ਪੰਜਾਬ ਸਟੂਡੈਂਟਸ ਯੂਨੀਅਨ ਨੇ ਫੂਕਿਆ ਜੰਗਲਾਤ ਤੇ ਜੰਗਲੀ ਜੀਵ ਮੰਤਰੀ ਦਾ ਪੁਤਲਾ
Wednesday, Jul 25, 2018 - 12:24 AM (IST)

ਫਾਜ਼ਿਲਕਾ(ਲੀਲਾਧਰ, ਨਾਗਪਾਲ)–ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਅੱਜ ਐੱਮ. ਆਰ. ਸਰਕਾਰੀ ਕਾਲਜ ਦੇ ਸਾਹਮਣੇ ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸੰਬੋਧਨ ਕਰਦਿਅਾਂ ਯੂਨੀਅਨ ਦੇ ਕਾਲਜ ਕਮੇਟੀ ਦੇ ਆਗੂ ਹਰਪ੍ਰੀਤ ਸਿੰਘ ਅਤੇ ਅਤੇ ਪਾਇਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਯੂਨੀਵਰਸਿਟੀਆਂ ਨੂੰ ਪੱਤਰ ਜਾਰੀ ਹੋ ਚੁੱਕੇ ਹਨ ਕਿ ਐੱਸ. ਸੀ. ਵਿਦਿਆਰਥੀਆਂ ਤੋਂ ਕੋਈ ਫੀਸ ਨਹੀਂ ਲਈ ਜਾ ਸਕਦੀ ਪਰ ਕਾਲਜ ਮੈਨੇਜਮੈਂਟਾਂ ਵੱਲੋਂ ਪੂਰੀ ਫੀਸ ਭਰਵਾਈ ਜਾ ਰਹੀ ਹੈ, ਜਿਸ ਦੇ ਵਿਰੋਧ ’ਚ ਕੱਲ ਡੀ. ਸੀ. ਦਫਤਰ ਦਾ ਘਿਰਾਓ ਕੀਤਾ ਗਿਆ ਸੀ ਪਰ ਹਾਲੇ ਤੱਕ ਉਨ੍ਹਾਂ ਦੀਆਂ ਮੰਗਾਂ ’ਤੇ ਅਮਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਇਸ ਕਰ ਕੇ ਫੂਕਿਆ ਗਿਆ ਹੈ ਕਿਉਂਕਿ ਉਨ੍ਹਾਂ ਬਿਆਨ ਦਿੱਤਾ ਸੀ ਕਿ ਐੱਸ. ਸੀ. ਵਿਦਿਆਰਥੀਆਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ ਪਰ ਉਸ ਨੂੰ ਪੂਰਾ ਨਹੀਂ ਕੀਤਾ ਗਿਆ ਹੈ। ਵਿਦਿਆਰਥੀਅਾਂ ਨੇ ਚਿਤਾਵਨੀ ਦਿੰਦਿਅਾਂ ਕਿਹਾ ਕਿ ਜਦੋਂ ਤੱਕ ਫੀਸ ਮੁਆਫ ਨਹੀਂ ਕੀਤੀ ਜਾਂਦੀ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਵਿਦਿਆਰਥੀਆਂ ਨੇ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਦਰਸ਼ਨ ਵੀ ਕੀਤਾ। ਇਸ ਮੌਕੇ ਮਲਕੀਤ ਸਿੰਘ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਰਾਜ ਰਾਣੀ, ਸੀਮਾ ਰਾਣੀ, ਨੀਲਮ ਰਾਣੀ ਤੇ ਕਮੇਟੀ ਮੈਂਬਰ ਹਾਜ਼ਰ ਸਨ।