ਸੁਖਬੀਰ ਬਾਦਲ ਦੇ ਵੱਡੇ ਇਲਜ਼ਾਮ, ਕਿਹਾ-ਕੇਂਦਰ ਦੇ ਨਾਲ ਕਾਂਗਰਸ ਤੇ ‘ਆਪ’ ਸ਼੍ਰੋਮਣੀ ਕਮੇਟੀ ਨੂੰ ਬਣਾ ਰਹੀਆਂ ਨੇ ਨਿਸ਼ਾਨਾ

Saturday, Oct 08, 2022 - 05:06 AM (IST)

ਅੰਮ੍ਰਿਤਸਰ (ਬਿਊਰੋ) : ਖਾਲਸਾ ਰੋਸ ਮਾਰਚ ਅੱਜ ਸ੍ਰੀ ਅਕਾਲ ਤਖਤ ਸਾਹਿਬ ’ਤੇ ਸੰਪੰਨ ਹੋਇਆ, ਜਿਸ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਜ਼ਾਰਾਂ ਪੰਜਾਬੀਆਂ ਦੇ ਨਾਲ ਰਲ ਕੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਨੂੰ ਮਾਤ ਪਾਉਣ ਲਈ ਸਿੱਖ ਕੌਮ ਨੂੰ ਤਾਕਤ ਬਖਸ਼ਣ। ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਸਮੇਤ ਸੰਗਤ ਦੀ ਹਾਜ਼ਰੀ ’ਚ ਅਰਦਾਸ ਕੀਤੀ। ਇਸ ਮੌਕੇ ਸੂਬੇ ਦੇ ਸਾਰੇ ਹਿੱਸਿਆਂ ਤੋਂ ਸੰਗਤਾਂ ਵੱਡੀ ਗਿਣਤੀ ’ਚ ਹਾਜ਼ਰ ਸਨ।

ਇਹ ਖ਼ਬਰ ਵੀ ਪੜ੍ਹੋ : ਕੱਚੇ ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ, ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੇਂਦਰ ਦੀ ਕਾਰਵਾਈ, ਪੜ੍ਹੋ Top 10

PunjabKesari

ਅਰਦਾਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ-ਨਾਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਸ਼੍ਰੋਮਣੀ ਕਮੇਟੀ ਨੂੰ ਨਿਸ਼ਾਨਾ ਬਣਾ ਰਹੀਆਂ ਹਨ ਤੇ ਇਸੇ ਵਾਸਤੇ 2014 ਦੇ ਹਰਿਆਣਾ ਗੁਰਦੁਆਰਾ ਕਮੇਟੀ ਐਕਟ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਏ ਦੋਵਾਂ ਖਾਲਸਾ ਮਾਰਚ ’ਚ ਵੱਡੀ ਗਿਣਤੀ ਵਿਚ ਸ਼ਾਮਲ ਹੋਈ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਸਿੱਖ ਕੌਮ ਕਦੇ ਵੀ ਇਨ੍ਹਾਂ ਸਾਜ਼ਿਸ਼ਾਂ ਨੂੰ ਸਫਲ ਨਹੀਂ ਹੋਣ ਦੇਵੇਗੀ। ਅਕਾਲੀ ਦਲ ਦੇ ਪ੍ਰਧਾਨ ਨੇ ਕੇਂਦਰ ਸਰਕਾਰ ਤੇ ਹੋਰ ਰਾਜਸੀ ਪਾਰਟੀਆਂ ਨੂੰ ਸੱਦਾ ਦਿੱਤਾ ਕਿ ਉਹ ਸਰਹੱਦੀ ਸੂਬੇ ਅਤੇ ਇਸ ਦੇ ਲੋਕਾਂ ਦੀ ਸ਼ਾਂਤੀ ਭੰਗ ਨਾ ਕਰਨ, ਜਿਨ੍ਹਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਵਾਸਤੇ ਹਮੇਸ਼ਾ ਅੱਗੇ ਹੋ ਕੇ ਕੰਮ ਕੀਤਾ ਹੈ ਤੇ ਦੇਸ਼ ਦੇ ਅਨਾਜ ਭੰਡਾਰ ਵਿਚ ਹਮੇਸ਼ਾ ਸਭ ਤੋਂ ਵੱਧ ਯੋਗਦਾਨ ਪਾਇਆ ਹੈ।

