12ਵੀਂ ''ਚ ਘੱਟ ਆਏ ਨੰਬਰ ਤਾਂ ਵਿਦਿਆਰਥੀ ਨੇ ਚੁੱਕ ਲਿਆ ਵੱਡਾ ਕਦਮ
Thursday, May 15, 2025 - 11:07 PM (IST)

ਲੁਧਿਆਣਾ (ਅਨਿਲ) - ਥਾਣਾ ਲਾਡੋਵਾਲ ਅਧੀਨ ਪੈਂਦੇ ਪਿੰਡ ਚਾਹੜ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਪ੍ਰੀਖਿਆ ਵਿੱਚ ਘੱਟ ਅੰਕ ਪ੍ਰਾਪਤ ਕਰਨ ਕਾਰਨ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਲਾਡੋਵਾਲ ਦੇ ਮੁਨਸ਼ੀ ਨਾਰਾਇਣ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਅੱਜ ਸਵੇਰੇ ਸੂਚਨਾ ਮਿਲੀ ਕਿ ਪਿੰਡ ਚਾਹੜ ਵਿੱਚ ਇੱਕ 17 ਸਾਲਾ ਨੌਜਵਾਨ ਨੇ ਸ਼ੱਕੀ ਹਾਲਤ ਵਿੱਚ ਆਪਣੇ ਘਰ ਵਿੱਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਲਿਆ ਹੈ।
ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ 17 ਸਾਲਾ ਜਰਨੈਲ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਚਾਹੜ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਜਰਨੈਲ ਸਿੰਘ ਇੱਕ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਵਿੱਚ ਪੜ੍ਹਦਾ ਸੀ ਅਤੇ ਕੱਲ੍ਹ ਸਰਕਾਰੀ ਸਕੂਲ ਦੀ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ ਸਨ ਜਿਸ ਕਾਰਨ ਜਰਨੈਲ ਸਿੰਘ ਨੂੰ ਕੁਝ ਪੇਪਰਾਂ ਵਿੱਚ ਘੱਟ ਅੰਕ ਮਿਲੇ ਸਨ, ਜਿਸ ਕਾਰਨ ਘੱਟ ਅੰਕ ਆਉਣ ਕਾਰਨ ਉਸਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ, ਜਿਸ ਤੋਂ ਬਾਅਦ ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ। ਜਾਂਚ ਅਧਿਕਾਰੀ ਨੇ ਕਿਹਾ ਕਿ ਬਾਕੀ ਅਗਲੀ ਕਾਰਵਾਈ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਥਿਤੀ ਅਨੁਸਾਰ ਕਾਰਵਾਈ ਕੀਤੀ ਜਾਵੇਗੀ।