ਪੰਜਾਬ ''ਚ 1 ਮਹੀਨੇ ''ਚ 41 ਕਿਸਾਨਾਂ-ਮਜ਼ਦੂਰਾਂ ਨੇ ਕੀਤੀਆਂ ਖੁਦਕੁਸ਼ੀਆਂ

07/20/2017 5:51:49 AM

ਬਠਿੰਡਾ(ਪਰਮਿੰਦਰ)-ਪਿਛਲੇ ਇਕ ਮਹੀਨੇ ਦੌਰਾਨ ਪੰਜਾਬ ਭਰ 'ਚ 41 ਕਿਸਾਨਾਂ-ਮਜ਼ਦੂਰਾਂ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀਆਂ ਕਰ ਲਈਆਂ। ਮਾਲਵਾ ਪੱਟੀ ਦੇ ਵੱਖ-ਵੱਖ ਜ਼ਿਲਿਆਂ 'ਚ ਸਭ ਤੋਂ ਜ਼ਿਆਦਾ ਖੁਦਕੁਸ਼ੀਆਂ ਰਿਕਾਰਡ ਕੀਤੀਆਂ ਗਈਆਂ ਹਨ ਅਤੇ ਉਕਤ ਸਮੇਂ ਦੌਰਾਨ ਮਾਲਵਾ 'ਚ ਕਰਜ਼ੇ ਦੇ ਬੋਝ ਹੇਠਾਂ ਦੱਬੇ 32 ਕਿਸਾਨਾਂ ਨੇ ਮੌਤ ਨੂੰ ਗਲੇ ਲਗਾਇਆ। ਮਾਲਵਾ ਦੇ ਜ਼ਿਲੇ ਮਾਨਸਾ ਤੇ ਬਠਿੰਡਾ ਖੁਦਕੁਸ਼ੀਆਂ ਦੇ ਮਾਮਲੇ 'ਚ ਸਭ ਤੋਂ ਸਿਖਰ 'ਤੇ ਰਹੇ। 19 ਜੂਨ ਤੋਂ 18 ਜੁਲਾਈ ਦੇ ਦਰਮਿਆਨ ਮਾਨਸਾ ਦੇ 8 ਅਤੇ ਬਠਿੰਡਾ ਦੇ 6 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ। ਇਸ ਤੋਂ ਇਲਾਵਾ ਸੰਗਰੂਰ ਵਿਚ 4 ਅਤੇ ਬਰਨਾਲਾ 'ਚ 3 ਕਿਸਾਨਾਂ ਨੇ ਕਰਜ਼ੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਦਾ ਰਸਤਾ ਅਪਣਾਇਆ। ਉਕਤ 41 ਖੁਦਕੁਸ਼ੀਆਂ ਕਰਨ ਵਾਲਿਆਂ 'ਚ 38 ਕਿਸਾਨ ਅਤੇ 3 ਖੇਤ ਮਜ਼ਦੂਰ ਸ਼ਾਮਲ ਹਨ।  
ਇਕ ਹੀ ਦਿਨ 'ਚ 6 ਖੁਦਕੁਸ਼ੀਆਂ
ਬੇਸ਼ੱਕ ਪੰਜਾਬ ਸਰਕਾਰ ਵੱਲੋਂ ਛੋਟੇ ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਹੋਇਆ ਹੈ ਪਰ ਇਸ ਦੇ ਬਾਵਜੂਦ ਖੁਦਕੁਸ਼ੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਪੰਜਾਬ 'ਚ 13 ਜੁਲਾਈ ਨੂੰ ਇਕ ਹੀ ਦਿਨ 6 ਕਿਸਾਨਾਂ ਨੇ ਖੁਦਕੁਸ਼ੀ ਕੀਤੀ। ਐਨਾ ਹੀ ਨਹੀਂ 25 ਤੇ 30 ਜੂਨ ਅਤੇ 11, 13, 16 ਅਤੇ 18 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਨਾਲ ਸੰਬੰਧਿਤ 3-3 ਕਿਸਾਨਾਂ ਨੇ ਇਕ ਹੀ ਦਿਨ ਕਰਜ਼ੇ ਕਾਰਨ ਖੁਦਕੁਸ਼ੀ ਦਾ ਰਾਹ ਅਪਣਾਇਆ। ਨੌਜਵਾਨ ਕਿਸਾਨਾਂ ਨੇ ਵੀ ਵੱਡੇ ਪੱਧਰ 'ਤੇ ਖੁਦਕੁਸ਼ੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਉਕਤ 41 ਕਿਸਾਨਾਂ 'ਚੋਂ ਜ਼ਿਆਦਾਤਰ ਕਿਸਾਨਾਂ ਦੀ ਉਮਰ 26 ਤੋਂ 40 ਸਾਲ ਦੇ ਦਰਮਿਆਨ ਸੀ। ਜ਼ਿਆਦਾਤਰ ਕਿਸਾਨਾਂ ਨੇ ਕੀਟਨਾਸ਼ਕ ਨਿਗਲ ਕੇ ਜਾਨ ਦਿੱਤੀ ਜਦੋਂਕਿ ਕੁਝ ਕਿਸਾਨਾਂ ਨੇ ਫਾਹਾ ਲੈ ਕੇ, ਰੇਲਗੱਡੀ ਹੇਠਾਂ ਆ ਕੇ ਜਾਂ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕੀਤੀ। 
ਖੁਦਕੁਸ਼ੀਆਂ ਨੂੰ ਲੈ ਕੇ ਹਾਈਕੋਰਟ ਸਖਤ
ਪੰਜਾਬ ਵਿਚ ਕਿਸਾਨਾਂ-ਮਜ਼ਦੂਰਾਂ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਨੂੰ ਲੈ ਕੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀ ਸਖਤ ਰੁਖ ਅਖਤਿਆਰ ਕੀਤਾ ਹੋਇਆ ਹੈ। ਹਾਈਕੋਰਟ ਨੇ ਇਕ ਜਨਹਿਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਖੁਦਕੁਸ਼ੀਆਂ ਦੇ ਮਾਮਲੇ 'ਚ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਦੇ ਡਵੀਜ਼ਨ ਬੈਂਚ ਵੱਲੋਂ 2015 'ਚ ਵੀ ਸਰਕਾਰ ਨੂੰ ਖੁਦਕੁਸ਼ੀਆਂ ਦੇ ਮਾਮਲੇ ਵਿਚ ਉਚਿਤ ਕਦਮ ਚੁੱਕਣ ਦੇ ਆਦੇਸ਼ ਦਿੱਤੇ ਸਨ ਪਰ ਉਸ 'ਤੇ ਕੋਈ ਕਾਰਵਾਈ ਨਹੀਂ ਹੋ ਸਕੀ। ਹੁਣ ਫਿਰ ਤੋਂ ਹਾਈਕੋਰਟ ਦੇ ਡਵੀਜ਼ਨ ਬੈਂਚ ਨੇ ਸਰਕਾਰ ਨੂੰ 25 ਜੁਲਾਈ ਦੇ ਲਈ ਨੋਟਿਸ ਜਾਰੀ ਕਰ ਕੇ ਜਵਾਬ ਤਲਬੀ ਕੀਤੀ ਹੈ। ਉਕਤ ਪਟੀਸ਼ਨ 2015 ਦੇ ਆਦੇਸ਼ਾਂ ਨੂੰ ਲਾਗੂ ਕਰਵਾਉਣ ਲਈ ਦਾਇਰ ਕੀਤੀ ਗਈ ਸੀ।