ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਡਿਪਟੀ ਕਮਿਸ਼ਨਰਾਂ ਤੇ ਅਧਿਕਾਰੀਆਂ ਨੂੰ...
Monday, Nov 10, 2025 - 06:30 PM (IST)
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਸਕੂਲਾਂ (ਸਰਕਾਰੀ, ਪ੍ਰਾਈਵੇਟ ਤੇ ਏਡਿਡ), ਭਾਵੇਂ ਉਹ ਕਿਸੇ ਵੀ ਸਿੱਖਿਆ ਬੋਰਡ ਨਾਲ ਸਬੰਧਤ ਹੋਣ ਵਿਚ ਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇਕ ਲਾਜ਼ਮੀ ਸਿੱਖਿਆ ਪ੍ਰੋਗਰਾਮ ਲਾਂਚ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਵਿਚ ਸੱਚਾਈ, ਹੱਕ, ਨਿਆਂ ਅਤੇ ਧਾਰਮਿਕ ਕਦਰਾਂ-ਕੀਮਤਾਂ ਪੈਦਾ ਕੀਤੀਆਂ ਜਾ ਸਕਣ। ਹਰਜੋਤ ਸਿੰਘ ਬੈਂਸ ਨੇ ਅੱਜ ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ, ਦਸਗਰਾਂ ਅਤੇ ਮਾਊਂਟ ਕਾਰਮਲ ਸਕੂਲ, ਜਿੰਦਵੜੀ ਵਿਚ ਜਾ ਕੇ ਨੌਵੇਂ ਪਾਤਸ਼ਾਹ ਦੀਆਂ ਸਿੱਖਿਆਵਾਂ, ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਕੂਲਾਂ ਵਿਚ ਜਾ ਕੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਗੁਰੂ ਸਾਹਿਬ ਦੀ ਵਿਰਾਸਤ ਦੀ ਮਹੱਤਤਾ ਬਾਰੇ ਜਾਗਰੂਕ ਕਰਨ।
ਇਹ ਵੀ ਪੜ੍ਹੋ : ਅੰਮ੍ਰਿਤਸਰ, ਫਿਰੋਜ਼ਪੁਰ ਸਣੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਲਈ ਅਹਿਮ ਖ਼ਬਰ, 11 ਨਵੰਬਰ ਨੂੰ...
ਇਸ ਮੌਕੇ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐੱਸ.ਜੀ.ਪੀ.ਸੀ. ਤੋਂ ਪ੍ਰਵਾਨ ਕਰਾ ਕੇ ਇਹ ਸਿੱਖਿਆ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 30 ਨਵੰਬਰ 2025 ਤੱਕ (ਛੁੱਟੀਆਂ ਨੂੰ ਛੱਡ ਕੇ) ਚੱਲਣ ਵਾਲੇ ਇਸ ਸਿੱਖਿਆ ਪ੍ਰੋਗਰਾਮ ਤਹਿਤ ਸਵੇਰ ਦੀ ਸਭਾ ਵਿਚ 10-12 ਮਿੰਟ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਸ਼ਹਾਦਤ, ਮਾਤਾ ਗੁਜਰੀ ਜੀ ਦੇ ਜੀਵਨ ਅਤੇ ਖਾਲਸਾ ਪੰਥ ਦੀ ਸਿਰਜਣਾ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਸ਼ੇਸ਼ ਭਾਸ਼ਣ, ਕਵਿਤਾ ਪਾਠ, ਭਾਸ਼ਣ ਮੁਕਾਬਲੇ ਅਤੇ ਇਤਿਹਾਸਕ ਕਿਤਾਬਾਂ ਦੀ ਵੰਡ ਸਬੰਧੀ ਪ੍ਰੋਗਰਾਮ ਉਲੀਕੇ ਗਏ ਹਨ, ਜਿਨ੍ਹਾਂ ਦਾ ਉਦੇਸ਼ ਨੌਵੇਂ ਪਾਤਸ਼ਾਹ ਦੀਆਂ ਸਿੱਖਿਆਵਾਂ ਤੇ ਕਦਰਾਂ-ਕੀਮਤਾਂ ਬਾਰੇ ਨੌਜਵਾਨਾਂ ਵਿਚ ਡੂੰਘੀ ਸੂਝ ਪੈਦਾ ਕਰਨਾ ਹੈ।
ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਵੱਡਾ ਐਕਸ਼ਨ, ਤਰਨਤਾਰਨ ਦੀ SSP ਡਾ. ਰਵਜੋਤ ਕੌਰ ਗਰੇਵਾਲ ਸਸਪੈਂਡ
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਪਹਿਲ ਤਹਿਤ ਇਤਿਹਾਸ ਦੀ ਸੂਝ ਦੇਣ ਦੇ ਨਾਲ-ਨਾਲ ਨੌਜਵਾਨਾਂ ਵਿਚ ਚਰਿੱਤਰ ਨਿਰਮਾਣ ਅਤੇ ਉੱਚ ਮਾਨਵੀ ਕਦਰਾਂ-ਕੀਮਤਾਂ ਪੈਦਾ ਕਰਨ 'ਤੇ ਧਿਆਨ ਕੇਂਦ੍ਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਭਾਈਚਾਰਿਆਂ ਤੋਂ ਪਰੇ ਮਾਨਵਤਾ ਅਤੇ ਧਾਰਮਿਕ ਏਕਤਾ ਦਾ ਚਾਨਣ ਮੁਨਾਰਾ ਹੈ ਅਤੇ ਨਵੀਂ ਪੀੜ੍ਹੀ ਲਈ ਉਨ੍ਹਾਂ ਦੀ ਬਹਾਦਰੀ ਅਤੇ ਸ਼ਹਾਦਤ ਦੀ ਵਿਰਾਸਤ ਨੂੰ ਸਮਝਣਾ ਅਤੇ ਅਪਣਾਉਣਾ ਬੇਹੱਦ ਜ਼ਰੂਰੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡਾ ਟੀਚਾ ਜੀਵਨ ਦੇ ਇਕ ਅਜਿਹੇ ਫਲਸਫੇ ਨੂੰ ਉਤਸ਼ਾਹਿਤ ਕਰਨਾ ਹੈ ਜੋ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਅਤੇ ਬਿਹਤਰ ਇਨਸਾਨ ਬਣਾਉਂਦਾ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮਰਪਣ ਅਤੇ ਸਤਿਕਾਰ ਨਾਲ ਵਿਦਿਆਰਥੀਆਂ ਤੱਕ ਪਹੁੰਚਾਉਣ ਦੀ ਅਪੀਲ ਵੀ ਕੀਤੀ।
ਇਹ ਵੀ ਪੜ੍ਹੋ : ਪੰਜਾਬ 'ਚ ਅਸਲਾ ਦਾ ਲਾਇਸੈਂਸ ਅਪਲਾਈ ਕਰਨ ਵਾਲਿਆਂ ਨੂੰ ਲੈ ਕੇ ਵੱਡਾ ਖ਼ੁਲਾਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
