ਬਜਟ ''ਚ ਕਿਸਾਨਾਂ ਲਈ ਕੀਤਾ 6000 ਦਾ ਐਲਾਨ ਕਾਫੀ ਨਹੀਂ : ਸੁਖਬੀਰ
Sunday, Feb 03, 2019 - 06:39 PM (IST)

ਚੰਡੀਗੜ੍ਹ : ਮੋਦੀ ਸਰਕਾਰ ਵਲੋਂ ਆਖਰੀ ਬਜਟ ਪੇਸ਼ ਕਰਨ ਤੋਂ ਦੋ ਦਿਨ ਬਾਅਦ ਭਾਈਵਾਲ ਪਾਰਟੀ ਅਕਾਲੀ ਦਲ ਨੇ ਮੀਡੀਆ ਸਾਹਮਣੇ ਆ ਕੇ ਇਸ ਬਜਟ ਦੀ ਸ਼ਲਾਘਾ ਕੀਤੀ ਹੈ। ਐਤਵਾਰ ਨੂੰ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਬਜਟ ਵਿਚ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਸੁਖਬੀਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਦੋ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ 6 ਹਜ਼ਾਰ ਰੁਪਏ ਸਾਲਾਨਾ ਮਦਦ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੁਖਬੀਰ ਨੇ ਕਿਹਾ ਕਿ ਭਾਵੇਂ ਮੋਦੀ ਸਰਕਾਰ ਦਾ ਇਹ ਐਲਾਨ ਸ਼ਲਾਘਾਯੋਗ ਹੈ ਕਿ ਪਰ ਦੇਸ਼ ਦੇ ਬਾਕੀ ਸੂਬਿਆਂ ਦੇ ਮੁਕਾਬਲੇ ਪੰਜਾਬ ਦੇ ਕਿਸਾਨਾਂ ਲਈ ਇਹ ਐਲਾਨ ਕਾਫੀ ਨਹੀਂ ਹੈ ਕਿਉਂਕਿ ਦੇਸ਼ ਦੇ ਬਾਕੀ ਸੂਬਿਆਂ ਦੇ ਕਿਸਾਨ ਸਿਰਫ ਇਕ ਹੀ ਖੇਤੀ ਕਰਦੇ ਹਨ ਜਦਕਿ ਪੰਜਾਬ ਦੇ ਕਿਸਾਨ ਸਾਲ ਵਿਚ ਦੋ ਤਿੰਨ ਫਸਲਾਂ ਦੀ ਖੇਤੀ ਕਰਦੇ ਹਨ। ਲਿਹਾਜ਼ਾ ਪੰਜਾਬ ਦੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਇਹ ਰਕਮ ਦੁੱਗਣੀ ਕਰਨੀ ਚਾਹੀਦੀ ਹੈ।
ਇਸ ਦੇ ਨਾਲ ਹੀ ਸੁਖਬੀਰ ਨੇ ਕਿਹਾ ਕਿ ਹੁਣ ਜਦੋਂ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਬਾਂਹ ਫੜੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਚਾਹੀਦੀ ਹੈ ਕਿ ਜਿਸ ਤਰ੍ਹਾਂ ਕੇਂਦਰ ਵਲੋਂ ਕਿਸਾਨਾਂ ਲਈ ਐਲਾਨ ਕੀਤਾ ਗਿਆ ਹੈ, ਉਸੇ ਤਰਜ਼ 'ਤੇ ਪੰਜਾਬ ਸਰਕਾਰ ਵੀ ਹੀ ਸਾਲਾਨਾ ਉਨੀ ਰਕਮ ਕਿਸਾਨਾਂ ਨੂੰ ਦੇਵੇ। ਸੁਖਬੀਰ ਨੇ ਕਿਹਾ ਕਿ ਕੇਂਦਰ ਵਲੋਂ ਮਜ਼ਦੂਰਾਂ ਲਈ ਸ਼ੁਰੂ ਕੀਤੀ ਸਕੀਮ ਵਿਚ ਖੇਤ ਮਜ਼ਦੂਰਾਂ ਨੂੰ ਵੀ ਸ਼ਾਮਲ ਕਰਨਾ ਚਾਹੀਦਾ ਹੈ, ਇਸ ਲਈ ਉਹ ਕੇਂਦਰੀ ਵਿੱਤ ਮੰਤਰੀ ਨਾਲ ਮੁਲਾਕਾਤ ਕਰਕੇ ਇਸ ਦੀ ਮੰਗ ਕਰਨਗੇ।