ਕੋਰੋਨਾ ਕਾਲ ''ਚ ਲੋਕਾਂ ਦੇ ਬਿਜਲੀ ਦੇ ਬਿੱਲ ਅਤੇ ਟੈਕਸ ਮੁਆਫ਼ ਕਰੇ ਪੰਜਾਬ ਸਰਕਾਰ : ਸੁਖਬੀਰ ਬਾਦਲ

Thursday, May 20, 2021 - 06:10 PM (IST)

ਕੋਰੋਨਾ ਕਾਲ ''ਚ ਲੋਕਾਂ ਦੇ ਬਿਜਲੀ ਦੇ ਬਿੱਲ ਅਤੇ ਟੈਕਸ ਮੁਆਫ਼ ਕਰੇ ਪੰਜਾਬ ਸਰਕਾਰ : ਸੁਖਬੀਰ ਬਾਦਲ

ਫ਼ਿਰੋਜ਼ਪੁਰ (ਕੁਮਾਰ): ਐੱਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਬਜੀਦਪੁਰ ਦੇ ਇਤਿਹਾਸਿਕ ਗੁਰਦੁਆਰਾ ਜਾਮਨੀ ਸਾਹਿਬ ਦੇ ਸਕੂਲਾਂ ਵਿੱਚ 25 ਬੈਡਾਂ ਦੇ ਕੋਵਿਡ ਟਰੀਟਮੈਂਟ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਸਰਦਾਰ ਜਨਮੇਜਾ ਸਿੰਘ ਸੇਖੋਂ, ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਵਰਦੇਵ ਸਿੰਘ ਨੋਨੀ ਮਾਨ, ਐੱਸ.ਜੀ.ਪੀ.ਸੀ. ਮੈਂਬਰ ਦਰਸ਼ਨ ਸਿੰਘ ਸ਼ੇਰਖਾਂ, ਬੰਟੀ ਰੋਮਾਣਾ ਆਦਿ ਅਕਾਲੀ ਆਗੂ ਵੀ ਮੌਜੂਦ ਸਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੋਈ ਵੀ ਵਿਅਕਤੀ ਇਸ ਟਰੀਟਮੈਂਟ ਸੈਂਟਰ ਵਿੱਚ ਜਾ ਕੇ ਆਪਣਾ ਕੋਰੋਨਾ ਦਾ ਇਲਾਜ ਕਰਵਾ ਸਕਦਾ ਹੈ।

ਇਹ ਵੀ ਪੜ੍ਹੋ:  ਸਿਹਤ ਵਿਭਾਗ ਦੀ ਵੱਡੀ ਲਾਪਰਵਾਹੀ, ਕੋਰੋਨਾ ਪਾਜ਼ੇਟਿਵ ਆਸ਼ਾ ਵਰਕਰਾਂ ਨੂੰ ਹੀ ਭੇਜਿਆ ‘ਫਤਿਹ ਕਿੱਟਾਂ’ ਵੰਡਣ

ਉਨ੍ਹਾਂ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਹਸਪਤਾਲ ’ਚੋਂ ਡਾਕਟਰਾਂ ਅਤੇ ਨਰਸਾਂ ਦੀ ਟੀਮ ਇਸ ਸੈਂਟਰ ਵਿੱਚ ਪਹੁੰਚ ਚੁੱਕੀ ਹੈ ਅਤੇ ਇੱਥੇ ਇਲਾਜ ਦੇ ਲਈ ਦਵਾਈਆਂ ਅਤੇ ਆਕਸੀਜਨ ਉਪਲੱਬਧ ਹੈ ਅਤੇ ਮਰੀਜ਼ਾਂ ਨੂੰ ਇਲਾਜ ਦੇ ਨਾਲ-ਨਾਲ ਇੱਥੇ ਲੰਗਰ ਵੀ ਮਿਲੇਗਾ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਐੱਸ.ਜੀ.ਪੀ.ਸੀ. ਵੱਲੋਂ 4 ਸੈਂਟਰ ਖੋਲ੍ਹ ਦਿੱਤੇ ਗਏ ਹਨ ਅਤੇ 4 ਹੋਰ ਖੋਲ੍ਹੇ ਜਾ ਰਹੇ ਹਨ। ਸੁਖਬੀਰ ਸਿੰਘ ਬਾਦਲ ਅਤੇ ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ’ਚ ਕੋਰੋਨਾ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕਰਨ ਵਿੱਚ  ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ ਅਤੇ ਐੱਸ.ਜੀ.ਪੀ.ਸੀ. ਨੇ ਆਪਣੀ ਇਸ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਆਪਣੇ ਕੋਵਿਡ ਟਰੀਟਮੈਂਟ ਸੈਂਟਰ ਖੋਲ੍ਹਣ ਦਾ ਫ਼ੈਸਲਾ ਲਿਆ ਹੈ।

