ਮੋਹਾਲੀ : ਮੈਰੀਟੋਰੀਅਸ ਸਕੂਲ 'ਚ ਵਿਦਿਆਰਥੀ ਦੇ ਕਤਲ ਮਾਮਲੇ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
Friday, Aug 06, 2021 - 04:14 PM (IST)
ਮੋਹਾਲੀ (ਨਿਆਮੀਆਂ) : ਮੋਹਾਲੀ ਦੇ ਸੈਕਟਰ-70 ਸਥਿਤ ਮੈਰੀਟੋਰੀਅਸ ਸਕੂਲ ਵਿੱਚ 9 ਮਾਰਚ, 2020 ਨੂੰ ਹੋਏ ਵਿਦਿਆਰਥੀ ਦੇ ਕਤਲ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੁੱਜ ਗਿਆ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਮਾਮਲੇ 'ਤੇ ਪੰਜਾਬ ਸਰਕਾਰ ਵੱਲੋਂ ਕੋਈ ਠੋਸ ਕਾਰਵਾਈ ਨਾ ਕਰਨ ਤੋਂ ਬਾਅਦ ਸੀਨੀਅਰ ਐਡਵੋਕੇਟ ਆਰ. ਐਸ. ਬੈਂਸ ਰਾਹੀਂ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ। ਇਸ ਸਬੰਧੀ ਵਕੀਲ ਲਵਨੀਤ ਠਾਕੁਰ ਨੇ ਦੱਸਿਆ ਕਿ ਜਸਟਿਸ ਲੀਜਾ ਗਿੱਲ ਦੀ ਅਦਾਲਤ ਵੱਲੋਂ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਸਰਕਾਰੀ ਵਕੀਲ ਵੱਲੋਂ ਸਰਕਾਰ ਦਾ ਪੱਖ ਰੱਖਦੇ ਹੋਏ ਇਸ ਮਾਮਲੇ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ। ਅਦਾਲਤ ਨੇ ਕਿਹਾ ਕਿ ਜੇਕਰ ਬੱਚੇ ਸਕੂਲਾਂ ਵਿੱਚ ਸੁਰੱਖਿਅਤ ਨਹੀਂ ਹਨ ਤਾਂ ਇਹ ਬਹੁਤ ਗੰਭੀਰ ਮਾਮਲਾ ਹੈ। ਇਸ 'ਤੇ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ।
ਇਹ ਵੀ ਪੜ੍ਹੋ : ਸਮਰਾਲਾ 'ਚ ਇਨਸਾਨੀਅਤ ਸ਼ਰਮਸਾਰ, ਨੂੰਹ ਤੇ ਪੋਤਿਆਂ ਨੇ ਕੁੱਟ-ਕੁੱਟ ਘਰੋਂ ਬਾਹਰ ਕੱਢਿਆ ਬਜ਼ੁਰਗ (ਤਸਵੀਰਾਂ)
ਸਕੂਲ ਦੇ ਮੈਨਜਮੈਂਟ ਨੂੰ ਬਚਾਉਣ ਲਈ ਹੱਥਕੰਡੇ ਵਰਤ ਰਹੀ ਸਰਕਾਰ
ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਦਾਊਂ ਨੇ ਦੋਸ਼ ਲਗਾਇਆ ਕਿ ਸਰਕਾਰ ਸਕੂਲ ਦੀ ਮੈਨੇਜਮੈਂਟ ਨੂੰ ਬਚਾਉਣ ਲਈ ਹੱਥਕੰਡੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਿੰਸੀਪਲ ਦਾ ਪਤੀ ਸਿੱਖਿਆ ਸਕੱਤਰ ਦਫ਼ਤਰ ਵਿੱਚ ਕਿਸੇ ਉਚ ਅਹੁਦੇ 'ਤੇ ਹੈ, ਜਿਸ ਕਾਰਨ ਕੀਤੀ ਗਈ ਜਾਂਚ ਨੂੰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਇਕੱਲੇ ਮੋਹਾਲੀ ਦੇ ਮੈਰੀਟੋਰੀਅਸ ਸਕੂਲ ਦਾ ਨਹੀਂ, ਸਗੋਂ ਪੰਜਾਬ ਵਿੱਚ ਅਨੇਕਾਂ ਸਕੂਲਾਂ ਵਿੱਚ ਹੋਰ ਮੰਦਭਾਗੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਸਭ ਨੂੰ ਇਨਸਾਫ਼ ਦਿਵਾਉਣ ਦੇ ਮਕਸਦ ਨਾਲ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ ਤਾਂ ਜੋ ਆਉਣ ਵਾਲੇ ਭਵਿੱਖ ਵਿੱਚ ਕਿਸੇ ਹੋਰ ਬੱਚੇ ਨਾਲ ਮੰਦਭਾਗੀ ਘਟਨਾ ਵਾਪਰਨ ਤੋਂ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : ਇਸ ਪਰਿਵਾਰ ਦੇ ਦੁੱਖ ਬਾਰੇ ਜਾਣ ਹਰ ਕੋਈ ਇਹੀ ਕਹੇਗਾ, ਰੱਬ ਅਜਿਹਾ ਕਿਸੇ ਨਾਲ ਨਾ ਕਰੇ (ਵੀਡੀਓ)
