ਥਾਣਾ ਸਦਰ ਫ਼ਰੀਦਕੋਟ ’ਚ ਤਾਇਨਾਤ ਸਬ ਇੰਸਪੈਕਟਰ ਗ੍ਰਿਫ਼ਤਾਰ, ਦਰਜ ਹੋਇਆ ਮਾਮਲਾ

Friday, Dec 22, 2023 - 06:47 PM (IST)

ਫਿਰੋਜ਼ਪੁਰ (ਕੁਮਾਰ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਚੌਕੀ ਗੋਲੇ ਵਾਲਾ, ਥਾਣਾ ਸਦਰ ਫ਼ਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਹਰਵਿੰਦਰ ਸਿੰਘ ਨੂੰ 11,500 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦੇ ਪੰਜਾਬ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬ ਇੰਸਪੈਕਟਰ ਨੂੰ ਦਿਲਪ੍ਰੀਤ ਸਿੰਘ ਵਾਸੀ ਪਿੰਡ ਗੋਲੇ ਵਾਲਾ, ਜ਼ਿਲ੍ਹਾ ਫਰੀਦਕੋਟ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਵੱਡਾ ਹਾਦਸਾ, ਵਿਆਹ ’ਤੇ ਜਾ ਰਹੇ ਨਵੇਂ ਵਿਆਹੇ ਜੋੜੇ ਸਣੇ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਾਇਆ ਕਿ ਉਕਤ ਪੁਲਸ ਮੁਲਾਜ਼ਮ ਉਸਦੇ ਅਤੇ ਉਸਦੇ ਭਰਾ ਖ਼ਿਲਾਫ ਥਾਣਾ ਸਦਰ ਫਰੀਦਕੋਟ ਵਿਚ ਦਰਜ ਹੋਏ ਇਕ ਪੁਲਸ ਕੇਸ ਸਬੰਧੀ ਜ਼ਮਾਨਤੀ ਬਾਂਡ ਕਬੂਲਣ ਬਦਲੇ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਪਹਿਲਾਂ ਵੀ ਉਸ ਕੋਲ਼ੋਂ ਇਸੇ ਬਾਬਤ ਪਹਿਲੀ ਕਿਸ਼ਤ ਵਜੋਂ 2,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਰਿਸ਼ਵਤ ਦੇ ਬਾਕੀ ਰਹਿੰਦੇ 13,000 ਰੁਪਏ ਦੇਣ ਕਈ ਜ਼ੋਰ ਪਾ ਰਿਹਾ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਹੋਏ ਉਕਤ ਪੁਲਸ ਮੁਲਾਜ਼ਮ ਨਾਲ ਹੋਈ ਗੱਲਬਾਤ ਦੀ ਆਡੀਓ ਰਿਕਾਰਡ ਵੀ ਕਰ ਲਈ ਜੋ ਕਿ ਸਬੂਤ ਵਜੋਂ ਉਸਨੇ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਇਹ ਵੀ ਪੜ੍ਹੋ : ਲਹਿਰਾਗਾਗਾ ’ਚ ਦਿਲ ਕੰਬਾਊ ਘਟਨਾ, ਨੂੰਹ ਨੇ ਸੁੱਤੀ ਪਈ ਸੱਸ ਦਾ ਸੱਬਲ ਮਾਰ-ਮਾਰ ਕੀਤਾ ਕਤਲ

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 11,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਤੇ ਰਿਸ਼ਵਤ ਦੇ ਪੈਸੇ ਵੀ ਬਰਾਮਦ ਕਰ ਲਏ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ।

ਇਹ ਵੀ ਪੜ੍ਹੋ : ਮੋਗਾ ’ਚ ਵੱਡੀ ਵਾਰਦਾਤ, ਫੁੱਲਾਂ ਨਾਲ ਸਜੀ ਵਿਆਹ ਵਾਲੀ ਕਾਰ ਅੰਦਰ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ

 


Gurminder Singh

Content Editor

Related News