ਗਲਤ ਸਬੰਧ ਬਣਾਉਣ ਤੋਂ ਇਨਕਾਰ ਕਰਨ ’ਤੇ ਅਧਿਆਪਕ ਨੇ ਕੀਤੀ ਵਿਦਿਆਰਥੀ ਦੀ ਕੁੱਟਮਾਰ
Sunday, Aug 25, 2024 - 02:15 PM (IST)
ਧੂਰੀ (ਜੈਨ) : ਸ਼ਹਿਰ ਦੇ ਇਕ ਪੁਰਾਣੇ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਦੇ ਇਕ ਵਿਦਿਆਰਥੀ ਵੱਲੋਂ ਆਪਣੇ ਅਧਿਆਪਕ ਦੇ ਕਹੇ ਮੁਤਾਬਕ ਉਸ ਨਾਲ ਗਲਤ ਸਬੰਧ ਬਣਾਉਣ ਤੋਂ ਇਨਕਾਰ ਕਰਨ ’ਤੇ ਉਕਤ ਅਧਿਆਪਕ ਵੱਲੋਂ ਉਸ ਵਿਦਿਆਰਥੀ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਪਿਆਂ ਵੱਲੋਂ ਪੀੜਤ ਬੱਚੇ ਨੂੰ ਇਲਾਜ ਵਾਸਤੇ ਸਥਾਨਕ ਸਿਵਲ ਹਸਪਤਾਲ ਵਿਖੇ ਲੈ ਜਾਇਆ ਗਿਆ ਸੀ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਸੰਗਰੂਰ ਰੈਫ਼ਰ ਕੀਤਾ ਗਿਆ ਹੈ।
ਸਿਵਲ ਹਸਪਤਾਲ ਸੰਗਰੂਰ ਵਿਖੇ ਜ਼ੇਰੇ ਇਲਾਜ ਉਕਤ ਬੱਚੇ ਦੀ ਮਾਤਾ ਨੇ ਦੱਸਿਆ ਕਿ ਉਸਦੇ ਸਕੂਲ ਦਾ ਇਕ ਅਧਿਆਪਕ ਉਸ ਦੇ ਪੁੱਤਰ ਨੂੰ ਇਕ ਵੱਖਰੇ ਕਮਰੇ ’ਚ ਲਿਜਾ ਕੇ ਉਸ ਨਾਲ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਉਸ ਵੱਲੋਂ ਵਿਰੋਧ ਕੀਤੇ ਜਾਣ ’ਤੇ ਉਕਤ ਅਧਿਆਪਕ ਵੱਲੋਂ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਪੀੜਤ ਬੱਚੇ ਦੀ ਮਾਂ ਨੇ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਬੱਚੇ ਨਾਲ ਅਜਿਹੀ ਹਰਕਤ ਕਰਨ ਵਾਲੇ ਅਧਿਆਪਕ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ’ਚ ਕਿਸੇ ਹੋਰ ਦੇ ਬੱਚੇ ਨਾਲ ਅਜਿਹੀ ਘਟਨਾ ਨਾ ਵਾਪਰੇ। ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਨਵਿੰਦਰ ਸਿੰਘ ਪੰਧੇਰ ਨਾਲ ਗੱਲ ਕਰਨ ’ਤੇ ਉਨ੍ਹਾਂ ਕਿਹਾ ਕਿ ਅਜਿਹਾ ਕੋਈ ਮਾਮਲਾ ਮੇਰੇ ਧਿਆਨ ’ਚ ਨਹੀਂ ਹੈ ਅਤੇ ਜੇਕਰ ਅਜਿਹਾ ਹੋਇਆ ਹੈ, ਤਾਂ ਉਕਤ ਅਧਿਆਪਕ ਦੇ ਖ਼ਿਲਾਫ਼ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਬੱਚੇ ਦੇ ਬਿਆਨਾਂ ਤੋਂ ਬਾਅਦ ਹੀ ਕੋਈ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ : ਐੱਸ. ਐੱਚ. ਓ.
ਇਸ ਘਟਨਾ ਬਾਰੇ ਥਾਣਾ ਸਿਟੀ ਧੂਰੀ ਦੇ ਐੱਸ. ਐੱਚ. ਓ. ਸੌਰਭ ਸੱਭਰਵਾਲ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਬੱਚੇ ਦੇ ਬਿਆਨਾਂ ਤੋਂ ਬਾਅਦ ਹੀ ਕੋਈ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।