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦਾ ਮਾਮਲਾ, ਸ਼ੱਕ ਦੇ ਘੇਰੇ ’ਚ ਆਏ ਕਈ ਹੋਰ ਪੁਲਸ ਮੁਲਾਜ਼ਮ

PunjabKesari

ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ ਹਮੇਸ਼ਾ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਰਬੱਤ ਦੇ ਭਲੇ ਵਾਸਤੇ ਕੰਮ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸ਼੍ਰੋਮਣੀ ਕਮੇਟੀ ਦੇ ਹੱਕਾਂ ਦੀ ਰਾਖੀ ਵਾਸਤੇ ਸਭ ਨੂੰ ਨਾਲ ਲੈ ਕੇ ਚੱਲਣ ਵਾਸਤੇ ਦ੍ਰਿੜ੍ਹ ਸੰਕਲਪ ਹੈ ਅਤੇ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ’ਚ ਦਖਲਅੰਦਾਜ਼ੀ ਸਿੱਧੇ ਤੌਰ ’ਤੇ ਬੰਦ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਮੁੱਦਈ ਰਹੇ ਹਾਂ। ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਾਜ਼ਿਸ਼ ਪ੍ਰਤੀ ਜਾਗਰੂਕ ਹੋਣ ਜਿਸ ਦਾ ਮਕਸਦ ਸਿੱਖਾਂ ਦੀ ਧਾਰਮਿਕ ਸੰਸਥਾ ਨੂੰ ਕਮਜ਼ੋਰ ਕਰਨਾ ਹੈ, ਜੋ 102 ਸਾਲਾਂ ਤੋਂ ਸਿੱਖ ਗੁਰਧਾਮਾਂ ਦੀ ਸੇਵਾ ਸੰਭਾਲ ਕਰਦੀ ਆ ਰਹੀ ਹੈ, ਜਦੋਂ ਤੋਂ ਇਨ੍ਹਾਂ ਗੁਰਧਾਮਾਂ ਨੂੰ ਮਹੰਤਾਂ ਦੇ ਚੁੰਗਲ ’ਚੋਂ ਆਜ਼ਾਦ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਅਸੀਂ ਸ਼੍ਰੋਮਣੀ ਕਮੇਟੀ ਦੀ ਸਿਰਜਣਾ ਲਈ ਆਪਣੇ ਪੁਰਖ‌ਿਆਂ ਵੱਲੋਂ ਕੀਤੇ ਸੰਘਰਸ਼ ਨੂੰ ਅਜਾਈਂ ਨਹੀਂ ਦੇਣ ਜਾ ਸਕਦੇ ਤੇ ਅਸੀਂ ਇਸ ਦੇ ਵਿਲੱਖਣ ਸਰੂਪ ਦੀ ਰਾਖੀ ਵਾਸਤੇ ਹਮੇਸ਼ਾ ਸੰਘਰਸ਼ ਕਰਾਂਗੇ। ਬਾਦਲ ਨੇ ਰੋਸ ਮਾਰਚ ਪ੍ਰਤੀ ਲਾਮਿਸਾਲ ਹੁੰਗਾਰੇ ਲਈ ਵੀ ਸੰਗਤਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਸਿੱਖ ਕੌਮ ਹਰਿਆਣਾ ’ਚ ਵੱਖਰੀ ਗੁਰਦੁਆਰਾ ਕਮੇਟੀ ਨੂੰ ਮਾਨਤਾ ਦੇ ਕੇ ਸਿੱਖ ਕੌਮ ਨੂੰ ਵੰਡਣ ਦੀਆਂ ਸਾਜ਼ਿਸ਼ਾਂ ਪ੍ਰਤੀ ਸੁਚੇਤ ਹੈ ਤੇ ਰੋਹ ’ਚ ਹੈ।

