ਕੈਪਟਨ ਖਿਲਾਫ ਹਾਈਕੋਰਟ ਜਾਣਗੇ ''ਸੁਖਬੀਰ ਬਾਦਲ'', ਜਾਣੋ ਕੀ ਹੈ ਮਾਮਲਾ
Wednesday, Jan 15, 2020 - 01:14 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੂਬੇ 'ਚ ਵਧਦੀਆਂ ਬਿਜਲੀ ਦਰਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ। ਸੁਖਬੀਰ ਬਾਦਲ ਦੀ ਅਗਵਾਈ 'ਚ ਬੁੱਧਵਾਰ ਨੂੰ ਅਕਾਲੀ ਵਫਦ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਹਿੰਗੀ ਬਿਜਲੀ ਖਿਲਾਫ ਕੈਪਟਨ ਸਰਕਾਰ ਦੀ ਸ਼ਿਕਾਇਤ ਕੀਤੀ। ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਇੱਥੇ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ ਤਾਂ ਉਹ ਫਿਰ ਹਾਈਕੋਰਟ ਜਾਣਗੇ ਅਤੇ ਇਸ ਸੰਘਰਸ਼ ਨੂੰ ਉਦੋਂ ਤੱਕ ਜਾਰੀ ਰੱਖਣਗੇ, ਜਦੋਂ ਤੱਕ ਕੈਪਟਨ ਸਰਕਾਰ ਦੀ ਪੰਜਾਬ ਦੇ ਲੋਕਾਂ ਨਾਲ ਕੀਤੀ ਜਾ ਰਹੀ ਲੁੱਟ ਖਤਮ ਨਹੀਂ ਹੁੰਦੀ।
ਸੁਖਬੀਰ ਬਾਦਲ ਨੇ ਇਸ ਮੌਕੇ ਰਾਜਪਾਲ ਨੂੰ ਬਿਜਲੀ ਸਬੰਧੀ ਕੈਪਟਨ ਸਰਕਾਰ ਵਲੋਂ ਕੀਤੇ ਗਏ 41 ਹਜ਼ਾਰ ਕਰੋੜ ਦੇ ਘੋਟਾਲੇ ਦੀ ਜਾਣਕਾਰੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ 3 ਨਿਜੀ ਕੰਪਨੀਆਂ ਨੂੰ ਫਾਇਦਾ ਪਹੁੰਚਾ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਜੀ ਕੰਪਨੀਆਂ ਨਾਲ ਕੈਪਟਨ ਸਰਕਾਰ ਦੇ ਅਫਸਰਾਂ ਦੀ ਮਿਲੀ-ਭੁਗਤ ਹੈ, ਜਿਸ ਦਾ ਖਾਮਿਆਜ਼ਾ ਪੰਜਾਬ ਦੀ ਆਮ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸੰਘਰਸ਼ ਨੂੰ ਇੰਝ ਹੀ ਜਾਰੀ ਰੱਖਣਗੇ।