ਲੁਧਿਆਣਾ ''ਚ ਵੈਟਰਨਰੀ ਯੂਨੀਵਰਸਿਟੀ ਦੇ ਬਾਹਰ ਡਟੇ ਵਿਦਿਆਰਥੀ, ਜਾਣੋ ਪੂਰਾ ਮਾਮਲਾ

01/20/2020 4:19:53 PM

ਲੁਧਿਆਣਾ (ਨਰਿੰਦਰ) : ਲੁਧਿਆਣਾ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਬਾਹਰ ਵੱਡੀ ਗਿਣਤੀ 'ਚ ਵਿਦਿਆਰਥੀਆਂ ਵੱਲੋਂ ਇਕੱਤਰ ਹੋ ਕੇ ਯੂਨੀਵਰਸਿਟੀ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਦੋਸ਼ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਉਨ੍ਹਾਂ ਨੂੰ ਜ਼ਬਰਨ ਸਰਕਾਰੀ ਤੋਂ ਨਿੱਜੀ ਕਾਲਜ 'ਚ ਸ਼ਿਫਟ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ 'ਤੇ ਫ਼ੀਸਾਂ ਦਾ ਵਾਧੂ ਬੋਝ ਪਵੇਗਾ ਅਤੇ ਅਜਿਹਾ ਨਾ ਕਰਨ ਤੇ ਉਨ੍ਹਾਂ ਦਾ ਭਵਿੱਖ ਦਾਅ 'ਤੇ ਲੱਗ ਜਾਵੇਗਾ।
ਇਸ ਦੇ ਵਿਰੋਧ 'ਚ ਰਾਮਪੁਰਾ ਫੂਲ ਵੈਟਰਨਰੀ ਕਾਲਜ ਦੇ ਵਿਦਿਆਰਥੀ ਲੁਧਿਆਣਾ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਅੱਗੇ ਡਟੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਤੰਬਰ ਮਹੀਨੇ ਦੇ ਵਿੱਚ ਉਨ੍ਹਾਂ ਦੀਆ ਐਡਮੀਸ਼ਨਾਂ ਕੀਤੀਆਂ ਗਈਆਂ ਸਨ ਪਰ ਯੂਨੀਵਰਸਿਟੀ ਦੇ ਅਧੀਨ ਹੀ ਚੱਲ ਰਹੇ ਦੂਜੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਹਾਈਕੋਰਟ ਦਾ ਰੁਖ ਕੀਤਾ ਗਿਆ ਕਿ ਉਨ੍ਹਾਂ ਨੂੰ ਵੀ ਮੌਕਾ ਮਿਲਣਾ ਚਾਹੀਦਾ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਫ਼ੈਸਲਾ ਸੁਣਾਉਂਦਿਆਂ ਯੂਨੀਵਰਸਿਟੀ ਨੂੰ ਵਿਦਿਆਰਥੀਆਂ ਦੀ ਅਡਜਸਟਮੈਂਟ ਲਈ ਫਰਮਾਨ ਸੁਣਾਇਆ ਪਰ ਹੁਣ ਯੂਨੀਵਰਸਿਟੀ 80 ਵਿਦਿਆਰਥੀਆਂ ਨੂੰ ਰਾਮਪੁਰਾ ਫੂਲ ਸਰਕਾਰੀ ਕਾਲਜ ਤੋਂ ਯੂਨੀਵਰਸਿਟੀ ਦੇ ਅਧੀਨ ਹੀ ਚੱਲ ਰਹੇ ਨਿੱਜੀ ਕਾਲਜ 'ਚ ਸ਼ਿਫਟ ਕਰਨ ਲਈ ਮਜਬੂਰ ਕਰ ਰਹੀ ਹੈ, ਜਿੱਥੇ ਫ਼ੀਸਾਂ ਸਰਕਾਰੀ ਕਾਲਜ ਨਾਲੋਂ ਜ਼ਿਆਦਾ ਹਨ। ਵਿਦਿਆਰਥੀਆਂ ਨੇ ਕਿਹਾ ਕਿ ਉਹ ਇੰਨੀਆਂ ਫੀਸਾਂ ਨਹੀਂ ਦੇ ਸਕਦੇ ਕਿਉਂਕਿ ਉਨ੍ਹਾਂ ਦੇ ਦਾਖ਼ਲੇ ਯੂਨੀਵਰਸਿਟੀ ਦੇ ਨਿਯਮਾਂ ਮੁਤਾਬਕ ਹੀ ਹੋਏ ਸਨ ਪਰ ਹੁਣ ਜ਼ਬਰਨ ਉਨ੍ਹਾਂ ਨੂੰ ਮਹਿੰਗੇ ਕਾਲਜ 'ਚ ਸ਼ਿਫਟ ਕੀਤਾ ਜਾ ਰਿਹਾ ਹੈ, ਜਿਸ ਦਾ ਉਹ ਵਿਰੋਧ ਕਰ ਰਹੇ ਹਨ। ਵਿਦਿਆਰਥੀਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇਂ ਦਾਖਲਿਆਂ ਨੂੰ ਜਾਰੀ ਨਹੀਂ ਰੱਖਿਆ ਜਾਵੇਗਾ, ਉਹ ਯੂਨੀਵਰਸਿਟੀ ਦੇ ਖ਼ਿਲਾਫ਼ ਧਰਨੇ 'ਤੇ ਡਟੇ ਰਹਿਣਗੇ।
ਦੂਜੇ ਪਾਸੇ ਜਦੋਂ ਇਸ ਸਬੰਧੀ ਯੂਨੀਵਰਸਿਟੀ ਦੇ ਰਜਿਸਟਰਾਰ ਨਾਲ ਖਾਸ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਦੇ ਮੁਤਾਬਕ ਵਿਦਿਆਰਥੀਆਂ ਨੂੰ ਐਡਜਸਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੀ ਮਜਬੂਰ ਹੈ ਅਤੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਉਨ੍ਹਾਂ ਦਾ ਫਰਜ਼ ਹੈ।

Babita

This news is Content Editor Babita