ਸੁਖਬੀਰ ਬਾਦਲ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦੇਣ ਅਸਤੀਫਾ : ਬੈਂਸ

05/30/2019 11:42:35 PM

ਲੁਧਿਆਣਾ,(ਪਾਲੀ): ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅਕਤੂਬਰ 2015 'ਚ ਬਰਗਾੜੀ ਸਮੇਤ ਹੋਰ ਥਾਵਾਂ 'ਤੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਸਾਜ਼ਿਸ਼ ਰਚਣ ਲਈ ਸੂਬੇ ਦੇ ਉਸ ਮੌਕੇ ਦੇ ਉੱਪ ਮੁੱਖ ਮੰਤਰੀ ਤੇ ਗ੍ਰਹਿ ਵਿਭਾਗ ਦੇ ਮੁਖੀ ਸੁਖਬੀਰ ਸਿੰਘ ਬਾਦਲ, ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਤੇ ਸੌਦਾ ਸਾਧ ਗੁਰਮੀਤ ਰਾਮ ਰਹੀਮ ਦੇ ਨਾਂ ਦਾ ਪਰਦਾਫਾਸ਼ ਕਰਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹੁਣ ਐੱਸ. ਆਈ. ਟੀ. ਵਲੋਂ ਕੀਤੇ ਗਏ ਖੁਲਾਸੇ ਤਹਿਤ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਸੁਖਬੀਰ ਸਮੇਤ ਸੈਣੀ ਤੇ ਸੌਦਾ ਸਾਧ 'ਤੇ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕਰ ਕੇ ਜੇਲ 'ਚ ਸੁੱਟਿਆ ਜਾਣਾ ਚਾਹੀਦਾ ਹੈ। ਜਦਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਖੁਦ ਹੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਵੀ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਵਿਧਾਇਕ ਬੈਂਸ ਨੇ ਦੱਸਿਆ ਕਿ ਪਿਛਲੇ ਦਿਨੀਂ ਐਸ. ਆਈ. ਟੀ. (ਸਪੈਸ਼ਲ ਇਨਵੈਸਟੀਗੇਸ਼ਨ ਟੀਮ) ਵਲੋਂ ਪੂਰੀ ਜਾਂਚ ਕਰਨ ਤੋਂ ਬਾਅਦ ਅਦਾਲਤ 'ਚ ਦਾਇਰ ਕੀਤੀ ਗਈ ਚਾਰਜਸ਼ੀਟ 'ਚ ਦਾਅਵਾ ਕੀਤਾ ਗਿਆ ਹੈ ਕਿ ਬੇਅਦਬੀ ਦੀਆਂ 15 ਘਟਨਾਵਾਂ ਦੀ ਸਾਜਿਸ਼ ਤਤਕਾਲੀ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਡੀ. ਜੀ. ਪੀ. ਸੁਮੇਧ ਸੈਣੀ ਤੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਰਚੀ ਸੀ। ਵਿਧਾਇਕ ਬੈਂਸ ਨੇ ਕਿਹਾ ਕਿ ਹੁਣ ਤਾਂ ਬਿੱਲੀ ਥੈਲਿਓਂ ਬਾਹਰ ਆ ਗਈ ਹੈ ਤੇ ਅਦਾਲਤ 'ਚ ਚਾਰਜਸ਼ੀਟ ਦਾਇਰ ਕਰ ਦਿੱਤੀ ਗਈ ਹੈ। ਜਿਸ ਅਨੁਸਾਰ ਇਨ੍ਹਾਂ ਤਿੰਨਾਂ ਨੇ ਹੀ ਬੇਅਦਬੀ ਦੀਆਂ ਘਟਨਾਵਾਂ ਇਕ ਸਾਜਿਸ਼ ਤਹਿਤ ਰਚੀਆਂ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਪੰਥਕ ਤੇ ਪੰਥਕ ਸਰਕਾਰ ਦੇ ਮੁਖੀ ਅਖਵਾਉਣ ਵਾਲੇ ਸੁਖਬੀਰ ਸਿੰਘ ਬਾਦਲ ਨੂੰ ਤੁਰੰਤ ਹੁਣ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ, ਕਿਉਂਕਿ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਵਾਲਾ ਰਿਹਾ ਹੈ ਤੇ ਸੁਖਬੀਰ ਸਿੰਘ ਬਾਦਲ ਦੇ ਇਨ੍ਹਾਂ ਘਟਨਾਵਾਂ 'ਚ ਸ਼ਾਮਲ ਹੋਣ ਸਬੰਧੀ ਐਸ. ਆਈ. ਟੀ. ਵਲੋਂ ਕੀਤੇ ਗਏ ਦਾਅਵੇ ਅਨੁਸਾਰ ਹੁਣ ਸੁਖਬੀਰ ਸਿੰਘ ਬਾਦਲ ਨੂੰ ਇਸ ਸ਼ਾਨਾਮੱਤੀ ਇਤਿਹਾਸ ਸਮੋਈ ਬੈਠੇ ਅਕਾਲੀ ਦਲ ਦੀ ਪ੍ਰਧਾਨਗੀ ਦੀ ਕੁਰਸੀ 'ਤੇ ਬੈਠਣ ਦਾ ਕੋਈ ਹੱਕ ਨਹੀਂ ਰਹਿ ਜਾਂਦਾ।