ਕੇਜਰੀਵਾਲ ਐੱਸ. ਵਾਈ. ਐੱਲ. ਦੇ ਮਾਮਲੇ ’ਤੇ ਸਿਆਸਤ ਨਾ ਕਰਨ : ਸੁਖਬੀਰ ਬਾਦਲ
Wednesday, Apr 20, 2022 - 09:33 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਸਤਲੁਜ ਯਮੁਨਾ ਲਿੰਕ ਨਹਿਰ ਦੇ ਸੰਵੇਦਨਸ਼ੀਲ ਮੁੱਦੇ ’ਤੇ ਰਾਜਨੀਤੀ ਨਾ ਕਰਨ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਕੇਜਰੀਵਾਲ ਨੂੰ ਅਪੀਲ ਕਰਨ ਕਿ ਉਹ ਹਰਿਆਣਾ ਦੇ ਲੋਕਾਂ ਨੂੰ ਇਸ ਮਾਮਲੇ ਵਿਚ ਦਿੱਤੀ ਗਰੰਟੀ ਵਾਪਸ ਲੈਣ। ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਤੋਂ ਆਪਣੀ ਰਵਾਇਤ ਮੁਤਾਬਕ ਪੰਜਾਬੀਆਂ ਨੂੰ ਮੂਰਖ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਨੇ ਹੁਣ ਐਲਾਨ ਕੀਤਾ ਹੈ ਕਿ ਸੂਬੇ ਦੇ ਦਰਿਆਈ ਪਾਣੀ ਹਰਿਆਣਾ ਨਹੀਂ ਜਾਣ ਦਿੱਤੇ ਜਾਣਗੇ ਜਦੋਂ ਕਿ ਇਸਦੇ ਰਾਜ ਸਭਾ ਮੈਂਬਰ ਨੇ ਹਰਿਆਣਾ ਵਿਚ ਕੇਜਰੀਵਾਲ ਵੱਲੋਂ ਗਾਰੰਟੀ ਦਿੱਤੀ ਹੈ ਕਿ ਸਤਲੁਜ ਯਮੁਨਾ ਲਿੰਕ ਨਹਿਰ ਰਾਹੀਂ ਪਾਣੀ ਹਰ ਖੇਤ ਤੱਕ ਪਹੁੰਚਦਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਕੀ ਬੋਲੇ ਰਾਜਾ ਵੜਿੰਗ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਸ ਰਵੱਈਏ ਕਾਰਨ ਸਾਰੇ ਖੇਤਰ ਵਿਚ ਭਾਵਨਾਵਾਂ ਭੜਕ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਮੁੱਖ ਮੰਤਰੀ ਦੀ ਚੁੱਪੀ ਨੂੰ ਪੰਜਾਬੀਆਂ ਦੀ ਕਮਜ਼ੋਰੀ ਸਮਝਿਆ ਜਾ ਰਿਹਾ ਹੈ। ਅਜਿਹਾ ਜਾਪਦਾ ਹੈ ਕਿ ਭਗਵੰਤ ਮਾਨ ਨੂੰ ਕੇਜਰੀਵਾਲ ਦੇ ਮਨਸੂਬਿਆਂ ਦਾ ਪਤਾ ਸੀ ਜੋ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਵਿਚ ਹਲਫੀਆ ਬਿਆਨ ਦਾਇਰ ਕਰਕੇ ਹਰਿਆਣਾ ਤੇ ਦਿੱਲੀ ਲਈ ਐੱਸ. ਵਾਈ. ਐੱਲ. ਰਾਹੀਂ ਪਾਣੀ ਮੰਗਣ ਤੋਂ ਜੱਗ ਜ਼ਾਹਰ ਹੋ ਗਏ ਸਨ। ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਨੇ ਮਾਮਲੇ ਵਿਚ ਦਖਲ ਦੇ ਕੇ ਕੇਜਰੀਵਾਲ ਨੂੰ ਆਪਣੀ ਪਾਰਟੀ ਵੱਲੋਂ ਹਰਿਆਣਾ ਦੇ ਲੋਕਾਂ ਨੂੰ ਦਿੱਤੀ ਗਾਰੰਟੀ ਵਾਪਸ ਲੈਣ ਲਈ ਨਾ ਆਖਿਆ ਤਾਂ ਫਿਰ ਉਹ ਇਸ ਮਾਮਲੇ ’ਤੇ ਪੰਜਾਬੀਆਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਕਿਉਂਕਿ ਪੰਜਾਬੀ ਪਾਣੀ ਦੀ ਇਕ ਬੂੰਦ ਵੀ ਹਰਿਆਣਾ ਨਹੀਂ ਜਾਣ ਦੇਣਗੇ।
ਇਹ ਵੀ ਪੜ੍ਹੋ : ਬਿਜਲੀ ਬਿੱਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਅਫਸਰਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ
