ਸੁਖਬੀਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀ ਤਿਆਰੀ ਲਈ ਕਮੇਟੀ ਗਠਿਤ

12/06/2019 1:08:33 AM

ਚੰਡੀਗੜ੍ਹ,(ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਸੰਬਰ, 2020 'ਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ 'ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। 12 ਮੈਂਬਰੀ ਇਸ ਕਮੇਟੀ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੂੰ ਵੀ ਉਚੇਚੇ ਤੌਰ 'ਤੇ ਸ਼ਾਮਲ ਕੀਤਾ ਗਿਆ ਹੈ। ਕਮੇਟੀ ਦੇ ਬਾਕੀ ਮੈਂਬਰਾਂ 'ਚ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਚਰਨਜੀਤ ਸਿੰਘ ਅਟਵਾਲ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਡਾ. ਉਪਿੰਦਰਜੀਤ ਕੌਰ, ਜਗੀਰ ਕੌਰ, ਗੁਲਜਾਰ ਸਿੰਘ ਰਣੀਕੇ ਅਤੇ ਬਲਦੇਵ ਸਿੰਘ ਮਾਨ ਦੇ ਨਾਂ ਸ਼ਾਮਲ ਹਨ।
ਇਹ ਕਮੇਟੀ ਵਿਚਾਰ-ਵਟਾਂਦਰਾ ਕਰਨ ਮਗਰੋਂ ਪਾਰਟੀ ਦੇ ਸ਼ਾਨਾਮੱਤੇ ਇਤਿਹਾਸ ਅਨੁਸਾਰ ਰਿਪੋਰਟ ਤਿਆਰ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਸੌਂਪੇਗੀ। ਇਸੇ ਦੌਰਾਨ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਾਲ ਵੀ ਪਿਛਲੇ ਸਾਲ ਦੀ ਤਰ੍ਹਾਂ ਪਾਰਟੀ ਦਾ ਸਥਾਪਨਾ ਦਿਵਸ ਜੋ ਕਿ 14 ਦਸੰਬਰ, 2019 ਨੂੰ ਆ ਰਿਹਾ ਹੈ ਉਸ ਸਬੰਧੀ 12 ਦਸੰਬਰ, 2019 ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਜਿਨ੍ਹਾਂ ਦਾ ਭੋਗ 14 ਦਸੰਬਰ ਨੂੰ ਸਵੇਰੇ 9 ਪਾਇਆ ਜਾਵੇਗਾ। ਇਸ ਉਪਰੰਤ ਗੁਰਬਾਣੀ ਦਾ ਮਨੋਹਰ ਕੀਰਤਨ ਹੋਵੇਗਾ ਅਤੇ ਅਰਦਾਸ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਸਰਗਰਮ ਵਰਕਰ ਇਸ ਸਮਾਗਮ 'ਚ ਹਿੱਸਾ ਲੈਣਗੇ।