ਮੋਗਾ ਜ਼ਿਲ੍ਹੇ ’ਚ ਇੱਕੋ-ਦਿਨ ਹੋਏ 3421 ਵਿਦਿਆਰਥੀਆਂ ਦੇ ਨਵੇਂ ਦਾਖਲੇ

03/14/2023 6:10:08 PM

ਮੋਗਾ (ਬਿੰਦਾ) : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਜ਼ਿਲ੍ਹਾ ਮੋਗਾ ਦੇ ਮਾਪਿਆਂ ਨੇ ਮਿਸਾਲੀ ਹੁੰਗਾਰਾ ਦਿੱਤਾ। ਬੀਤੇ ਕੱਲ ਇੱਕੋ ਦਿਨ ਵਿਚ ਜ਼ਿਲ੍ਹੇ ਦੇ ਸਕੂਲਾਂ ਵਿਚ 3421 ਨਵੇਂ ਵਿਦਿਆਰਥੀਆਂ ਨੇ ਦਾਖਲਾ ਲਿਆ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਨੇ 1 ਦਿਨ ਵਿਚ 1 ਲੱਖ ਨਵੇਂ ਦਾਖਲੇ ਕਰਨ ਦਾ ਟੀਚਾ ਮਿੱਥਿਆ ਸੀ, ਜਿਸ ਦੇ ਤਹਿਤ ਹਰੇਕ ਅਧਿਆਪਕ, ਨਾਨ ਟੀਚਿੰਗ ਸਟਾਫ ਅਤੇ ਮਿਡ-ਡੇ-ਮੀਲ ਵਰਕਰ ਨੇ ਘੱਟੋ-ਘੱਟ ਇਕ-ਇਕ ਨਵਾਂ ਵਿਦਿਆਰਥੀ ਸਰਕਾਰੀ ਸਕੂਲ ’ਚ ਦਾਖਲ ਕਰਵਾਉਣਾ ਸੀ। ਮੋਗਾ ਦੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਚਮਕੌਰ ਸਿੰਘ ਸਰਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਅਨੀਤਾ ਪੁਰੀ ਨੇ ਦੱਸਿਆ ਕਿ ਵਿਭਾਗੀ ਟੀਚੇ ਅਨੁਸਾਰ ਜ਼ਿਲ੍ਹੇ ਵਿਚ 3722 ਨਵੇਂ ਵਿਦਿਆਰਥੀ ਦਾਖਲ ਕਰਨੇ ਸਨ ਅਤੇ ਸਮੁੱਚੇ ਅਧਿਆਪਕਾਂ ਦੀ ਮਿਹਨਤ ਸਦਕਾ ਇਹ ਅੰਕੜਾ 3421 ਤੱਕ ਪਹੁੰਚ ਗਿਆ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਅਧਿਆਪਕ ਵਰਗ ਵਿਚ ਬੇਹੱਦ ਉਤਸ਼ਾਹ ਦੇਖਣ ਨੂੰ ਮਿਲਿਆ। ਵੱਖ-ਵੱਖ ਜ਼ਿਲ੍ਹਾ ਟੀਮਾਂ ਸਮੇਤ ਬਹੁਤ ਸਾਰੇ ਅਧਿਆਪਕਾਂ ਨੇ ਤਾਂ ਸਵੇਰੇ 8 ਵਜੇ ਤੋਂ ਦੇਰ ਰਾਤ ਤੱਕ ਗਲੀ-ਮੁਹੱਲਿਆਂ ਅਤੇ ਸਲੱਮ ਏਰੀਏ ਤੱਕ ਪਹੁੰਚ ਕਰਕੇ ਦਾਖਲੇ ਕੀਤੇ। ਪ੍ਰਾਪਤ ਵੇਰਵਿਆਂ ਅਨੁਸਾਰ ਮੋਗਾ ਜ਼ਿਲ੍ਹੇ ਵਿਚ ਕੱਲ ਇਕੋ ਦਿਨ ਵਿਚ ਐੱਲ. ਕੇ. ਜੀ. ਅਤੇ ਯੂ. ਕੇ. ਜੀ. ਜਮਾਤ ਵਿਚ 1440 ਪਹਿਲੀ ਤੋਂ 5ਵੀਂ ਜਮਾਤ ਵਿਚ 589, 6ਵੀਂ ਤੋਂ 8ਵੀਂ ਜਮਾਤ ’ਚ 639, 9ਵੀਂ ਤੋਂ 10ਵੀਂ ਜਮਾਤ ਵਿਚ 442 ਅਤੇ 11ਵੀਂ ਤੋਂ 12ਵੀਂ ਜਮਾਤ ਵਿਚ 311 ਵਿਦਿਆਰਥੀਆਂ ਦੇ ਨਵੇਂ ਦਾਖਲੇ ਹੋਏ। ਸੈਕੰਡਰੀ ਤੇ ਐਲੀਮੈਂਟਰੀ ਦੇ ਉਪ ਜ਼ਿਲ੍ਹਾ ਸਿੱਖਿਆ ਅਫਸਰਾਂ ਰਾਕੇਸ਼ ਕੁਮਾਰ ਮੱਕੜ ਅਤੇ ਨਿਸ਼ਾਨ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ 6 ਵਿੱਦਿਅਕ ਬਲਾਕਾਂ ਵਿਚ ਦਾਖਲਿਆਂ ਨੂੰ ਲੈ ਕੇ ਤਿਉਹਾਰ ਵਰਗਾ ਮਾਹੌਲ ਬਣਿਆ ਰਿਹਾ।