ਸੁਖਬੀਰ ਨੇ ਕਿਹਾ ਕਿ ਜਿਥੋਂ ਤੱਕ ਅਕਾਲੀ ਦਲ ਦਾ ਸਵਾਲ ਹੈ ਐੱਸ. ਵਾਈ. ਐਲ ਦਾ ਮਾਮਲਾ 2016 ਵਿਚ ਹੀ ਉਦੋਂ ਹਮੇਸ਼ਾ ਲਈ ਮੁੱਕ ਗਿਆ ਸੀ ਜਦੋਂ ਤਤਕਾਲੀ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਨਹਿਰ ਲਈ ਐਕਵਾਇਰ ਕੀਤੀ ਸਾਰੀ ਜ਼ਮੀਨ ਨੂੰ ਡੀਨੋਟੀਫਾਈ ਕਰਕੇ ਕਿਸਾਨਾਂ ਨੂੰ ਜ਼ਮੀਨ ਵਾਪਸ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਹੁਣ ਨਹਿਰ ਉਸਾਰਨ ਲਈ ਕੋਈ ਜ਼ਮੀਨ ਨਹੀਂ ਹੈ। ਇਸ ਲਈ ਹਰਿਆਣਾ ਲਈ ਨਹਿਰ ਤੋਂ ਪਾਣੀ ਲੈਣ ਦੀਆਂ ਗੱਲਾਂ ਕਰਨਾ ਦਿਨ ਵੇਲੇ ਸੁਫਨੇ ਵੇਖਣ ਵਾਲੀ ਗੱਲ ਹੈ। ਇਕ ਸਵਾਲ ਦੇ ਜਵਾਬ ਵਿਚ ਬਾਦਲ ਨੇ ਆਮ ਆਦਮੀ ਪਾਰਟੀ ਦੇ ਸਿਆਸੀ ਵਿਰੋਧੀਆਂ ਤੋਂ ਬਦਲਾਖੋਰੀ ਲਈ ਪੰਜਾਬ ਪੁਲਸ ਦੀ ਦੁਰਵਰਤੋਂ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਦਿੱਲੀ ਦੇ ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਸ ਦੀ ਦੁਰਵਰਤੋਂ ਨਹੀਂ ਹੋਣ ਦੇਣੀ ਚਾਹੀਦੀ। ਉਨ੍ਹਾਂ ਕਿਹਾ ਕਿ ਅਸੀਂ ਵੇਖ ਰਹੇ ਹਾਂ ਕਿ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ, ਉਨ੍ਹਾਂ ਖਿਲਾਫ ਕੇਸ ਦਰਜ ਹੋ ਰਹੇ ਹਨ ਤੇ ਤਾਜ਼ਾ ਮਾਮਲਾ ਕੁਮਾਰ ਵਿਸ਼ਵਾਸ ਖ਼ਿਲਾਫ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕਿਸਾਨਾਂ ਲਈ ਅਹਿਮ ਖ਼ਬਰ, ਪੀ. ਐੱਸ. ਪੀ. ਸੀ. ਐੱਲ. ਵਲੋਂ ਫਸਲਾਂ ਲਈ ਬਿਜਲੀ ਸਪਲਾਈ ਦਾ ਸ਼ਡਿਊਲ ਜਾਰੀ
ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ ਸੱਤਾ ਇਸ ਲਈ ਨਹੀਂ ਸੌਂਪੀ ਸੀ ਕਿ ਉਹ ਸਿਆਸੀ ਬਦਲਾਖੋਰੀ ’ਤੇ ਉਤਰੇ। ਉਨ੍ਹਾਂ ਕਿਹਾ ਕਿ ਇਹ ਫਤਵਾ ਸਾਫ ਸੁਕਰਾ ਤੇ ਮੁਕੱਦਮੇਬਾਜ਼ੀ ਤੋਂ ਮੁਕਤ ਪ੍ਰਸ਼ਾਸਨ ਅਤੇ ਨਾਲ ਹੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਫਤਵਾ ਸੀ। ਆਮ ਆਦਮੀ ਪਾਰਟੀ ਸਰਕਾਰ ਨੂੰ ਆਪਣੇ ਵਿਰੋਧੀਆਂ ਖ਼ਿਲਾਫ ਕੇਸ ਦਰਜ ਕਰਨ ਦੀ ਥਾਂ ਸਰਕਾਰ ਚਲਾਉਣ ’ਤੇ ਧਿਆਨ ਦੇਣਾ ਚਾਹੀਦਾ ਹੈ। ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਅਕਾਲੀ ਦਲ ਦੇ ਦਫਤਰ ’ਤੇ ਕਬਜ਼ੇ ਬਾਰੇ ਸਵਾਲ ਦੇ ਜਵਾਬ ਵਿਚ ਸੁਖਬੀਰ ਨੇ ਨੇ ਕਿਹਾ ਕਿ ਇਹ 30 ਤੋਂ ਵੱਧ ਸਾਲਾਂ ਤੋਂ ਸਾਡਾ ਦਫਤਰ ਹੈ। ਇਕ ਧੜੇ ਨੇ ਜ਼ਬਰੀ ਕੁਝ ਦਿਨ ਪਹਿਲਾਂ ਇਸ ’ਤੇ ਕਬਜ਼ਾ ਕਰ ਲਿਆ ਸੀ। ਹੁਣ ਕੌਮ ਨੇ ਵਾਪਸ ਅਕਾਲੀ ਦਲ ਨੂੰ ਕਬਜ਼ਾ ਦੇ ਦਿੱਤਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸੰਗਤ ਆਪਣੀ ਮਾਂ ਪਾਰਟੀ ਨਾਲ ਦਗਾ ਕਰਨ ਵਾਲੇ ਕੌਮ ਦੇ ਗੱਦਾਰਾਂ ਨੂੰ ਸਜ਼ਾ ਦੇਵੇਗੀ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਸਖ਼ਤ ਕਦਮ, ਸੂਬੇ ’ਤੇ ਚੜ੍ਹੇ 3 ਲੱਖ ਕਰੋੜ ਦੇ ਕਰਜ਼ ਦਾ ਆਡਿਟ ਕਰਵਾਏਗੀ ਸਰਕਾਰ