ਸੁਖਬੀਰ ਬਾਦਲ ਤੇ ਬੀਬੀ ਹਰਸਿਮਰਤ ਕੌਰ 21 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
Saturday, Sep 19, 2020 - 02:29 AM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਤੇ ਐਮ. ਪੀ. ਹਰਸਿਮਰਤ ਕੌਰ ਬਾਦਲ 21 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਦੌਰਾਨ ਉਹ 'ਅੰਨਦਾਤਾ' ਪ੍ਰਤੀ ਫਰਜ਼ ਪੂਰਾ ਕਰਨ ਵਾਸਤੇ ਤਾਕਤ ਦੇਣ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕਰਨਗੇ। ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਹੋਵੇਗੀ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਤੇ ਬਠਿੰਡਾ ਦੇ ਮੈਂਬਰ ਪਾਰਲੀਮੈਂਟ 21 ਸਤੰਬਰ ਨੂੰ ਸਵੇਰੇ 11.00 ਵਜੇ ਸ੍ਰੀ ਦਰਬਾਰ ਸਾਹਬਿ ਪੁੱਜਣਗੇ। ਉਨ੍ਹਾਂ ਦਾ ਮੰਨਣਾ ਹੈ ਕਿ ਅਕਾਲ ਪੁਰਖ ਨੇ ਹੀ ਉਹਨਾਂ ਨੂੰ 'ਤਾਕਤ' ਬਖ਼ਸ਼ੀ ਜਿਸ ਦੀ ਬਦੌਲਤ ਉਹ ਸੰਸਦ ਵਿਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਆਵਾਜ਼ ਬੁਲੰਦ ਕਰਨ ਵਿਚ ਕਾਮਯਾਬ ਹੋਏ ਤੇ ਅਕਾਲੀ ਦਲ ਨੇ ਦੇਸ਼ ਦੇ ਕਿਸਾਨਾਂ ਲਈ ਡੱਟ ਕੇ ਸਟੈਂਡ ਲਿਆ।
ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਦੋਵੇਂ 'ਅਰਦਾਸ' ਕਰਨਗੇ ਅਤੇ ਕਿਸਾਨ ਭਾਈਚਾਰੇ ਲਈ ਡੱਟਣ ਦਾ ਦ੍ਰਿੜ੍ਹ ਸੰਕਲਪ ਤੇ ਵਚਨਬੱਧਤਾ ਨੂੰ ਦੁਹਰਾਉਣਗੇ ਤੇ ਆਪਣੇ ਆਪ ਨੂੰ ਇਨ੍ਹਾਂ ਦੀ ਸੇਵਾ ਲਈ ਸਮਰਪਿਤ ਕਰਨਗੇ। ਉਹ ਪੰਥ ਅਤੇ ਪੰਜਾਬ ਦੀ ਚੜ੍ਹਦੀਕਲਾ ਲਈ ਵੀ ਅਰਦਾਸ ਕਰਨਗੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਅਮੀਰ ਤੇ ਸ਼ਾਨਾਮੱਤੇ ਵਿਰਸੇ ਨੂੰ ਬੁਲੰਦ ਰੱਖਣ ਦਾ ਨਿਮਾਣੇ ਹੋ ਕੇ ਇਕਰਾਰ ਵੀ ਕਰਨਗੇ।