ਇਹ ਵੀ ਪੜ੍ਹੋ:  ਸਾਵਧਾਨ! ਕੋਰੋਨਾ ਦੇ ਨਾਲ-ਨਾਲ ਪੰਜਾਬ 'ਤੇ ਮੰਡਰਾਉਣ ਲੱਗਾ ਬਲੈਕ ਫੰਗਸ ਦਾ ਖ਼ਤਰਾ
 

ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਗਾਉਂਦੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਵੱਲੋਂ ਕੋਵਿਡ ਦੇ ਮਰੀਜ਼ਾਂ ਅਤੇ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਜੋ ਜਾਣਕਾਰੀ ਦਿੱਤੀ ਜਾ ਰਹੀ ਹੈ, ਉਹ ਗਲਤ ਹੈ ਅਤੇ ਅਧੂਰੀ ਹੈ ਅਤੇ ਸਰਕਾਰ ਮਰਨ ਵਾਲਿਆਂ ਦੀ ਅਸਲ ਜਾਣਕਾਰੀ ਛੁਪਾ ਰਹੀ ਹੈ। ਉਨ੍ਹਾਂ ਨੇ ਦੋਸ਼ ਲਗਾਉਂਦੇ ਕਿਹਾ ਕਿ ਪੰਜਾਬ ਸਰਕਾਰ ਨੇ ਆਉਣ ਵਾਲੀ ਦੂਸਰੀ ਲਹਿਰ ਤੋਂ ਪਹਿਲਾਂ ਸਮਾਂ ਰਹਿੰਦੇ ਪੰਜਾਬ ਦੇ ਲੋਕਾਂ ਨੂੰ ਬਚਾਉਣ ਲਈ ਕੋਈ ਇੰਤਜ਼ਾਮ ਨਹੀਂ ਕੀਤੇ, ਜਿਸ ਕਾਰਨ ਪੰਜਾਬ ਵਿੱਚ ਇਸ ਵਾਇਰਸ ਨਾਲ ਬਹੁਤ ਤੇਜ਼ੀ ਨਾਲ ਲੋਕਾਂ ਦੀਆਂ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੇ ਇਲਾਜ ਦੇ ਲਈ ਪ੍ਰਬੰਧ ਬਦ ਤੋਂ ਬਦਤਰ ਹਨ। ਬਾਦਲ ਨੇ ਦੋਸ਼ ਲਗਾਉਂਦੇ ਕਿਹਾ ਕਿ ਉਨ੍ਹਾਂ ਨੇ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਨੂੰ ਵੈਂਟੀਲੇਟਰ ਦਿੱਤੇ ਸੀ, ਪਰ ਦੁੱਖ ਦੀ ਗੱਲ ਇਹ ਹੈ ਕਿ ਅੱਜ ਤੱਕ ਉਹ ਵੈਂਟੀਲੇਟਰ ਖੋਲ੍ਹੇ ਤੱਕ ਨਹੀਂ ਗਏ ਅਤੇ ਲੋਕਾਂ ਦੀਆਂ ਜ਼ਿੰਦਗੀਆਂ ਦੇ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ  ਨੂੰ ਅਪੀਲ ਕੀਤੀ ਕਿ ਉਹ ਘਰ ਤੋਂ ਬਾਹਰ ਨਿਕਲਣ ਅਤੇ ਦੇਖਣ ਕਿ ਪੰਜਾਬ ਵਿਚ ਲੋਕ ਕਿਸ ਕਦਰ ਕੋਰੋਨਾ ਨਾਲ ਮਰ ਰਹੇ ਹਨ।

ਇਹ ਵੀ ਪੜ੍ਹੋ:  ਜੇਲ੍ਹ ’ਚ ਬੰਦ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣੀ ਖ਼ਤਰੇ ਤੋਂ ਖਾਲੀ ਨਹੀਂ: ਜਥੇਦਾਰ ਦਾਦੂਵਾਲ

ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾ ਲਈਆਂ ਹਨ, ਇਸ ਲਈ ਉਨ੍ਹਾਂ ਦੀ ਜਾਨ ਨੂੰ ਕੋਈ ਖ਼ਤਰਾ ਨਹੀਂ ਹੈ ਅਤੇ ਉਨ੍ਹਾਂ ਨੂੰ ਆਪਣੀ ਕੋਠੀ ਵਿੱਚ ਬੈਠ ਕੇ ਬਿਆਨ ਜਾਰੀ ਕਰਨ ਤੋਂ ਗੁਰੇਜ਼ ਕਰਦੇ ਹੋਏ ਲੋਕਾਂ ਵਿੱਚ ਆ ਕੇ ਦੇਖਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕ ਕਿਹੜੇ ਹਾਲਾਤਾਂ ਵਿਚ ਜੀਵਨ ਬਤੀਤ ਕਰ ਰਹੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਬਠਿੰਡਾ ਵਿੱਚ ਆਕਸੀਜਨ ਦਾ ਲੰਗਰ ਸ਼ੁਰੂ ਕੀਤਾ ਹੈ ਅਤੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਵੱਡੇ ਪੱਧਰ ਤੇ ਲੰਗਰ ਲਗਾਏ ਹੋਏ ਹਨ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਜਦ ਤੱਕ ਕੋਵਿਡ ਦਾ ਪ੍ਰਕੋਪ ਚੱਲ ਰਿਹਾ ਹੈ। ਉਦੋਂ ਤੱਕ ਉਹ ਘੱਟੋ-ਘੱਟ 6 ਮਹੀਨਿਆਂ ਦੇ ਲਈ ਪੰਜਾਬ ਵਿੱਚ ਲੋਕਾਂ ਦੇ ਸਾਰੇ ਬਿਜਲੀ ਦੇ ਬਿੱਲ ਅਤੇ ਟੈਕਸ ਮੁਆਫ ਕੀਤੇ ਜਾਣ ਅਤੇ ਜਿਨ੍ਹਾਂ ਬੱਚਿਆਂ ਦੇ ਮਾਂ-ਬਾਪ ਕੋਰੋਨਾ ਨਾਲ ਮਰ ਗਏ ਹਨ।

ਇਹ ਵੀ ਪੜ੍ਹੋ: ਪਤਨੀ ਨੇ ਗੁਆਂਢਣ ਨਾਲ ਹੋਟਲ 'ਚ ਰੰਗੇ ਹੱਥੀਂ ਫੜ੍ਹਿਆ ਪਤੀ, ਦੋਵਾਂ ਦੀ ਖ਼ੂਬ ਕੀਤੀ ਛਿੱਤਰ-ਪਰੇਡ

 ਉਨ੍ਹਾਂ ਬੱਚਿਆਂ ਦੀ ਪੜ੍ਹਾਈ ਅਤੇ ਪਰਵਰਿਸ਼ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਲਵੇ। ਬਾਦਲ ਨੇ ਦੋਸ਼ ਲਗਾਉਂਦੇ ਕਿਹਾ ਕਿ ਹੁਣ ਜਦ ਸਰਕਾਰ ਜਾਣ ਵਾਲੀ ਹੈ ਤਾਂ ਕੈਪਟਨ ਦੇ ਮੰਤਰੀ ਅਤੇ ਵਿਧਾਇਕ ਇੱਕ ਦੂਸਰੇ ਦੇ ਪੋਲ ਖੋਲ੍ਹਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਖ਼ਰੀ ਸਾਹ ਲੈ ਰਹੀ ਹੈ। ਇਸ ਮੌਕੇ ਤੇ ਸੁਰਿੰਦਰ ਸਿੰਘ ਬੱਬੂ, ਮਹਿੰਦਰ ਸਿੰਘ ਵਿਰਕ, ਜਸਵਿੰਦਰ ਸਿੰਘ ਬੂਟੇ ਵਾਲਾ, ਮਾਸਟਰ ਗੁਰਨਾਮ ਸਿੰਘ ਆਦਿ ਅਕਾਲੀ ਆਗੂ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਬਠਿੰਡਾ ਦੇ ਗੁਰਦੁਆਰਾ ਸਾਹਿਬ ’ਚ ਰਾਮ ਰਹੀਮ ਦੀ ਰਿਹਾਈ ਲਈ ਅਰਦਾਸ ’ਤੇ ਛਿੜਿਆ ਵਿਵਾਦ, ਵੀਡੀਓ ਵਾਇਰਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Shyna

Content Editor

Related News