ਜਾਣੋ ਕੀ ਹੈ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਮੋਹਾਲੀ ਦੇ ਸੈਕਟਰ-70 'ਚ ਸਥਿਤ ਮੈਰੀਟੋਰੀਅਸ ਸਕੂਲ ਵਿੱਚ 9 ਮਾਰਚ, 2020 ਨੂੰ ਇੱਕ ਹੋਣਹਾਰ ਵਿਦਿਆਰਥੀ ਦੀ ਮੌਤ ਹੋ ਗਈ ਸੀ, ਜਿਸ ਨੂੰ ਪਹਿਲਾਂ ਤਾਂ ਖ਼ੁਦਕੁਸ਼ੀ ਕਿਹਾ ਗਿਆ ਪਰ ਲੋਕਾਂ ਵੱਲੋਂ ਵਿਰੋਧ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਕਿ ਵਿਦਿਆਰਥੀ ਦਾ ਕਤਲ ਕੀਤਾ ਗਿਆ ਹੈ। ਇਸ ਮਾਮਲੇ ਵਿੱਚ 2 ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ, ਜਿਨ੍ਹਾਂ ਦੀ ਜ਼ਮਾਨਤ ਹੋ ਚੁੱਕੀ ਹੈ। ਕਤਲ ਕੀਤੇ ਵਿਦਿਆਰਥੀ ਦੇ ਪਰਿਵਾਰ ਵੱਲੋਂ ਦੋਸ਼ ਲਗਾਇਆ ਗਿਆ ਸੀ ਕਿ ਹਰਮਨਜੀਤ ਇੱਕ ਹੋਣਹਾਰ ਵਿਦਿਆਰਥੀ ਸੀ ਅਤੇ ਦਸਵੀਂ ਜਮਾਤ ਵਿੱਚ ਉਸ ਦੇ ਨੰਬਰ 90 ਫ਼ੀਸਦੀ ਤੋਂ ਜ਼ਿਆਦਾ ਆਏ ਸਨ। ਅੰਮ੍ਰਿਤਧਾਰੀ ਬੱਚੇ ਨੂੰ ਘਰ ਅਤੇ ਸਕੂਲ ਵਿੱਚ ਕਿਸੇ ਕਿਸਮ ਦਾ ਦਬਾਓ ਨਹੀਂ ਸੀ ਅਤੇ ਨਾ ਹੀ ਕਿਸੇ ਕਿਸਮ ਦੀ ਦਿਮਾਗੀ ਪਰੇਸ਼ਾਨੀ ਸੀ। ਇਸ ਲਈ ਜਿਵੇਂ ਹੀ ਸਕੂਲ ਪ੍ਰਸ਼ਾਸਨ ਵੱਲੋਂ ਇਹ ਕਿਹਾ ਗਿਆ ਸੀ ਕਿ ਬੱਚੇ ਵੱਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਗਈ ਹੈ ਤਾਂ ਸਕੂਲ ਪ੍ਰਸ਼ਾਸਨ ਵੱਲੋਂ ਦਿੱਤਾ ਇਹ ਤੱਥ ਕਿਸੇ ਤਰ੍ਹਾਂ ਵੀ ਪਰਿਵਾਰ ਨੂੰ ਸਹੀ ਨਹੀਂ ਲੱਗਾ।
ਉਸੇ ਦਿਨ ਪੰਜਾਬ ਅਗੇਂਸਟ ਕੁਰੱਪਸ਼ਨ ਵੱਲੋਂ ਇਸ ਘਟਨਾ ਦਾ ਸਖ਼ਤ ਨੋਟਿਸ ਲਿਆ ਗਿਆ ਅਤੇ ਮਹਿਸੂਸ ਕੀਤਾ ਗਿਆ ਕਿ ਇਸ ਬੱਚੇ ਦੇ ਸਰੀਰ 'ਤੇ ਲੱਗੀਆਂ ਸੱਟਾਂ, ਕਤਲ ਦੇ ਸਥਾਨ 'ਤੇ ਖਿੱਲਰਿਆ ਖੂਨ, ਬਾਥਰੂਮ ਵਿੱਚ ਲੱਗਿਆ ਖੂਨ ਅਤੇ ਮੌਕੇ ਦੇ ਹਾਲਾਤ ਇਸ ਗੱਲ ਵੱਲ ਇਸ਼ਾਰਾ ਕਰਦੇ ਸਨ ਕਿ ਇਹ ਖ਼ੁਦਕੁਸ਼ੀ ਨਾ ਹੋ ਕੇ ਇੱਕ ਕਤਲ ਕੇਸ ਹੈ। ਇਸ ਲਈ ਸੰਸਥਾ, ਸਹਿਯੋਗੀ ਸੰਸਥਾਵਾਂ, ਪਿੰਡ ਵਾਸੀਆਂ ਅਤੇ ਮਾਪਿਆਂ ਵੱਲੋਂ ਬਹੁਤ ਰੋਹ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਰੋਹ ਅਤੇ ਸੰਘਰਸ਼ ਕਾਰਨ ਪੁਲਸ, ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਨੂੰ ਆਪਣੀ ਜਾਂਚ ਨੂੰ ਹੋਰ ਤਿੱਖਾ ਕਰਨਾ ਪਿਆ, ਜਿਸ ਦੇ ਨਤੀਜੇ ਵਜੋਂ ਪੁਲਸ ਜਾਂਚ ਵਿੱਚ ਇਹ ਪਾਇਆ ਗਿਆ ਕਿ ਇਹ ਕਤਲ ਕੇਸ ਹੀ ਹੈ। ਕਤਲ ਕੇਸ ਸਾਬਤ ਹੋਣ ਤੋਂ ਬਾਅਦ ਪੁਲਸ ਤਫਤੀਸ਼ ਵਿੱਚ ਨਾਲ ਪੜ੍ਹਦੇ ਦੋ ਵਿਦਿਆਰਥੀਆਂ ਖ਼ਿਲਾਫ਼ ਕਤਲ ਦੀਆਂ ਵੱਖ-ਵੱਖ ਧਾਰਵਾ ਲਗਾ ਕੇ ਕੇਸ ਦਰਜ ਕੀਤਾ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