ਸੁਖਬੀਰ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ : ਸਰਕਾਰੀਆ
Saturday, Jul 03, 2021 - 12:56 PM (IST)
ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਲਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਦਾ ਇਹ ਦਾਅਵਾ ਬਿਲਕੁਲ ਗਲਤ ਹੈ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਜੇਕਰ ਅਗਲੇ 2 ਦਿਨਾਂ ਵਿਚ ਬਿਜਲੀ-ਪਾਣੀ ਦੀ ਸਪਲਾਈ ਨਾ ਹੋਈ ਤਾਂ ਝੋਨੇ ਦੀ ਫ਼ਸਲ ਤਬਾਹ ਹੋ ਜਾਵੇਗੀ। ਜਲ ਸਰੋਤ ਮੰਤਰੀ ਨੇ ਦੱਸਿਆ ਕਿ ਨਹਿਰੀ ਪਾਣੀ ਦੀ ਪੂਰੇ ਪੰਜਾਬ ਵਿਚ ਕਿਤੇ ਵੀ ਕਮੀ ਨਹੀਂ ਹੈ ਅਤੇ ਇਸ ਸਬੰਧੀ ਅਜੇ ਤਕ ਇਕ ਵੀ ਕਿਸਾਨ ਵੱਲੋਂ ਕੋਈ ਸ਼ਿਕਾਇਤ ਨਹੀਂ ਕੀਤੀ ਗਈ ਪਰ ਸੁਖਬੀਰ ਗਲਤ ਤੱਥ ਪੇਸ਼ ਕਰ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਾਲ ਬਰਫ਼ ਘੱਟ ਪੈਣ ਅਤੇ ਬਰਸਾਤਾਂ ਘੱਟ ਹੋਣ ਕਾਰਨ ਭਾਖੜਾ ਡੈਮ, ਪੌਂਗ ਡੈਮ ਅਤੇ ਰਣਜੀਤ ਸਾਗਰ ਡੈਮ ਵਿਚ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਮੁਕਾਬਲੇ ਕ੍ਰਮਵਾਰ 56.24 ਫੁੱਟ, 55.84 ਫੁੱਟ ਅਤੇ 10.10 ਮੀਟਰ ਘੱਟ ਹੈ। ਮੀਂਹ ਘੱਟ ਪੈਣ ਕਾਰਨ ਨਹਿਰੀ ਪਾਣੀ ਦੀ ਮੰਗ ਬਹੁਤ ਵੱਧ ਗਈ ਹੈ। ਇਸ ਦੇ ਬਾਵਜੂਦ ਨਹਿਰਾਂ ਵਿਚ ਪਾਣੀ ਹਰ ਸਾਲ ਦੀ ਤਰ੍ਹਾਂ ਪੂਰੀ ਸਮਰੱਥਾ ਨਾਲ ਛੱਡਿਆ ਜਾ ਰਿਹਾ ਹੈ। ਜਿਵੇਂ ਕਿ ਮਾਲਵਾ ਖੇਤਰ ਨੂੰ ਪਾਣੀ ਦੀ ਸਪਲਾਈ ਕਰਨ ਵਾਲਾ ਸਰਹਿੰਦ ਨਹਿਰ ਸਿਸਟਮ ਆਪਣੀ ਸਮਰੱਥਾ ਅਨੁਸਾਰ 11000 ਕਿਊਸਿਕ ਅਤੇ ਫਿਰੋਜ਼ਪੁਰ ਨਹਿਰ ਸਿਸਟਮ ਲਗਭਗ 10000 ਕਿਊਸਿਕ ਸਮਰੱਥਾ ਨਾਲ ਚੱਲ ਰਿਹਾ ਹੈ।
ਇਸੇ ਤਰ੍ਹਾਂ ਦੁਆਬਾ ਖੇਤਰ ਨੂੰ ਨਹਿਰੀ ਪਾਣੀ ਸਪਲਾਈ ਕਰਨ ਵਾਲੀ ਬਿਸਤ ਦੁਆਬ ਨਹਿਰ 1450 ਕਿਊਸਿਕ, ਸ਼ਾਹ ਨਹਿਰ ਸਿਸਟਮ ਲਗਭਗ 600 ਕਿਊਸਿਕ ਅਤੇ ਮਾਝਾ ਖੇਤਰ ਨੂੰ ਪਾਣੀ ਦੀ ਸਪਲਾਈ ਕਰਨ ਵਾਲਾ ਅੱਪਰ ਬਾਰੀ ਦੁਆਬ ਨਹਿਰ ਸਿਸਟਮ ਲਗਭਗ 6000 ਕਿਊਸਿਕ ਸਮਰੱਥਾ ਨਾਲ ਚੱਲ ਰਿਹਾ ਹੈ। ਜਲ ਸਰੋਤ ਮੰਤਰੀ ਅਨੁਸਾਰ ਜਿੱਥੇ ਕਿਤੇ ਵੀ ਨਹਿਰਾਂ/ਕੱਸੀਆਂ ਦੀ ਹਾਲਤ ਠੀਕ ਨਾ ਹੋਣ ਕਾਰਣ ਨਹਿਰਾਂ ਸਮਰੱਥਾ ਅਨੁਸਾਰ ਪਾਣੀ ਨਹੀਂ ਲੈ ਸਕਦੀਆਂ, ਉੱਥੇ ਹਰ ਸਾਲ ਦੀ ਤਰ੍ਹਾਂ ਰੋਟੇਸ਼ਨ ਸਿਸਟਮ ਲਾਗੂ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਟੇਲਾਂ `ਤੇ ਵੀ ਲਗਭਗ ਪੂਰਾ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀ ਇਸ ਨੂੰ ਰੋਜ਼ਾਨਾ ਨਿਗਰਾਨੀ ਵੀ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਰੱਤੀ ਭਰ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇਗਾ।
ਉਨ੍ਹਾਂ ਦੱਸਿਆ ਕਿ ਬਿਜਲੀ ਦੀ ਸਮੱਸਿਆ ਵੀ ਇਕ-ਦੋ ਦਿਨਾਂ ਵਿਚ ਠੀਕ ਹੋ ਜਾਵੇਗੀ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸਬੰਧੀ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਕਹਿਣਾ ਸਰਾਸਰ ਗਲਤ ਅਤੇ ਤੱਥ ਰਹਿਤ ਹੈ ਕਿ ਜ਼ਮੀਨਾਂ ਨੂੰ ਨਹਿਰੀ ਪਾਣੀ ਉਪਲੱਬਧ ਨਾ ਹੋਣ ਕਰਕੇ ਝੋਨੇ ਦੀ ਬੀਜੀ ਫ਼ਸਲ ਤਬਾਹ ਹੋ ਰਹੀ ਹੈ। ਸਰਕਾਰੀਆ ਨੇ ਕਿਹਾ ਕਿ ਪਿਛਲੀ ਸਰਕਾਰ ਦੇ ਮੁਕਾਬਲੇ ਮੌਜੂਦਾ ਸਰਕਾਰ ਦੇ ਫ਼ੈਸਲੇ ਕਿਸਾਨਾਂ ਪੱਖੀ ਹਨ ਅਤੇ ਕਿਸਾਨਾਂ ਦੀ ਖੁਸ਼ਹਾਲੀ ਲਈ ਕੈਪਟਨ ਸਰਕਾਰ ਨੇ ਬਹੁਤ ਸਾਰੇ ਕਾਰਗਰ ਕਦਮ ਚੁੱਕੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