ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ ਲਈ ਵਿਦਿਆਰਥੀਆਂ ਦੀ ਤਿਆਰੀ ਦੇ ਹੁਕਮ
Tuesday, Aug 24, 2021 - 04:56 PM (IST)
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ ਲਈ ਵਿਦਿਆਰਥੀਆਂ ਦੀ ਤਿਆਰੀ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਇਮਤਿਆਨ 12 ਨਵੰਬਰ 2021 ਨੂੰ ਕਰਵਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਦੇ ਖੇਤਰ ਵਿਚ ਬਿਹਤਰ ਕਾਰਗੁਜ਼ਾਰੀ ਲਈ ਅਧਿਆਪਕਾਂ ਨੂੰ ਪ੍ਰਸ਼ਨ ਬੈਂਕ ਤਿਆਰ ਕਰਨ ਲਈ ਕਿਹਾ ਗਿਆ ਹੈ। ਇਸ ਸਬੰਧ ਵਿਚ ‘ਪੜੋ ਪੰਜਾਬ ਪੜਾਓ ਪੰਜਾਬ’ ਟੀਮਾਂ ਨੂੰ ਵੀ ਅਧਿਆਪਕਾਂ ਦੀ ਅਗਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਟੀਮਾਂ ਨੂੰ ਸਕੂਲ ਪੱਧਰ ’ਤੇ ਤਿਆਰ ਕੀਤੇ ਪ੍ਰਸ਼ਨਾਂ ਨੂੰ ਜ਼ਿਲ੍ਹਾ ਪੱਧਰ ’ਤੇ ਸੰਕਲਿਤ ਕਰਨ ਲਈ ਆਖਿਆ ਗਿਆ ਹੈ।
ਬੁਲਾਰੇ ਅਨੁਸਾਰ ਅਧਿਆਪਕਾਂ ਨੂੰ ਵੱਧ ਤੋਂ ਵੱਧ ਪ੍ਰਸ਼ਨ ਤਿਆਰ ਕਰਕੇ ਵਿਦਿਆਰਥੀਆਂ ਨੂੰ ਅਭਿਆਸ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਵਿਦਿਆਰਥੀਆਂ ਨੂੰ ਮੁਲਾਂਕਣ ਪੱਤਰ ਆਨ ਲਾਈਨ ਅਤੇ ਆਫ ਲਾਈਨ ਦੋਵਾਂ ਰੂਪ ਵਿਚ ਭੇਜਣ ਲਈ ਕਿਹਾ ਗਿਆ ਹੈ ਤਾਂ ਜੋ ਸਾਰੇ ਵਿਦਿਆਰਥੀਆਂ ਦੀ ਤਿਆਰੀ ਹੋ ਸਕੇ। ਮੁਲਾਂਕਣ ਪ੍ਰੀਖਿਆ ਵਿਚ ਵਿਦਿਆਰਥੀਆਂ ਦੀ ਹਾਜ਼ਰੀ ਨੂੰ ਯਕੀਨੀ ਬਨਾਉਣ ਦੇ ਨਾਲ ਕੋਵਿਡ-19 ਦੀਆਂ ਹਦਾਇਤਾਂ ਦੀ ਪੂਰੀ ਤਰਾਂ ਪਾਲਣਾ ਕਰਨ ਲਈ ਵੀ ਅਧਿਆਪਕਾਂ ਨੂੰ ਆਖਿਆ ਗਿਆ ਹੈ।
ਬੁਲਾਰੇ ਅਨੁਸਾਰ ਨੈਸ਼ਨਲ ਅਚੀਵਮੈਂਟ ਸਰਵੇ ਦਾ ਆਧਾਰ ਸਿੱਖਣ ਪਰਿਮਾਣ ਹਨ। ਇਸ ਪ੍ਰੀਖਿਆ ਵਿਚ ਵਿਦਿਆਰਥੀਆਂ ਨੂੰ ਜਿਹੜੇ ਪ੍ਰਸ਼ਨ ਆਉਂਦੇ ਹਨ, ਉਹ ਵਿਦਿਆਰਥੀਆਂ ਦੀ ਸਿੱਖਣ ਯੋਗਤਾ ਦੀ ਪਰਖ ਕਰਦੇ ਹਨ। ਇਸ ਪ੍ਰੀਖਿਆ ਦੌਰਾਨ ਪ੍ਰਸ਼ਨ ਸਿੱਧੇ ਕਿਤਾਬਾਂ ਦੇ ਅਭਿਆਸੀ ਪ੍ਰਸ਼ਨਾਂ ਵਿਚੋਂ ਨਹੀਂ ਆਉਂਦੇ ਸਗੋਂ ਸਿਲੇਬਸ ਦੇ ਸੰਕਲਪ ਵਿਚੋਂ ਆਉਂਦੇ ਹਨ। ਇਸ ਪ੍ਰੈਕਟਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਪੱਧਰ ਬਿਹਤਰ ਬਣਦਾ ਹੈ।