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਦੋਵੇਂ ਰੋਸ ਮਾਰਚ ਸ਼ੁਰੂ ਹੋਣ ਤੋਂ ਪਹਿਲਾਂ ਅਰਦਾਸ ਕੀਤੀ। ਲੱਖਾਂ ਪੰਜਾਬੀ ਇਸ ਰੋਸ ਮਾਰਚ ਦਾ ਹਿੱਸਾ ਬਣੇ ਤੇ ਰਾਹ ਵਿਚ ਲੋਕਾਂ ਨੇ ਵੱਖ-ਵੱਖ ਥਾਵਾਂ ’ਤੇ ਕੇਸਰੀ ਨਿਸ਼ਾਨ ਸਾਹਿਬ ਲੈ ਕੇ ਪੰਥ ਨਾਲ ਇਕਜੁੱਟਤਾ ਪ੍ਰਗਟ ਕੀਤੀ ਤੇ ਸ਼੍ਰੋਮਣੀ ਕਮੇਟੀ ਨਾਲ ਹੋ ਰਹੇ ਅਨਿਆਂ ਵਾਸਤੇ ਕਾਲੇ ਝੰਡੇ ਵਿਖਾ ਕੇ ਇਕਜੁੱਟਤਾ ਪ੍ਰਗਟ ਕੀਤੀ। ਸੰਗਤ ਨੇ‘ਧਰਮ ’ਤੇ ਧੱਕਾ ਹੋਣ ਨਹੀਂ ਦੇਣਾ, ਦੇਗ ਤੇਗ ਫਤਿਹ ਤੇ ਪੰਥ ਕੀ ਜੀਤ’ ਵਰਗੇ ਨਾਅਰਿਆਂ ਨਾਲ ਆਕਾਸ਼ ਗੂੰਜਣ ਲਗਾ ਦਿੱਤਾ। ਇਸ ਮੌਕੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ, ਬਿਕਰਮ ਸਿੰਘ ਮਜੀਠੀਆ, ਜਨਮੇਜਾ ਸਿੰਘ ਸੇਖੋਂ, ਬੀਬੀ ਜਗੀਰਕੌਰ,  ਡਾ. ਦਲਜੀਤ ਸਿੰਘ ਚੀਮਾ, ਸੁਰਜੀਤ ਸਿੰਘ ਰੱਖੜਾ, ਗੁਲਜ਼ਾਰ ਸਿੰਘ ਰਣੀਕੇ, ਗੋਬਿੰਦ ਸਿੰਘ ਲੌਂਗੋਵਾਲ, ਹੀਰਾ ਸਿੰਘ ਗਾਬੜੀਆ ਤੇ ਵਿਰਸਾ ਸਿੰਘ ਵਲਟੋਹਾ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਤੇ ਪਾਰਟੀ ਆਗੂ ਇਹਨਾਂ ਖਾਲਸਾ ਰੋਸ ਮਾਰਚਾਂ ਵਿਚ ਸ਼ਾਮਲ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਰਘੂਜੀਤ ਸਿੰਘ ਵਿਰਕ, ਹਭਜਨ ਸਿੰਘ ਮਸਾਣਾ, ਬਲਦੇਵ ਸਿੰਘ ਕਾਇਮਪੁਰੀ ਤੇ ਜਗਸੀਰ ਸਿੰਘ ਮਾਂਗੇਆਣਾ ਵੀ ਰੋਸ ਮਾਰਚ ਵਿਚ ਸ਼ਾਮਲ ਸਨ।


Manoj

Content Editor

Related News