ਖੁਦਕੁਸ਼ੀ ਮਾਮਲਾ : ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਐੱਸ. ਐੱਸ. ਪੀ. ਦਫ਼ਤਰ ਮੂਹਰੇ ਕੀਤੀ ਨਾਅਰੇਬਾਜ਼ੀ

Wednesday, Jul 12, 2017 - 05:02 PM (IST)


ਫਰੀਦਕੋਟ(ਹਾਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਕ੍ਰਾਂਤੀਕਾਰੀ ਭਾਰਤੀ ਕਿਸਾਨ ਯੂਨੀਅਨ, ਖੇਤ ਮਜ਼ਦੂਰ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ, ਨੌਜਵਾਨ ਭਾਰਤ ਸਭਾ ਤੇ ਸਫ਼ਾਈ ਕਰਮਚਾਰੀ ਯੂਨੀਅਨ ਵੱਲੋਂ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਵਾਲੇ ਨੌਜਵਾਨ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੇ ਦੋਸ਼ੀਆਂ ਖਿਲਾਫ਼ ਪਰਚਾ ਦਰਜ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਸੀਨੀਅਰ ਪੁਲਸ ਕਪਤਾਨ ਨੂੰ ਲਿਖਤੀ ਸ਼ਿਕਾਇਤ ਸੌਂਪੀ ਗਈ। 
ਜਥੇਬੰਦੀਆਂ ਦੇ ਆਗੂਆਂ ਜਸਪਾਲ ਸਿੰਘ ਨੰਗਲ, ਸੂਰਜ ਭਾਨ, ਅਮਰੀਕ ਸਿੰਘ ਭਾਣਾ, ਬੂਟਾ ਸਿੰਘ, ਰਜਿੰਦਰ ਸਿੰਘ, ਨੌਨਿਹਾਲ ਸਿੰਘ, ਕੁਲਦੀਪ ਕੁਮਾਰ ਸ਼ਰਮਾ, ਮੱਖਣ ਸਿੰਘ ਤੇ ਨਿਰਮਲ ਸਿੰਘ ਨੇ ਦੱਸਿਆ ਕਿ ਪਿੰਡ ਚਹਿਲ ਦੇ ਵਸਨੀਕ ਰਛਪਾਲ ਸਿੰਘ ਦੇ ਪੁੱਤਰ ਮਨਪ੍ਰੀਤ ਸਿੰਘ ਨੇ ਕੁਝ ਨੌਜਵਾਨਾਂ ਵੱਲੋਂ ਜਾਤੀ ਪ੍ਰਤੀ ਅਪਸ਼ਬਦ ਬੋਲ ਕੇ ਜ਼ਲੀਲ ਕਰਨ ਤੇ ਸ਼ਿਕਾਇਤ ਕਰਨ ਉਪਰੰਤ ਵੀ ਪੁਲਸ ਵੱਲੋਂ ਇਨ੍ਹਾਂ ਵਿਅਕਤੀਆਂ ਖਿਲਾਫ਼ ਕਾਰਵਾਈ ਨਾ ਕਰਨ ਤੋਂ ਦੁਖੀ ਹੋ ਕੇ 3 ਜੁਲਾਈ ਨੂੰ ਫ਼ਰੀਦਕੋਟ 'ਚੋਂ ਲੰਘਦੀ ਰਾਜਸਥਾਨ ਨਹਿਰ ਵਿਚ ਛਾਲ ਮਾਰ ਦਿੱਤੀ ਸੀ। 
ਰਜਿੰਦਰ ਸਿੰਘ ਤੇ ਬੂਟਾ ਸਿੰਘ ਨੇ ਕਿਹਾ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਵੀ ਪੁਲਸ ਨੇ ਉਸ ਨੂੰ ਪ੍ਰੇਸ਼ਾਨ ਕਰਨ ਵਾਲੇ ਦੋਸ਼ੀਆਂ ਵਿਰੁੱਧ ਕਾਰਵਾਈ ਨਹੀਂ ਕੀਤੀ ਤੇ ਪੁਲਸ ਨੂੰ ਸ਼ਿਕਾਇਤ ਕਰਨ ਦੀ ਰੰਜਿਸ਼ ਕਾਰਨ ਦੋਸ਼ੀਆਂ ਨੇ ਉਸ ਨੂੰ ਹੋਰ ਪ੍ਰੇਸ਼ਾਨ ਕੀਤਾ ਤੇ ਉਸ ਦਾ ਪਿੱਛਾ ਕੀਤਾ। ਆਗੂਆਂ ਨੇ ਕਿਹਾ ਕਿ ਜੇਕਰ ਪੁਲਸ ਉਸ ਵੱਲੋਂ ਦਿੱਤੀ ਸ਼ਿਕਾਇਤ 'ਤੇ ਕਾਰਵਾਈ ਕਰ ਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲੈਂਦੀ ਤਾਂ ਉਸ ਨੂੰ ਬਚਾਇਆ ਜਾ ਸਕਦਾ ਸੀ। ਜਥੇਬੰਦੀਆਂ ਦੇ ਆਗੂਆਂ ਤੇ ਪੀੜਤ ਪਰਿਵਾਰ ਨੇ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ਼ ਮਨਪ੍ਰੀਤ ਸਿੰਘ ਨੂੰ ਜਾਤੀ ਸੂਚਕ ਸ਼ਬਦ ਬੋਲਣ, ਕੱਪੜੇ ਲਾਹ ਕੇ ਜਲੀਲ ਕਰਨ ਤੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਅਤੇ ਦੋਸ਼ੀਆਂ ਨੂੰ ਸ਼ਹਿ ਦੇਣ ਵਾਲੇ ਕਾਂਗਰਸੀ ਆਗੂ ਖਿਲਾਫ਼ ਪਰਚਾ ਦਰਜ ਕੀਤਾ ਜਾਵੇ, ਨਹੀਂ ਤਾਂ ਉਹ ਪੁਲਸ ਵਿਭਾਗ ਖਿਲਾਫ਼ ਤਿੱਖਾ ਸੰਘਰਸ਼ ਵਿੱਢਣਗੇ। ਐੱਸ. ਐੱਸ. ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿਚ ਪੁਲਸ ਪੜਤਾਲ ਕਰ ਰਹੀ ਹੈ ਤੇ ਦੋਸ਼ੀਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


Related News