ਬਲਾਕ ਮੋਗਾ-1 ਨੇ ਰਿਕਾਰਡ ਕਾਇਮ ਕਰਦਿਆਂ 710 ਦਾਖਲੇ ਕਰ ਕੇ ਜ਼ਿਲ੍ਹਾ ਮੋਗਾ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁੱਖ ਅਧਿਆਪਕ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਿਚ ਕੱਲ ਨਵੇਂ ਦਾਖਲੇ ਹੋਏ ਹਨ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਪ੍ਰਿੰਸੀਪਲ ਜਸਵਿੰਦਰ ਸਿੰਘ ਅਨੁਸਾਰ 38 ਨਵੇਂ ਦਾਖਲੇ ਅਤੇ ਪ੍ਰਾਇਮਰੀ ਸਕੂਲ ਜਨੇਰ ਦੀ ਮੁੱਖ ਅਧਿਆਪਕਾ ਨੇ 47 ਨਵੇਂ ਦਾਖਲੇ ਕਰਨ ਬਾਰੇ ਦੱਸਿਆ। ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਜਲਾਲਾਬਾਦ ਦੇ ਸਕੂਲ ਮੁੱਖੀ ਅਧਿਆਪਕਾਂ ਸਮੇਤ ਹੋਰ ਬਹੁਤ ਸਾਰੇ ਅਧਿਆਪਕਾਂ ਨੇ ਵਿਸ਼ੇਸ਼ ਤੌਰ ’ਤੇ ਇੱਟਾਂ ਦੇ ਭੱਠਿਆਂ ਅਤੇ ਉਦਯੋਗਿਕ ਅਦਾਰਿਆਂ ਤੱਕ ਪਹੁੰਚ ਕਰਕੇ ਸਰਕਾਰੀ ਸਕੂਲਾਂ ਵਿਚ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦੇ ਕੇ ਦਾਖਲਿਆਂ ਸਬੰਧੀ ਪ੍ਰੇਰਿਤ ਵੀ ਕੀਤਾ।

ਮੋਗਾ ਨਿਵਾਸੀ ਹਰਜਿੰਦਰ ਸਿੰਘ ਅਨੁਸਾਰ ਸਿੱਖਿਆ ਵਿਭਾਗ ਦੇ ਇਸ ਨਿਵੇਕਲੇ ਉਪਰਾਲੇ ਨੇ ਵਿਦਿਆਰਥੀਆਂ ਦੇ ਸਿਰਫ ਨਵੇਂ ਦਾਖਲੇ ਹੀ ਨਹੀਂ ਕੀਤੇ ਸਗੋਂ ਨਵੀਂ ਰੂਹ ਵੀ ਫੂਕੀ ਹੈ, ਜਿਸਦੇ ਬਹੁਤ ਸਾਰਥਕ ਨਤੀਜੇ ਮਿਲਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਦਾਖਲਾ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਵਾਸਤੇ ਸਿੱਖਿਆ ਵਿਭਾਗ ਵੱਲੋਂ 31 ਮਾਰਚ ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਬਾਹਰ ਮੇਨ ਗੇਟ ’ਤੇ ਦਾਖਲਾ ਬੂਥ ਲਾਉਣ ਬਾਰੇ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ, ਜਿੱਥੇ ਸਕੂਲ ਖੁੱਲ੍ਹਣ ਦੇ ਸਮੇਂ ਤੋਂ ਲੈ ਕੇ ਸਾਰੀ ਛੁੱਟੀ ਹੋਣ ਤੱਕ ਟੀਚਿੰਗ/ਨਾਨ ਟੀਚਿੰਗ ਸਟਾਫ ਰੋਜ਼ਾਨਾ ਡਿਊਟੀ ’ਤੇ ਬੈਠੇਗਾ ਅਤੇ ਰਜਿਸਟਰ ’ਤੇ ਦਾਖਲਿਆਂ ਸਬੰਧੀ ਰਜਿਸਟ੍ਰੇਸ਼ਨ ਕਰੇਗਾ।


Gurminder Singh

Content Editor

Related News