ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਗੁਰਦੁਆਰੇ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਮੌਤ
Friday, Jul 20, 2018 - 08:17 AM (IST)
ਬਰਨਾਲਾ (ਗਰਗ, ਸ਼ਾਮ) - ਬਰਨਾਲਾ ਦੇ ਪਿੰਡ ਰੂੜੇਕੇ ਖੁਰਦ ਦੇ ਇਕ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਗੁਰਦੁਆਰਾ ਸਾਹਿਬ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅਵਤਾਰ ਸਿੰਘ (35) ਦੇ ਨਾਂ ਵਜੋਂ ਹੋਈ ਹੈ।

ਘਟਨਾ ਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਕਿਸਾਨ ਦੇ ਛੋਟੇ ਭਰਾ ਜਗਵਿੰਦਰ ਸਿੰਘ ਨੇ ਦੱਸਿਆ ਕਿ ਉਹ 2 ਭਰਾ ਸਨ। ਉਨ੍ਹਾਂ ਕੋਲ 4 ਏਕੜ ਜ਼ਮੀਨ ਹੈ ਪਰ ਜ਼ਮੀਨ ਠੇਕੇ 'ਤੇ ਦਿੱਤੀ ਹੋਣ ਕਾਰਨ ਉਨ੍ਹਾਂ ਦਾ ਗੁਜ਼ਾਰਾ ਨਹੀਂ ਸੀ ਹੋ ਰਿਹਾ। ਉਸ ਦੇ ਭਰਾ ਨੇ ਬੈਂਕ ਅਤੇ ਆੜ੍ਹਤੀਆਂ ਤੋਂ 4 ਲੱਖ ਰੁਪਏ ਦਾ ਕਰਜ਼ਾ ਲਿਆ ਹੋਇਆ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਕਿਹਾ ਕਿ ਬੀਤੇ ਦਿਨ ਉਹ ਮਾਤਾ-ਪਿਤਾ ਨਾਲ ਤਲਵੰਡੀ ਸਾਬੋ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਿਆ ਹੋਇਆ ਸੀ ਤਾਂਕਿ ਉਸ ਦੀਆਂ ਮੁਸ਼ਕਲਾਂ ਹੱਲ ਹੋ ਸਕਣ ਪਰ ਉਸ ਨੇ ਗੁਰਦੁਆਰਾ ਸਾਹਿਬ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮੌਕੇ 'ਤੇ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਦਾਖਲ ਕਰਵਾ ਦਿੱਤਾ ਪਰ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਉਸ ਦੀ ਮੌਤ ਹੋ ਗਈ।
ਇਸ ਘਟਨਾ ਦਾ ਪਤਾ ਲੱਗਣ 'ਤੇ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ। ਇਸ ਦੌਰਾਨ ਮੌਜੂਦ ਪਿੰਡ ਦੇ ਸਾਬਕਾ ਸਰਪੰਚ ਮੇਜਰ ਸਿੰਘ, ਸਾਬਕਾ ਸਰਪੰਚ ਜਰਨੈਲ ਕੌਰ, ਰੂਪ ਅਵਤਾਰ ਸਿੰਘ, ਏਕਮਜੋਤ ਸਿੰਘ, ਗੁਰਦੇਵ ਸਿੰਘ ਆਦਿ ਨੇ ਪੰਜਾਬ ਦੀ ਕੈਪਟਨ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ।
