ਸੁਖਬੀਰ ਬਾਦਲ ਨੂੰ ਕੈਪਟਨ ਦਾ ਜਵਾਬ, ਸੁਣਾਈਆਂ ਖਰੀਆਂ-ਖਰੀਆਂ

12/14/2019 6:49:49 PM

ਚੰਡੀਗੜ੍ਹ : ਨਾਗਰਿਕਤਾ ਸੋਧ ਬਿੱਲ ਸੰਬੰਧੀ ਅਫਗਾਨਿਸਤਾਨ ਦੇ ਸਿੱਖਾਂ ਬਾਰੇ ਸੁਖਬੀਰ ਬਾਦਲ ਵੱਲੋਂ ਕੀਤੀ ਟਿੱਪਣੀ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਜਿਵੇਂ ਸੁਖਬੀਰ ਸੰਵਿਧਾਨਿਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਦੀ ਬਜਾਏ ਘਟੀਆ ਸਿਆਸਤ ਖੇਡਣ ਵਿਚ ਵਧੇਰੇ ਦਿਲਚਸਪੀ ਰੱਖਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਦੇ ਧਰਮ ਨਿਰਪੱਖ ਚਰਿੱਤਰ ਅਤੇ ਸੰਵਿਧਾਨ ਦੀ ਰਾਖੀ ਖਾਤਰ ਲੜਾਈ ਲੜ ਰਹੇ ਲੋਕ ਮਾਰੇ ਜਾ ਰਹੇ ਹਨ ਜਦਕਿ ਦੂਜੇ ਪਾਸੇ ਸੁਖਬੀਰ ਅਜਿਹੀ ਗੰਭੀਰ ਸਥਿਤੀ 'ਤੇ ਹੋਛੀ ਪੱਧਰ ਦੀ ਸਿਆਸਤ ਖੇਡਣ ਵਿਚ ਰੁੱਝਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਜਮਹੂਰੀ ਅਤੇ ਧਰਮ ਨਿਰਪੱਖਤਾ ਦੇ ਵਿਲੱਖਣ ਅਤੇ ਨਿਆਰੇਪਣ ਨੂੰ ਕਾਇਮ ਰੱਖਣ ਲਈ ਸਭ ਕੁਝ ਦਾਅ 'ਤੇ ਲੱਗਾ ਹੋਇਆ ਹੈ।

ਦੱਸਣਯੋਗ ਹੈ ਕਿ ਸੁਖਬੀਰ ਬਾਦਲ ਨੇ ਇਹ ਸਵਾਲ ਕੀਤਾ ਸੀ ਕਿ ਕੀ ਕੈਪਟਨ ਅਮਰਿੰਦਰ ਸਿੰਘ ਅਫਗਾਨਿਸਤਾਨ ਤੋਂ ਹਿਜਰਤ ਕਰਨ ਵਾਲੇ ਸਿੱਖਾਂ ਨੂੰ ਭਾਰਤੀ ਨਾਗਰਿਕਤਾ ਮਿਲਣ ਦੇ ਹੱਕ ਵਿਚ ਨਹੀਂ, ਜਿਸ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਸਲਾ ਇਸ ਵੇਲੇ ਕਿਸੇ ਖਾਸ ਭਾਈਚਾਰੇ ਨੂੰ ਨਾਗਰਿਕਤਾ ਦੇਣ ਜਾਂ ਨਾ ਦੇਣ ਦਾ ਨਹੀਂ ਹੈ, ਸਗੋਂ ਇਹ ਮਸਲਾ ਕੇਂਦਰ ਸਰਕਾਰ ਵੱਲੋਂ ਸਾਡੇ ਸੰਵਿਧਾਨ ਜੋ ਮੁਲਕ ਦੀ ਹੋਂਦ ਦਾ ਆਧਾਰ ਹੈ, ਨਾਲ ਛੇੜ-ਛਾੜ ਕੀਤੇ ਜਾਣ ਨਾਲ ਜੁੜਿਆ ਹੈ ਅਤੇ ਕੇਂਦਰ ਸਰਕਾਰ ਵਿਚ ਅਕਾਲੀ ਦਲ ਵੀ ਭਾਈਵਾਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੀ ਸ਼੍ਰੋਮਣੀ ਅਕਾਲੀ ਦਲ ਨੇ ਇਸ ਬਿੱਲ ਬਾਰੇ ਆਪਣੇ ਮੁੱਢਲੇ ਪ੍ਰਤੀਕਰਮ ਵਿਚ ਇਹ ਨਹੀਂ ਕਿਹਾ ਸੀ ਕਿ ਇਸ ਸੋਧ ਬਿੱਲ ਦਾ ਲਾਭ ਮੁਸਲਮਾਨਾਂ ਨੂੰ ਵੀ ਦਿੱਤਾ ਜਾਣਾ ਚਾਹੀਦਾ ਹੈ? ਉਨ੍ਹਾਂ ਨੇ ਇਸ ਮਸਲੇ 'ਤੇ ਅਕਾਲੀਆਂ ਵੱਲੋਂ ਯੂ-ਟਰਨ ਲਏ ਜਾਣ 'ਤੇ ਇਸ ਦਾ ਜਵਾਬ ਦੇਣ ਲਈ ਆਖਿਆ। ਉਨਾਂ ਕਿਹਾ ਕਿ ਸੁਖਬੀਰ ਦੇ ਅੰਤਰ-ਵਿਰੋਧੀ ਬਿਆਨਾਂ ਨਾਲ ਇਕ ਵਾਰ ਫਿਰ ਇਹ ਸਿੱਧ ਹੋ ਗਿਆ ਕਿ ਉਹ ਇਕ ਅਸੂਲਹੀਣ ਲੀਡਰ ਹੈ ਜਿਸ ਦੇ ਕੋਲ ਨਾ ਤਾਂ ਕਦਰਾਂ-ਕੀਮਤਾਂ ਹਨ ਅਤੇ ਨਾ ਹੀ ਨੈਤਿਕਤਾ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਮਸਲੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਆਖਿਆ।


Gurminder Singh

Content Editor

Related News