ਪ੍ਰਾਚੀਨ ਸ਼ਿਵ ਮੰਦਿਰ ਪਹੁੰਚੇ ਸੁਖਬੀਰ ਬਾਦਲ, ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਕਾਂਗਰਸ ਸਰਕਾਰ ’ਤੇ ਵਿੰਨ੍ਹੇ ਨਿਸ਼ਾਨੇ
Friday, Dec 31, 2021 - 08:05 PM (IST)
ਜਲੰਧਰ (ਮਹੇਸ਼)-ਜਲੰਧਰ ਕੈਂਟ ਦੇ ਰਾਮਬਾਗ ਰਹਿਮਾਨਪੁਰ ਦੇ ਪ੍ਰਾਚੀਨ ਸ਼ਿਵ ਮੰਦਿਰ ’ਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ’ਚ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨੇ ਵਿੰਨ੍ਹੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼ਿਵ ਮੰਦਿਰ ’ਚ ਹੋਈ ਬੇਅਦਬੀ ਦੀ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ, ਓਨੀ ਥੋੜ੍ਹੀ ਹੈ। ਇਸ ਨਾਲ ਹਿੰਦੂ ਭਾਈਚਾਰੇ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਿੰਦੂ ਭਾਈਚਾਰੇ ਨਾਲ ਪੂਰੀ ਹਮਦਰਦੀ ਹੈ। ਬਾਦਲ ਨੇ ਕਿਹਾ ਕਿ ਦੋ ਮਹੀਨਿਆਂ ’ਚ ਇਕ ਹੀ ਮੰਦਿਰ ’ਚ ਇਹ ਬੇਅਦਬੀ ਦੀ ਦੂਜੀ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਦੇਰੀ ਦੇ ਦੋਸ਼ੀਆਂ ਦੀ ਸ਼ਨਾਖਤ ਕਰਨ ਤੇ ਸਜ਼ਾਵਾਂ ਦੇਣ ਦੀ ਮੰਗ ਕਰਦੇ ਹਨ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ, ਪ੍ਰਾਚੀਨ ਸ਼ਿਵ ਮੰਦਿਰ ’ਚ ਵਾਪਰੀ ਬੇਅਦਬੀ ਦੀ ਘਟਨਾ
ਬਾਦਲ ਨੇ ਕਿਹਾ ਕਿ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ’ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੇ ਹਾਲ ਹੀ ਦੇ ਦਿਨਾਂ ’ਚ ਸ੍ਰੀ ਅਨੰਦਪੁਰ ਸਾਹਿਬ ਦੇ ਤਖਤ ਸ੍ਰੀ ਕੇਸਗੜ੍ਹ ਸਾਹਿਬ ’ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਹੱਲ ਕਰਨ ’ਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ। ਉਨ੍ਹਾਂ ਸੱਤਾਧਾਰੀ ਕਾਂਗਰਸ ਲੀਡਰਸ਼ਿਪ ’ਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਇਆ। ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਤੇ ਹੋਰ ਆਗੂ ਹਾਜ਼ਰ ਸਨ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