹੋਇਆ ਮੁਸ਼ਕਲ

Tuesday, Nov 03, 2026 - 06:35 PM (IST)

ਪਰਾਲੀ ਸਾੜਨ ਕਾਰਨ ਧੂੰਏਂ ਦੀ ਲਪੇਟ ’ਚ ਆਇਆ ਇਲਾਕਾ, ਲੋਕਾਂ ਦਾ ਸਾਹ ਲੈਣਾ ਹੋਇਆ ਮੁਸ਼ਕਲ

ਤਪਾ ਮੰਡੀ (ਸ਼ਾਮ ਗਰਗ): ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਕਾਰਨ ਇਲਾਕੇ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ। ਬੀਤੀ ਰਾਤ ਵੀ ਇਲਾਕੇ ਦੇ ਵੱਖ-ਵੱਖ ਸਥਾਨਾਂ ’ਤੇ ਪਰਾਲੀ ਨੂੰ ਅੱਗ ਲਗਾਉਣ ਕਾਰਨ ਆਸਮਾਨ ਧੂੰਏਂ ਨਾਲ ਭਰਿਆ ਨਜ਼ਰ ਆਇਆ। ਸ਼ਾਮ ਹੁੰਦਿਆਂ ਹੀ ਹਵਾ ਵਿੱਚ ਧੂੰਆਂ ਘੁਲਣ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਰਾਲੀ ਸਾੜਨ ਕਾਰਨ ਪੈਦਾ ਹੋਣ ਵਾਲਾ ਧੂੰਆਂ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣਦਾ ਜਾ ਰਿਹਾ ਹੈ। ਇਸ ਨਾਲ ਅੱਖਾਂ ਵਿੱਚ ਜਲਣ, ਖੰਘ, ਸਾਹ ਲੈਣ ਵਿੱਚ ਤਕਲੀਫ਼ ਅਤੇ ਸਾਹ ਦੀਆਂ ਹੋਰ ਬਿਮਾਰੀਆਂ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਖ਼ਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਪਹਿਲਾਂ ਤੋਂ ਸਾਹ ਦੀਆਂ ਬਿਮਾਰੀਆਂ ਨਾਲ ਪੀੜਤ ਲੋਕਾਂ ਨੂੰ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਬਾਵਜੂਦ ਕਈ ਥਾਵਾਂ ’ਤੇ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ, ਜਿਸ ਕਾਰਨ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ।

ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਾਤਾਵਰਨ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ, ਤਾਂ ਜੋ ਸਾਫ਼-ਸੁਥਰੀ ਹਵਾ ਵਿੱਚ ਸਾਹ ਲਿਆ ਜਾ ਸਕੇ।
 


author

Anmol Tagra

Content Editor

Related News