ਵਿਦਿਆਰਥਣ ਨਾਲ ਛੇੜਛਾੜ ਦੇ ਮਾਮਲੇ ਸਬੰਧੀ ਪਿੰਡ ਵਾਸੀਆਂ ਨੇ ਸਕੂਲ ਬਾਹਰ ਦਿੱਤਾ ਧਰਨਾ

Thursday, Sep 12, 2024 - 10:08 AM (IST)

ਵਿਦਿਆਰਥਣ ਨਾਲ ਛੇੜਛਾੜ ਦੇ ਮਾਮਲੇ ਸਬੰਧੀ ਪਿੰਡ ਵਾਸੀਆਂ ਨੇ ਸਕੂਲ ਬਾਹਰ ਦਿੱਤਾ ਧਰਨਾ

ਅਬੋਹਰ (ਸੁਨੀਲ) : ਨੇੜਲੇ ਪਿੰਡ ਕਟਹੇੜਾ ਦੇ ਇਕ ਸਰਕਾਰੀ ਸਕੂਲ ’ਚ ਅਧਿਆਪਕ ’ਤੇ ਵਿਦਿਆਰਥਣ ਨਾਲ ਛੇੜਛਾੜ ਕਰਨ ਦਾ ਕਥਿਤ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪਿੰਡ ਵਾਸੀਆਂ ਨੇ ਸਕੂਲ ਦੇ ਬਾਹਰ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ।
ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਜੇਕਰ ਕੋਈ ਛੇੜਛਾੜ ਦਾ ਵਿਰੋਧ ਕਰਦਾ ਹੈ ਤਾਂ ਉਸ ਨਾਲ ਅਸ਼ਲੀਲ ਟਿੱਪਣੀਆਂ ਕੀਤੀਆਂ ਜਾਂਦੀਆਂ ਹਨ। ਪਿੰਡ ਵਾਸੀਆਂ ਦੇ ਰੋਸ ਨੂੰ ਦੇਖਦਿਆਂ ਮੌਕੇ ’ਤੇ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ। ਪਿੰਡ ਦੀਆਂ ਔਰਤਾਂ ਸੰਤੋਸ਼, ਸੀਮਾ ਦੇਵੀ, ਬਿੰਦਰ, ਮੰਜੂ ਰਾਣੀ ਨੇ ਦੱਸਿਆ ਕਿ ਪਿੰਡ ਦੀਆਂ ਕੁੜੀਆਂ ਸਕੂਲ ਵਿੱਚ ਪੜ੍ਹਦੀਆਂ ਹਨ, ਜਿੱਥੇ ਸਕੂਲ ਦਾ ਇੱਕ ਡੀ. ਪੀ. ਅਧਿਆਪਕ ਉਨ੍ਹਾਂ ਨਾਲ ਭੱਦੀ ਭਾਸ਼ਾ ਵਰਤਦਾ ਹੈ ਅਤੇ ਉਨ੍ਹਾਂ ਨਾਲ ਮਾੜਾ ਵਿਵਹਾਰ ਵੀ ਕਰਦਾ ਹੈ। ਜਦੋਂ ਕੁੜੀਆਂ ਨੇ ਇਹ ਗੱਲ ਘਰ ਵਿੱਚ ਦੱਸੀ ਤਾਂ ਪਿੰਡ ਵਾਸੀ ਸਕੂਲ ਦੇ ਬਾਹਰ ਇਕੱਠੇ ਹੋ ਗਏ ਅਤੇ ਰੋਸ ਪ੍ਰਦਰਸ਼ਨ ਕੀਤਾ।
ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਪਿੰਡ ਦੇ ਲੋਕਾਂ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਜਿਸ ਨੂੰ ਲਿਖ਼ਤੀ ਰੂਪ ਵਿੱਚ ਲਿਆ ਗਿਆ ਹੈ। ਇਸ ਦੀ ਸ਼ਿਕਾਇਤ ਡੀ. ਈ. ਓ. ਦੇ ਧਿਆਨ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪਿੰਡ ਦੇ ਲੋਕਾਂ ਨੇ ਸ਼ਿਕਾਇਤ ਦਿੱਤੀ ਸੀ, ਜਿਸ ਤੋਂ ਬਾਅਦ ਅਧਿਆਪਕ ਨੂੰ ਬੁਲਾ ਕੇ ਸਮਝਾਇਆ ਗਿਆ ਅਤੇ ਚਿਤਾਵਨੀ ਦਿੱਤੀ ਗਈ ਸੀ। ਫਾਜ਼ਿਲਕਾ ਦੇ ਡੀ. ਐੱਸ. ਪੀ. ਕੰਵਲ ਪਾਲ ਸਿੰਘ ਨੇ ਦੱਸਿਆ ਕਿ ਸਕੂਲ ਦੇ ਬਾਹਰ ਅਮਨ-ਕਾਨੂੰਨ ਨੂੰ ਰੋਕਣ ਲਈ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ।
ਕੀ ਕਹਿੰਦੇ ਹਨ ਜ਼ਿਲ੍ਹਾ ਸਿੱਖਿਆ ਅਫ਼ਸਰ
ਇਸ ਮਾਮਲੇ ਸਬੰਧੀ ਜਦੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਬ੍ਰਿਜ ਮੋਹਨ ਬੇਦੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਦੋ ਪ੍ਰਿੰਸੀਪਲਾਂ ਦੀ ਜਾਂਚ ਕਮੇਟੀ ਬਣਾਈ ਗਈ ਹੈ। ਜੋ ਆਪਣੀ ਜਾਂਚ ਮੁਕੰਮਲ ਕਰਕੇ 2 ਦਿਨਾਂ ਵਿੱਚ ਰਿਪੋਰਟ ਪੇਸ਼ ਕਰੇਗੀ। ਜਾਂਚ ਰਿਪੋਰਟ ਅਨੁਸਾਰ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਵਿਭਾਗੀ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।


author

Babita

Content Editor

Related News