ਸੁਖਬੀਰ ਨੇ ਢਿੱਲਵਾਂ ਕਤਲ ਮਾਮਲਾ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਉਠਾਇਆ

11/24/2019 1:18:21 AM

ਚੰਡੀਗੜ੍ਹ,(ਅਸ਼ਵਨੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਦਲਬੀਰ ਸਿੰਘ ਢਿੱਲਵਾਂ ਦੇ ਭਿਆਨਕ ਕਤਲ ਦੇ ਮਾਮਲੇ 'ਚ ਕਮਿਸ਼ਨ ਬਟਾਲਾ ਦੇ ਐੱਸ. ਐੱਸ. ਪੀ. ਨੂੰ ਨਿਰਦੇਸ਼ ਦੇਵੇ ਕਿ ਉਹ ਤੁਰੰਤ ਪੀੜਤ ਪਰਿਵਾਰ ਦੇ ਬਿਆਨ ਕਲਮਬੱਧ ਕਰੇ ਤੇ ਇਸ 'ਸਿਆਸੀ ਕਤਲ' ਕੇਸ 'ਚ ਜੇਲ ਮੰਤਰੀ ਸੁਖਜਿੰਦਰ ਰੰਧਾਵਾ ਖ਼ਿਲਾਫ ਐੱਫ. ਆਈ. ਆਰ. ਦਰਜ ਕਰ ਕੇ ਤੁਰੰਤ ਬਣਦੀ ਕਾਰਵਾਈ ਕਰੇ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਐੱਚ. ਐੱਲ. ਦੱਤੂ ਨੂੰ ਲਿਖੀ ਚਿੱਠੀ 'ਚ ਅਕਾਲੀ ਦਲ ਪ੍ਰਧਾਨ ਨੇ ਅਪੀਲ ਕੀਤੀ ਕਿ ਉਹ ਬਟਾਲਾ ਦੇ ਐੱਸ. ਐੱਸ. ਪੀ. ਉਪਿੰਦਰਜੀਤ ਸਿੰਘ ਘੁੰਮਣ ਨੂੰ ਤੁਰੰਤ ਪੀੜਤ ਪਰਿਵਾਰ ਦੇ ਬਿਆਨ ਕਲਮਬੱਧ ਕਰਨ ਤੇ ਇਨ੍ਹਾਂ ਬਿਆਨਾਂ ਨੂੰ ਐੱਫ. ਆਈ. ਆਰ. 'ਚ ਤਬਦੀਲ ਕਰਨ ਦਾ ਨਿਰਦੇਸ਼ ਦੇਣ। ਉਨ੍ਹਾਂ ਦੱਸਿਆ ਕਿ ਸਥਾਨਕ ਪੁਲਸ ਪੀੜਤ ਪਰਿਵਾਰ ਦੇ ਬਿਆਨ ਰਿਕਾਰਡ ਕਰਨ ਤੋਂ ਇਨਕਾਰ ਕਰ ਰਹੀ ਹੈ ਤੇ ਇਸ ਸਬੰਧੀ ਪੰਜਾਬ ਦੇ ਡੀ. ਜੀ. ਪੀ. ਤਕ ਪਹੁੰਚ ਕਰਨ ਦਾ ਵੀ ਕੋਈ ਸਿੱਟਾ ਨਹੀਂ ਨਿਕਲਿਆ। ਸੁਖਬੀਰ ਨੇ ਕਿਹਾ ਕਿ ਬਟਾਲਾ ਪੁਲਸ ਇਸ ਮਾਮਲੇ 'ਚ ਇਸ ਲਈ ਕਾਰਵਾਈ ਨਹੀਂ ਕਰ ਰਹੀ ਹੈ, ਕਿਉਂਕਿ ਪੀੜਤ ਦਲਬੀਰ ਢਿੱਲਵਾਂ ਦੇ ਪੁੱਤਰ ਸੰਦੀਪ ਸਿੰਘ ਨੇ ਸੂਬੇ ਦੇ ਡੀ. ਜੀ. ਪੀ. ਨੂੰ ਲਿਖੀ ਚਿੱਠੀ ਵਿਚ ਇਹ ਦੋਸ਼ ਲਾਇਆ ਹੈ ਕਿ ਉਸ ਦੇ ਪਿਤਾ ਦਾ ਕਤਲ ਇਲਾਕੇ ਦੇ ਵਿਧਾਇਕ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਸਰਪ੍ਰਸਤੀ ਮਾਣ ਰਹੇ ਕਾਂਗਰਸੀਆਂ ਨੇ ਕੀਤਾ ਹੈ। ਸੰਦੀਪ ਨੇ ਇਹ ਵੀ ਕਿਹਾ ਹੈ ਕਿ ਉਸ ਦੇ ਪਿਤਾ ਦਾ ਕਤਲ 2004 ਦੀਆਂ ਸੰਸਦੀ ਚੋਣਾਂ ਦੌਰਾਨ ਵਾਪਰੀ ਉਸ ਘਟਨਾ ਦਾ ਬਦਲਾ ਲੈਣ ਲਈ ਕੀਤਾ ਗਿਆ ਹੈ, ਜਿਸ ਦੌਰਾਨ ਸੁਖਜਿੰਦਰ ਰੰਧਾਵਾ ਦੀ ਦਸਤਾਰ ਲੱਥ ਗਈ ਸੀ। ਸੰਦੀਪ ਨੇ ਦੱਸਿਆ ਹੈ ਕਿ ਉਸ ਘਟਨਾ ਲਈ ਮੰਤਰੀ ਨੇ ਢਿੱਲਵਾਂ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ ਅਤੇ ਉਸ ਦੇ ਦਾਦਾ ਸੰਤ ਸਿੰਘ ਨੂੰ ਧਮਕੀ ਦਿੱਤੀ ਸੀ ਕਿ ਉਹ ਦੋ ਬੇਟੇ ਖੋ ਚੁੱਕਿਆ ਹੈ ਅਤੇ ਜਲਦੀ ਹੀ ਇੱਕ ਹੋਰ ਬੇਟਾ ਖੋ ਦੇਵੇਗਾ।

