ਸੁਖਬੀਰ ਬਾਦਲ ਨੇ ਨਿੱਜੀ ਪੇਸ਼ੀ ਤੋਂ ਛੋਟ ਲਈ ਅਦਾਲਤ ’ਚ ਦਾਇਰ ਕੀਤੀ ਅਰਜ਼ੀ
Tuesday, Feb 03, 2026 - 09:53 AM (IST)
ਚੰਡੀਗੜ੍ਹ (ਪ੍ਰੀਕਸ਼ਿਤ) : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਣਹਾਨੀ ਦੇ ਇਕ 9 ਸਾਲ ਪੁਰਾਣੇ ਮਾਮਲੇ ’ਚ ਸੋਮਵਾਰ ਨੂੰ ਅਦਾਲਤ 'ਚ ਨਿੱਜੀ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ। ਇਹ ਅਰਜ਼ੀ ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ’ਚ ਪੇਸ਼ ਕੀਤੀ ਗਈ। ਬਾਦਲ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਕਿ ਅੱਜ ਉਨ੍ਹਾਂ ਦੀ ਗ਼ੈਰ-ਹਾਜ਼ਰੀ ਕਿਸੇ ਮਾੜੀ ਮਨਸ਼ਾ ਕਾਰਨ ਨਹੀਂ, ਸਗੋਂ ਪਹਿਲਾਂ ਤੋਂ ਨਿਰਧਾਰਤ ਰਾਜਨੀਤਕ ਪ੍ਰੋਗਰਾਮਾਂ ਕਾਰਨ ਹੈ। ਅਦਾਲਤ ਨੂੰ ਇਹ ਭਰੋਸਾ ਵੀ ਦਿੱਤਾ ਗਿਆ ਕਿ ਸੁਖਬੀਰ ਸਿੰਘ ਬਾਦਲ ਅਗਲੀ ਸੁਣਵਾਈ ਦੀ ਤਰੀਕ ’ਤੇ ਲਾਜ਼ਮੀ ਤੌਰ ’ਤੇ ਅਦਾਲਤ ’ਚ ਪੇਸ਼ ਹੋਣਗੇ।
ਜ਼ਿਕਰਯੋਗ ਹੈ ਕਿ ਦਸੰਬਰ ’ਚ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਤੋਂ ਬਾਅਦ ਉਨ੍ਹਾਂ ਨੇ 17 ਜਨਵਰੀ ਨੂੰ ਅਦਾਲਤ ’ਚ ਆਤਮ-ਸਮਰਪਣ ਕੀਤਾ ਸੀ। ਮਾਮਲੇ ਦੀ ਅਗਲੀ ਸੁਣਵਾਈ ਹੁਣ 14 ਫਰਵਰੀ ਨੂੰ ਹੋਵੇਗੀ।
