ਸੁਖਬੀਰ ਬਾਦਲ ਨੇ ਕਿਸਾਨੀ ਅੰਦੋਲਨ ’ਚ ਇਤਿਹਾਸਕ ਜਿੱਤ ’ਤੇ ਕਿਸਾਨਾਂ ਨੂੰ ਦਿੱਤੀ ਵਧਾਈ

Thursday, Dec 09, 2021 - 07:54 PM (IST)

ਚੰਡੀਗੜ੍ਹ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨਾ ਨੂੰ ਆਪਣੀ ਇਤਿਹਾਸਕ ਜਿੱਤ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਕਿਸਾਨਾਂ ਨੇ ਨਾ ਸਿਰਫ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਸਤੇ ਮਜਬੂਰ ਕੀਤਾ ਬਲਕਿ ਘੱਟੋ-ਘੱਟ ਸਮਰਥਨ ਮੁੱਲ ਨੂੰ ਇਕ ਕਾਨੂੰਨੀ ਅਧਿਕਾਰ ਬਣਾਉਣ ਦਾ ਰਾਹ ਵੀ ਪੱਧਰਾ ਕਰ ਦਿੱਤਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ’ਤੇ ਹੋਈ ਜਿੱਤ ਦੇਸ਼ ਦੇ ਸਾਰੇ ਕਿਸਾਨਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਅੰਨਦਾਤਾ ਨੇ ਦੇਸ਼ ਦੇ ਸ਼ਾਸਕਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਖੇਤੀਬਾੜੀ ਬਾਰੇ ਕੋਈ ਵੀ ਕਾਨੂੰਨ ਉਨ੍ਹਾਂ ਨੂੰ ਭਰੋਸੇ ’ਚ ਲਏ ਬਗੈਰ ਨਹੀਂ ਬਣਾਇਆ ਜਾ ਸਕਦਾ। ਬਾਦਲ ਨੇ ਕਿਸਾਨਾਂ ਵੱਲੋਂ ਪੰਜਾਬ ’ਚ ਆਪਣੇ ਘਰ ਪਰਤਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਤੇ ਕਿਹਾ ਕਿ ਜਿਸ ਤਰੀਕੇ ਤੁਸੀਂ ਇਕ ਸਾਲ ਤਕ ਸ਼ਾਂਤੀਪੂਰਨ ਤੇ ਲੋਕਤੰਤਰੀ ਢੰਗ ਨਾਲ ਦ੍ਰਿੜ੍ਹ ਸੰਕਲਪ ਹੋ ਕੇ ਅੰਦੋਲਨ ਚਲਾਇਆ, ਇਹ ਵਰ੍ਹਿਆਂ ਤੱਕ ਯਾਦ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਸੁੱਚਾ ਸਿੰਘ ਛੋਟੇਪੁਰ ਨੇ ਦੱਸਿਆ ਅਕਾਲੀ 'ਚ ਸ਼ਾਮਲ ਹੋਣ ਦਾ ਕਾਰਨ

ਸਾਂਝੀ ਭਲਾਈ ਵਾਸਤੇ 800 ਕਿਸਾਨਾਂ ਦੀ ਸ਼ਹਾਦਤ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੱਲ੍ਹ ਦੇ ਕਿਸਾਨ ਤੁਹਾਡੇ ਵੱਲੋਂ ਅੱਜ ਦਿੱਤੀਆਂ ਕੁਰਬਾਨੀਆਂ ਯਾਦ ਕਰਨਗੇ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਨੇ ਕਿਸਾਨੀ ਸੰਘਰਸ਼ ਵਾਸਤੇ ਬਣਦਾ ਯੋਗਦਾਨ ਪਾਇਆ ਹੈ ਤੇ ਉਹ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜਦਾ ਰਹੇਗਾ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦਿੱਤਾ ਤੇ ਐੱਨ. ਡੀ. ਏ. ਵੀ ਉਦੋਂ ਛੱਡ ਦਿੱਤਾ, ਜਦੋਂ ਅਸੀਂ ਮਹਿਸੂਸ ਕੀਤਾ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਨਹੀਂ ਤੇ ਉਨ੍ਹਾਂ ਦੇ ਖਦਸ਼ੇ ਦੂਰ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰਾਂ ਨੇ ਕਿਸਾਨ ਸੰਘਰਸ਼ ਦੀ ਦਿਲੋਂ ਹਮਾਇਤ ਕੀਤੀ ਤੇ ਉਹ ਹਮੇਸ਼ਾ ਕਿਸਾਨਾਂ ਨਾਲ ਖੜ੍ਹਨਗੇ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

 


Manoj

Content Editor

Related News