ਸਰਦਾਰ ਬਾਦਲ ਨੇ ਕਮਿਸ਼ਨ ਮੁਖੀ ਦੇ ਧਿਆਨ ਵਿਚ ਇਹ ਗੱਲ ਵੀ ਲਿਆਂਦੀ ਕਿ ਪੀੜਤ ਪਰਿਵਾਰ ਨੇ ਇਹ ਵੀ ਦੱਸਿਆ ਹੈ ਕਿ ਬਟਾਲਾ ਦਾ ਐੱਸ. ਐੱਸ. ਪੀ. ਉਪਿੰਦਰਜੀਤ ਸਿੰਘ ਘੁੰਮਣ ਇੱਕ ਕਾਂਗਰਸੀ ਬੁਲਾਰੇ ਵਾਂਗ ਕੰਮ ਕਰ ਰਿਹਾ ਹੈ। ਪਰਿਵਾਰ ਨੇ ਦੱਸਿਆ ਹੈ ਕਿ ਦਲਬੀਰ ਦੇ ਕਤਲ ਤੋਂ 15 ਮਿੰਟ ਬਾਅਦ ਹੀ ਐੱਸ. ਐੱਸ. ਪੀ. ਨੇ ਇਹ ਬਿਆਨ ਜਾਰੀ ਕਰ ਦਿੱਤਾ ਸੀ ਕਿ ਦਲਬੀਰ ਦਾ ਕਤਲ ਇੱਕ ਸਿਆਸੀ ਕਤਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦਾ ਇਹ ਕਹਿਣਾ ਹੈ ਕਿ ਇਸ ਕਤਲ ਵਿਚ ਇਲਾਕੇ ਦੇ ਨਾਮੀ ਬਦਮਾਸ਼ ਜੱਗੂ ਭਗਵਾਨਪੁਰੀਆ ਦਾ ਵੀ ਹੱਥ ਹੈ। ਪੀੜਤ ਪਰਿਵਾਰ ਨੇ ਇਹ ਵੀ ਦੱਸਿਆ ਕਿ ਸੀਨੀਅਰ ਪੁਲਸ ਅਧਿਕਾਰੀਆਂ ਦੇ ਬਿਆਨਾਂ ਮੁਤਾਬਿਕ ਜੇਲ ਮੰਤਰੀ ਸੁਖਜਿੰਦਰ ਰੰਧਾਵਾ ਦੀ ਨਿਗਰਾਨੀ ਹੇਠ ਜੱਗੂ ਨੂੰ ਜੇਲ ਵਿਚ ਬੈਠ ਕੇ ਆਪਣੇ ਜੁਰਮ ਦਾ ਧੰਦਾ ਚਲਾਉਣ ਦੀ ਖੁੱਲ੍ਹ ਦਿੱਤੀ ਹੋਈ ਹੈ।


Related News