ਸੁਖਬੀਰ ਤੇ ਹਰਸਿਮਰਤ ਵਲੋਂ ਸਿੱਖ ਭਾਈਚਾਰੇ ''ਚ ਵੰਡੀਆਂ ਪਵਾਉਣ ਦੇ ਯਤਨ ਮੰਦਭਾਗੇ : ਕੈਪਟਨ
Monday, Nov 04, 2019 - 07:45 PM (IST)
ਚੰਡੀਗੜ੍ਹ,(ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ 'ਤੇ ਹੋਣ ਵਾਲੇ ਸਮਾਗਮਾਂ 'ਚ ਬਾਦਲਾਂ ਵੱਲੋਂ ਆਪਣੀ ਚੌਧਰ ਜਮਾਉਣ ਦੀਆਂ ਕੋਸ਼ਿਸ਼ਾਂ ਕਰਨ ਨਾਲ ਉਹ ਬਰਗਾੜੀ ਅਤੇ ਬੇਅਦਬੀ ਦੇ ਹੋਰ ਮਾਮਲਿਆਂ ਵਿੱਚ ਦੁੱਧ ਧੋਤੇ ਸਾਬਤ ਨਹੀਂ ਹੋ ਸਕਦੇ। ਅੱਜ ਸਵੇਰੇ ਇੱਥੇ ਵਿਧਾਨ ਸਭਾ ਵਿਖੇ ਨਵੇਂ ਚੁਣੇ ਵਿਧਾਇਕਾਂ ਦੇ ਸਹੁੰ-ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਵੱਖ-ਵੱਖ ਮਾਮਲਿਆਂ ਨੂੰ ਰੋਕਣ ਅਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨਿਹੱਥੇ ਸਿੱਖਾਂ 'ਤੇ ਗੋਲੀਆਂ ਚਲਾਉਣ ਵਿੱਚ ਨਾਕਾਮ ਰਹਿਣ ਕਰਕੇ ਸਿੱਖ ਭਾਈਚਾਰੇ ਨੇ ਬਾਦਲਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ ਪਰ ਇਨ੍ਹਾਂ ਨੇ ਇਸ ਤੋਂ ਕੋਈ ਸਬਕ ਨਹੀਂ ਸਿੱਖਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਹੋਈਆਂ ਚੋਣਾਂ ਵਿੱਚ ਸਿੱਖ ਸੰਗਤ ਨੇ ਅਕਾਲੀਆਂ ਨੂੰ ਮੂੰਹ ਨਹੀਂ ਲਾਇਆ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਹਾਲ ਹੀ ਵਿੱਚ ਸੰਸਦੀ ਚੋਣਾਂ ਵਿੱਚ ਕੁਝ ਵੋਟਾਂ ਦੇ ਫਰਕ ਨਾਲ ਸੰਸਦ ਦੀਆਂ ਪੌੜੀਆਂ ਮਸਾਂ ਹੀ ਚੜ੍ਹ ਸਕੀ। ਉਨ੍ਹਾਂ ਕਿਹਾ ਕਿ ਬਾਦਲਾਂ ਵੱਲੋਂ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕਰਨ ਦੇ ਕੀਤੇ ਢਕਵੰਜ ਤੋਂ ਲੋਕ ਚੰਗੀ ਤਰ੍ਹਾਂ ਵਾਕਫ਼ ਹੋ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸੁਖਬੀਰ ਬਾਦਲ ਤੇ ਉਸ ਦੀ ਪਤਨੀ ਹਰਸਿਮਰਤ ਬਾਦਲ ਦੀ ਕਮਾਂਡ ਹੇਠ ਅਕਾਲੀ ਸਿੱਖ ਭਾਈਚਾਰੇ ਵਿੱਚ ਵੰਡੀਆਂ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਜਦਕਿ ਵਿਸ਼ਵ ਵਿਆਪੀ ਭਾਈਚਾਰੇ ਦਾ ਮਹਾਨ ਸੰਦੇਸ਼ ਦੇਣ ਵਾਲੇ ਗੁਰੂ ਸਾਹਿਬ ਜੀ ਦਾ ਗੁਰਪੁਰਬ ਮਨਾ ਰਹੇ ਹਨ ਜਿਨ੍ਹਾਂ ਨੇ ਅੰਤਰ-ਧਰਮ ਸਦਭਾਵਨਾ ਅਤੇ ਸੰਵਾਦ ਲਈ ਯੋਗਦਾਨ ਪਾਇਆ। ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਧਾਰਮਿਕ ਸੰਸਥਾ ਬਾਦਲਾਂ ਦੇ ਹੱਥਾਂ ਵਿੱਚ ਖੇਡ ਕੇ ਗੁਰੂ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਦਾ ਮਜ਼ਾਕ ਬਣਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਤੌਰ 'ਤੇ ਅਜਿਹੇ ਸਾਰੇ ਵੱਡੇ ਸਮਾਗਮ ਹਮੇਸ਼ਾ ਸੂਬਾ ਸਰਕਾਰ ਵੱਲੋਂ ਮਨਾਏ ਜਾਂਦੇ ਰਹੇ ਹਨ ਪਰ ਸ਼੍ਰੋਮਣੀ ਕਮੇਟੀ ਇਸ ਵਾਰ ਅਕਾਲੀਆਂ ਦੇ ਇਸ਼ਾਰੇ 'ਤੇ ਸੂਬਾ ਸਰਕਾਰ ਦੇ ਪ੍ਰੋਗਰਾਮਾਂ ਨੂੰ ਸਹਿਯੋਗ ਦੇਣ ਤੋਂ ਮੁਨਕਰ ਹੋ ਗਈ ਹੈ। ਮੁੱਖ ਮੰਤਰੀ ਨੇ ਚੇਤੇ ਕਰਦੇ ਹੋਏ ਆਖਿਆ ਕਿ ਉਨ੍ਹਾਂ ਦੇ ਮੁੱਖ ਮੰਤਰੀ ਵਜੋਂ ਪਿਛਲੇ ਕਾਰਜ ਕਾਲ ਦੌਰਾਨ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਅਤੇ ਅਜਿਹੇ ਹੋਰ ਇਤਿਹਾਸਕ ਧਾਰਮਿਕ ਸਮਾਗਮਾਂ ਨੂੰ ਸੂਬਾ ਸਰਕਾਰ ਵੱਲੋਂ ਮਨਾਇਆ ਗਿਆ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ 'ਤੇ ਮਨਾਉਣ ਲਈ ਉਨ੍ਹਾਂ ਦੀ ਸਰਕਾਰ ਨੇ ਸ਼੍ਰੋਮਣੀ ਕਮੇਟੀ ਕੋਲ ਹਰ ਤਰ੍ਹਾਂ ਨਾਲ ਪਹੁੰਚ ਕੀਤੀ ਪਰ ਧਾਰਮਿਕ ਸੰਸਥਾ ਸਿੱਧੇ ਤੌਰ 'ਤੇ ਇਸ ਮਾਮਲੇ ਵਿੱਚ ਅਕਾਲੀਆਂ ਦੇ ਏਜੰਡੇ 'ਤੇ ਚੱਲ ਰਹੀ ਹੈ। ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਆਸ ਨਹੀਂ ਕਿ ਪਾਕਿਸਤਾਨ ਲਾਂਘੇ ਰਾਹੀਂ ਕੋਈ ਗਲਤੀ ਕਰਨ ਦੀ ਹਿੰਮਤ ਰੱਖਦਾ ਹੈ ਪਰ ਇਕ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਸਮੇਂ ਚੌਕਸ ਰਹਿਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੇ ਸਥਿਤੀ 'ਤੇ ਪੂਰੀ ਨਜ਼ਰ ਬਣਾਈ ਹੋਈ ਹੈ। ਪਰਾਲੀ ਸਾੜਣ ਦੀ ਸਮੱਸਿਆ ਦੇ ਸਥਾਈ ਹੱਲ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਮੋਦੀ ਸਰਕਾਰ ਦੀ ਸੁਸਤ ਰਵੱਈਏ 'ਤੇ ਦੁੱਖ ਜ਼ਾਹਰ ਕਰਦਿਆਂ ਆਖਿਆ ਕਿ ਗੇਂਦ ਹੁਣ ਕੇਂਦਰ ਦੇ ਪਾਲੇ ਵਿੱਚ ਹੈ ਜਿਸ ਨੂੰ ਇਸ ਸਮੱਸਿਆ ਦਾ ਹੱਲ ਕੱਢਣ ਲਈ ਠੋਸ ਫੈਸਲੇ ਲੈਣੇ ਚਾਹੀਦੇ ਹਨ।