ਗੜ੍ਹੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਮਿਲੇਗਾ : ਸਰਕਾਰੀਆ
Tuesday, Feb 05, 2019 - 09:46 AM (IST)

ਚੰਡੀਗੜ੍ਹ (ਭੁੱਲਰ) : ਪੰਜਾਬ ਦੇ ਮਾਲ ਅਤੇ ਕੁਦਰਤੀ ਆਫਤ ਪ੍ਰਬੰਧਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਹੈ ਕਿ ਪਿਛਲੇ ਦਿਨੀਂ ਸੂਬੇ ਦੇ ਕੁਝ ਹਿੱਸਿਆਂ ਵਿਚ ਗੜ੍ਹੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦੀ ਜਾਰੀ ਕਰ ਦਿੱਤਾ ਜਾਵੇਗਾ। ਇੱਥੋਂ ਜਾਰੀ ਇਕ ਬਿਆਨ 'ਚ ਸਰਕਾਰੀਆ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਕੁਝ ਕਿਸਾਨਾਂ ਦੀਆਂ ਫਸਲਾਂ ਨੂੰ ਗੜ੍ਹੇਮਾਰੀ ਕਾਰਨ ਨੁਕਸਾਨ ਪੁੱਜਾ ਸੀ। ਇਸ ਦੀ ਸੂਚਨਾ ਮਿਲਦੇ ਸਾਰ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਜਾਰੀ ਕਰ ਦਿੱਤੇ ਸਨ। ਫਸਲਾਂ ਨੂੰ ਪੁੱਜੇ ਨੁਕਸਾਨ ਦੀਆਂ ਰਿਪੋਰਟਾਂ ਹਾਲੇ ਪ੍ਰਾਪਤ ਹੋ ਰਹੀਆਂ ਹਨ ਅਤੇ ਜਿਉਂ ਹੀ ਮੁਕੰਮਲ ਰਿਪੋਰਟ ਪ੍ਰਾਪਤ ਹੋ ਜਾਵੇਗੀ, ਮਾਲ ਵਿਭਾਗ ਵੱਲੋਂ ਸਬੰਧਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਜਾਵੇਗੀ।