ਸੁਖਬੀਰ ਬਾਦਲ ਵੱਲੋਂ ਅਕਾਲੀ ਵਰਕਰਾਂ ਨੂੰ ਕਿਸਾਨ ਪਰਿਵਾਰਾਂ ਦੀ ਮਦਦ ਕਰਨ ਦੀ ਅਪੀਲ

12/17/2020 11:03:35 AM

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਵਰਕਰਾਂ ਨੂੰ ਕਿਹਾ ਹੈ ਕਿ ਉਹ ਦਿੱਲੀ ਬਾਰਡਰਾਂ ’ਤੇ ਚੱਲ ਰਹੇ ਸੰਘਰਸ਼ 'ਚ ਸ਼ਾਮਲ ਕਿਸਾਨ ਪਰਿਵਾਰਾਂ ਦੀ ਉਨ੍ਹਾਂ ਦੇ ਖੇਤੀਬਾੜੀ ਦੇ ਕੰਮਾਂ 'ਚ ਮਦਦ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਦੁਧਾਰੂ ਪਸ਼ੂਆਂ ਦੀ ਵੀ ਸਰਗਰਮੀ ਨਾਲ ਸਹਾਇਤਾ ਕਰਨ। ਅਕਾਲੀ ਦਲ ਦੇ ਪ੍ਰਧਾਨ ਨੇ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਤੋਂ ਬਾਅਦ ਕਿਹਾ ਕਿ ਕਣਕ ਦੀ ਫਸਲ ਨੂੰ ਸਿੰਚਾਈ ਦੇ ਨਾਲ-ਨਾਲ ਖਾਦ ਦੇਣ ਦੀ ਲੋੜ ਹੈ, ਜਿਸ ਦੌਰਾਨ ਕਿਸਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਕਰਨ ਦੀ ਅਪੀਲ ਉਨ੍ਹਾਂ ਪਾਰਟੀ ਵਰਕਰਾਂ ਨੂੰ ਕੀਤੀ।

ਸੁਖਬੀਰ ਬਾਦਲ ਨੇ ਪਾਰਟੀ ਦੇ ਸਮੁੱਚੇ ਆਗੂਆਂ ਤੇ ਵਰਕਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਉਨ੍ਹਾਂ ਕਿਸਾਨਾਂ ਦੀ ਮਦਦ ਕਰਨ, ਜੋ ਆਪਣੇ ਖੇਤਾਂ ਦੀ ਸੰਭਾਲ ਕਰਨ 'ਚ ਅਸਮਰੱਥ ਹਨ ਕਿਉਂਕਿ ਉਹ ਦਿੱਲੀ ਦੇ ਬਾਰਡਰਾਂ ’ਤੇ ਧਰਨਿਆਂ ’ਤੇ ਡਟੇ ਹਨ। ਬਾਦਲ ਨੇ ਪਾਰਟੀ ਵਰਕਰਾਂ ਨੂੰ ਆਖਿਆ ਕਿ ਉਹ ਉਨ੍ਹਾਂ ਕਿਸਾਨਾਂ ਦੀ ਸਹਾਇਤਾ ਕਰਨ, ਜਿਨ੍ਹਾਂ ਨੂੰ ਆਪਣੇ ਦੁਧਾਰੂ ਪਸ਼ੂਆਂ ਲਈ ਚਾਰਾ ਲਿਆਉਣ 'ਚ ਮੱਦਦ ਦੀ ਲੋੜ ਹੈ।

ਉਨ੍ਹਾਂ ਨੇ ਸਮੁੱਚੇ ਜ਼ਿਲ੍ਹਾ ਪ੍ਰਧਾਨਾਂ, ਸਰਕਲ ਜੱਥੇਦਾਰਾਂ ਅਤੇ ਹਲਕਾ ਸੇਵਾਦਾਰਾਂ ਨੂੰ ਆਖਿਆ ਕਿ ਉਹ ਉਨ੍ਹਾਂ ਕਿਸਾਨਾਂ ਤੱਕ ਪਹੁੰਚਣ, ਜਿਨ੍ਹਾਂ ਨੂੰ ਸਹਾਇਤਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਿਵਾਰਾਂ ਨੂੰ ਕਿਸੇ ਵੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੱਕ ਪਹੁੰਚ ਕਰਨ ਦੀ ਬੇਨਤੀ ਕੀਤੀ ਹੈ।
 


Babita

Content Editor

Related News