ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਭਗਵੰਤ ਮਾਨ ਨੇ ਸਾਰਾ ਪੰਜਾਬ ਕੇਜਰੀਵਾਲ ਦੇ ਪੈਰਾਂ ਹੇਠ ਰੱਖ ਦਿੱਤਾ : ਸੁਖਬੀਰ ਬਾਦਲ
Tuesday, Apr 26, 2022 - 04:13 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਭਗਵੰਤ ਮਾਨ ਸਰਕਾਰ 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਗਏ ਹਨ। ਅੱਜ ਦਿੱਲੀ ਵਿਖੇ ਪੰਜਾਬ ਅਤੇ ਦਿੱਲੀ ਸਰਕਾਰ ਵਿਚਾਲੇ ਹੋਏ ਸਮਝੌਤੇ ਦੀ ਨਿਖ਼ੇਧੀ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਸਾਰਾ ਪੰਜਾਬ ਅਰਵਿੰਦ ਕੇਜਰੀਵਾਲ ਦੇ ਪੈਰਾਂ ਹੇਠ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀਆਂ ਅਤੇ ਮੰਤਰੀਆਂ ਨੂੰ ਬੰਦੀ ਬਣਾ ਲਿਆ, ਇਸ ਲਈ ਰਾਜਪਾਲ ਨੂੰ ਮੀਟਿੰਗ ਲਈ ਮਨ੍ਹਾਂ ਕਰਕੇ ਭਗਵੰਤ ਮਾਨ ਦਿੱਲੀ ਚਲੇ ਗਏ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੇਜਰੀਵਾਲ ਆਪਣੇ ਹਿਸਾਬ ਨਾਲ ਕੰਟਰੋਲ ਕਰ ਰਿਹਾ ਹੈ ਪਰ ਇਸ ਬਾਰੇ ਕੋਈ ਪੁੱਛ-ਗਿੱਛ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਅੱਜ ਜਿਹੜਾ ਸਮਝੌਤਾ ਹੋਇਆ ਹੈ, ਉਸ ਤੋਂ ਬਾਅਦ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ, ਸਗੋਂ ਕੇਜਰੀਵਾਲ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦਾ ਮੁੱਖ ਮੰਤਰੀ ਜਦੋਂ ਚਾਹੇ ਕਿਸੇ ਵੀ ਮਹਿਕਮੇ ਦੀ ਕੋਈ ਵੀ ਅਫ਼ਸਰ ਨੂੰ ਕਿਸੇ ਵੀ ਤਰ੍ਹਾਂ ਦਾ ਹੁਕਮ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਹੁਣ ਦਿੱਲੀ ਦੀ ਨੀਤੀਆਂ ਚੱਲਣਗੀਆਂ।
ਇਹ ਵੀ ਪੜ੍ਹੋ : ਖੰਨਾ ਤੋਂ ਵੱਡੀ ਖ਼ਬਰ : ਫਾਰਚੂਨਰ ਗੱਡੀ ਨਹਿਰ 'ਚ ਡਿੱਗਣ ਕਾਰਨ 5 ਲੋਕਾਂ ਦੀ ਮੌਤ
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਪੰਜਾਬ ਦੀ ਜਨਤਾ ਨੇ ਮੁੱਖ ਮੰਤਰੀ ਇਸ ਲਈ ਨਹੀਂ ਬਣਾਇਆ ਸੀ ਕਿ ਉਹ ਆਪਣੇ ਸੂਬੇ ਦੇ ਹੱਕ ਕਿਸੇ ਹੋਰ ਸੂਬੇ ਦੇ ਮੁੱਖ ਮੰਤਰੀ ਕੋਲ ਗਿਰਵੀ ਰੱਖ ਦੇਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹ ਸਾਫ਼ ਕਰਨਾ ਚਾਹੁੰਦਾ ਹੈ ਕਿ ਪੰਜਾਬ ਦੀ ਜਨਤਾ ਇਸ ਨੂੰ ਕਦੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਦੀ ਪੁਰਜ਼ੋਰ ਨਿੰਦਾ ਕਰਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