ਹੁਸ਼ਿਆਰਪੁਰ ਅਦਾਲਤ 'ਚ ਬਾਦਲਾਂ ਖ਼ਿਲਾਫ਼ ਚੱਲ ਰਹੇ ਕੇਸ 'ਤੇ ਸੁਪਰੀਮ ਕੋਰਟ ਨੇ ਲਾਈ ਰੋਕ

Tuesday, Nov 01, 2022 - 04:08 PM (IST)

ਚੰਡੀਗੜ੍ਹ/ਹੁਸ਼ਿਆਰਪੁਰ  : ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੇ ਵਿਵਾਦ ਦੇ ਸਬੰਧ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਦੇ ਖ਼ਿਲਾਫ਼ ਹੁਸ਼ਿਆਰਪੁਰ ਦੀ ਅਦਾਲਤ 'ਚ ਦਾਇਰ ਕੀਤੇ ਜਾਅਲਸਾਜ਼ੀ ਤੇ ਧੋਖਾਧੜੀ ਦੇ ਕੇਸ ਦੀ ਸੁਣਵਾਈ ’ਤੇ ਰੋਕ ਲਗਾ ਦਿੱਤੀ ਹੈ। ਹੁਸ਼ਿਆਰਪੁਰ ਵਾਸੀ ਬਲਵੰਤ ਸਿੰਘ ਖੇੜਾ ਨੇ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ 'ਚ 2009 'ਚ ਫ਼ੌਜ਼ਦਾਰੀ ਕੇਸ ਦਾਇਰ ਕਰ ਕੇ ਅਕਾਲੀ ਦਲ 'ਤੇ ਦੋ ਸੰਵਿਧਾਨ ਰੱਖਣ ਦੇ ਦੋਸ਼ ਲਗਾਏ ਸਨ। ਉਨ੍ਹਾਂ ਕਿਹਾ ਸੀ ਕਿ ਗੁਰਦੁਆਰਾ ਚੋਣ ਕਮਿਸ਼ਨ ਕੋਲ ਵੱਖਰਾ ਸੰਵਿਧਾਨ ਹੈ ਅਤੇ ਭਾਰਤੀ ਚੋਣ ਕਮਿਸ਼ਨ ਕੋਲੋਂ ਮਾਨਤਾ ਲੈਣ ਲਈ ਵੱਖਰਾ ਸੰਵਿਧਾਨ ਪੇਸ਼ ਕੀਤਾ ਗਿਆ ਤੇ ਹਲਫ਼ੀਆ ਬਿਆਨ ਦਿੱਤਾ ਗਿਆ ਕਿ ਪਾਰਟੀ ਸੰਵਿਧਾਨ 'ਚ ਅੰਕਿਤ ਧਰਮ ਨਿਰਪੱਖਤਾ ਦੇ ਸਿਧਾਂਤਾਂ ਦੀ ਪਾਲਣਾ ਕਰੇਗੀ। ਉਨ੍ਹਾਂ ਕਿਹਾ ਕਿ ਧਾਰਮਿਕ ਪਾਰਟੀ ਵੱਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ : ਜਲੰਧਰ ਦੇ ਮਸ਼ਹੂਰ ਕਾਰੋਬਾਰੀ ਐੱਫ. ਸੀ. ਅਗਰਵਾਲ ਦੇ ਮਾਲਕ ਰਾਜੀਵ ਅਗਰਵਾਲ ਗ੍ਰਿਫ਼ਤਾਰ

