ਸਲਾਰੀਆ ਦੇ ਕਾਲਜ ਦੇ ਵਿਦਿਆਰਥੀ ਮੁੱਖ ਮੰਤਰੀ ਅਮਰਿੰਦਰ ਨੂੰ ਮਿਲੇ, ਜਤਾਇਆ ਧੰਨਵਾਦ

Saturday, Nov 04, 2017 - 07:24 AM (IST)

ਸਲਾਰੀਆ ਦੇ ਕਾਲਜ ਦੇ ਵਿਦਿਆਰਥੀ ਮੁੱਖ ਮੰਤਰੀ ਅਮਰਿੰਦਰ ਨੂੰ ਮਿਲੇ, ਜਤਾਇਆ ਧੰਨਵਾਦ

ਜਲੰਧਰ  (ਧਵਨ) — ਗੁਰਦਾਸਪੁਰ ਲੋਕ ਸਭਾ ਸੀਟ ਦੀ ਉਪ ਚੋਣ ਵਿਚ ਹਾਰੇ ਭਾਜਪਾ ਉਮੀਦਵਾਰ ਸਵਰਨ ਸਲਾਰੀਆ ਦੇ ਚਿੰਤਪੁਰਨੀ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ, ਜਿਸ ਵਿਚ ਉਨ੍ਹਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਜਤਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਹੋਰ ਮੈਡੀਕਲ ਕਾਲਜਾਂ ਵਿਚ ਟਰਾਂਸਫਰ ਕਰ ਦਿੱਤਾ ਹੈ। ਗੁਰਦਾਸਪੁਰ ਉਪ ਚੋਣ ਦੌਰਾਨ ਚਿੰਤਪੁਰਨੀ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੇ ਪਠਾਨਕੋਟ ਵਿਚ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਸੀ। ਉਸ ਸਮੇਂ ਇਨ੍ਹਾਂ ਵਿਦਿਆਰਥੀਆਂ ਦੇ ਨਾਲ ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ। ਜਾਖੜ ਨੇ ਵੀ ਮੁੱਖ ਮੰਤਰੀ ਨੂੰ ਕਿਹਾ ਸੀ ਕਿ ਇਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਵੇਖਦਿਆਂ  ਇਨ੍ਹਾਂ ਨੂੰ ਹੋਰ ਕਾਲਜਾਂ ਵਿਚ ਟਰਾਂਸਫਰ ਕਰ ਦਿੱਤਾ ਜਾਵੇ।
ਮੁੱਖ ਮੰਤਰੀ ਨੇ ਉਸ ਸਮੇਂ ਵਿਦਿਆਰਥੀਆਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦਾ ਭਵਿੱਖ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਆਪਣੇ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਤੇ ਹੋਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਨ ਕਿ ਚਿੰਤਪੁਰਨੀ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੂੰ ਹੋਰ ਕਾਲਜਾਂ ਵਿਚ ਦਾਖਲਾ ਦਿਵਾਇਆ ਜਾਵੇ ਕਿਉਂਕਿ ਚਿੰਤਪੁਰਨੀ ਮੈਡੀਕਲ ਕਾਲਜ ਵਿਚ ਮੁਢਲਾ ਢਾਂਚਾ ਪੂਰੀ ਤਰ੍ਹਾਂ ਵਿਕਸਿਤ ਨਹੀਂ ਹੋ ਸਕਿਆ ਹੈ। ਮੁੱਖ ਮੰਤਰੀ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਸਰਕਾਰ ਇਨ੍ਹਾਂ ਦੀ ਅੱਗੇ ਵੀ ਸੁਣਵਾਈ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਹਾਲਤ ਵਿਚ ਕਿਸੇ ਵੀ ਵਿਦਿਆਰਥੀ ਨਾਲ ਬੇਇਨਸਾਫੀ ਨਹੀਂ ਹੋਣ ਦੇਵੇਗੀ।


Related News