ਸ. ਬਾਦਲ ਵੱਲੋਂ ਪੇਸ਼ ਵਕੀਲਾਂ ਨੇ ਅਦਾਲਤ 'ਚ ਦਲੀਲ ਦਿੱਤੀ ਕਿ ਧਾਰਮਿਕ ਚੋਣਾਂ ਧਰਮ ਨਿਰਪੱਖਤਾ ਦੇ ਸਿਧਾਂਤਾਂ ਦੇ ਉਲਟ ਨਹੀਂ ਹਨ ਕਿਉਂਕਿ ਇਕ ਸਿਆਸੀ ਪਾਰਟੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲੜਦੀ ਹੈ, ਇਸ ਦਾ ਇਹ ਮਤਲਬ ਨਹੀਂ ਹੈ ਕਿ ਉਹ ਧਰਮ ਨਿਰਪੱਖ ਨਹੀਂ ਹੈ। ਇਸ ਲਈ ਪਾਰਟੀ ਵੱਲੋਂ ਭਾਰਤੀ ਚੋਣ ਕਮਿਸ਼ਨ ਤੇ ਗੁਰਦੁਆਰਾ ਚੋਣ ਕਮਿਸ਼ਨ ਕੋਲ ਸੰਵਿਧਾਨ ਦੇ ਮਾਮਲੇ 'ਚ ਦਾਇਰ ਜਾਅਲਸਾਜ਼ੀ ਤੇ ਧੋਖਾਧੜੀ ਦੇ ਦੋਸ਼ ਲਗਾ ਕੇ ਕੇਸ ਕਰਨ ਦੀ ਕੋਈ ਤੁੱਕ ਨਹੀਂ ਬਣਦੀ। ਅੱਜ ਮਾਣਯੋਗ ਜਸਟਿਸ ਐੱਸ ਅਬਦੁਲ ਨਜ਼ੀਰ ਤੇ ਮਾਣਯੋਗ ਜਸਟਿਸ ਵੀ. ਸੁਬਰਾਮਨੀਅਮ ਦੀ ਬੈਂਚ ਨੇ ਫ਼ੌਜ਼ਦਾਰੀ ਕੇਸ ਖਾਰਜ ਕਰਨ ਦੀ ਮੰਗ ਕਰਦੀਆਂ ਪਟੀਸ਼ਨਾਂ ’ਤੇ ਸੁਣਵਾਈ ਕੀਤੀ। ਇਸਦਾ ਨੋਟਿਸ ਜਾਰੀ ਕਰਦਿਆਂ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਹੁਸ਼ਿਆਰਪੁਰ ਦੀ ਅਦਾਲਤ 'ਚ ਚੱਲ ਰਹੀ ਫ਼ੌਜ਼ਦਾਰੀ ਸ਼ਿਕਾਇਤ ਦੀ ਸੁਣਵਾਈ ’ਤੇ ਰੋਕ ਲਗਾ ਦਿੱਤੀ।

ਇਹ ਵੀ ਪੜ੍ਹੋ : ਘੋੜੇ ਰੱਖਣ ਦੇ ਸ਼ੌਕੀਨਾਂ ਲਈ ਚੰਗੀ ਖ਼ਬਰ, ਚੰਡੀਗੜ੍ਹ 'ਚ ਹੋਵੇਗੀ ਘੋੜਿਆਂ ਦੀ ਖੁੱਲ੍ਹੀ ਨਿਲਾਮੀ

ਸੀਨੀਅਰ ਵਕੀਲ ਆਰ. ਐੱਸ. ਚੀਮਾ ਸੁਖਬੀਰ ਸਿੰਘ ਬਾਦਲ ਵੱਲੋਂ ਪੇਸ਼ ਹੋਏ। ਸੀਨੀਅਰ ਵਕੀਲ ਕੇ. ਵੀ. ਵਿਸ਼ਵਨਾਥਨ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੇਸ਼ ਹੋਏ। ਇਸ ਤੋਂ ਇਲਾਵਾ ਸੰਦੀਪ ਕਪੂਰ ਡਾ. ਦਲਜੀਤ ਸਿੰਘ ਚੀਮਾ ਵੱਲੋਂ ਪੇਸ਼ ਹੋਏ ਤੇ ਇੰਦਰਾ ਉਨੀਅਰ ਸ਼ਿਕਾਇਤਕਰਤਾ ਵੱਲੋਂ ਪੇਸ਼ ਹੋਏ। ਸ਼ਿਕਾਇਤਕਰਤਾ ਬਲਵੰਤ ਸਿੰਘ ਖੇੜਾ ਵੱਲੋਂ ਪੇਸ਼ ਹੁੰਦਿਆਂ ਵਕੀਲ ਇੰਦਰਾ ਉਨੀਆਰ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਦਲੀਲਾਂ ਪੇਸ਼ ਕਰਨ ਦੀ ਮਨਜ਼ੂਰੀ ਦੇਣ। ਅਦਾਲਤ ਨੇ ਸੰਕੇਤ ਦਿੱਤਾ ਕਿ ਉਹ ਆਪਣਾ ਜਵਾਬ ਦਾਇਰ ਕਰ ਸਕਦੇ ਹਨ, ਜਿਨ੍ਹਾਂ ਦੀ ਸੁਣਵਾਈ ਅਗਲੀ ਤਾਰੀਖ਼ ’ਤੇ ਕੀਤੀ ਜਾਵੇਗੀ। ਰਿਸਪੋਂਡੈਂਟਸ ਨੂੰ ਨੋਟਿਸ ਜਾਰੀ ਕਰਦਿਆਂ ਅਦਾਲਤ ਨੇ ਹੁਸ਼ਿਆਰਪੁਰ ਅਦਾਲਤ 'ਚ ਸ. ਸੁਖਬੀਰ ਸਿੰਘ ਬਾਦਲ, ਸ. ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਦੇ ਖ਼ਿਲਾਫ਼ ਚੱਲ ਰਹੇ ਕੇਸ ਦੀ ਸੁਣਵਾਈ ’ਤੇ ਰੋਕ ਲਗਾ ਦਿੱਤੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News