ਜੈਜੀਤ ਸਿੰਘ ਵਲੋਂ ਸੁਖਬੀਰ, ਹਰਸਿਮਰਤ ਤੇ ਮਜੀਠੀਆ ਨੂੰ ਮਾਣਹਾਨੀ ਦਾ ਨੋਟਿਸ (ਵੀਡੀਓ)

05/26/2018 11:34:14 AM

ਬਠਿੰਡਾ : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ, ਵਿਧਾਇਕ ਬਿਕਰਮ ਮਜੀਠੀਆ, ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਤੇ ਪੰਜਾਬੀ ਚੈਨਲ ਦੇ ਪ੍ਰਬੰਧਕ ਰਵਿੰਦਰ ਨਰਾਇਣ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ 'ਜੋਜੋ' ਵਲੋਂ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। 
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜੈਜੀਤ ਸਿੰਘ ਜੌਹਲ ਨੇ ਦੱਸਿਆ ਕਿ ਬੀਤੇ ਦਿਨੀਂ ਉਕਤ ਆਗੂਆਂ ਵੱਲੋਂ ਉਨ੍ਹਾਂ ਦਾ ਨਾਮ ਬਿਨਾਂ ਕਿਸੇ ਸਬੂਤ ਦੇ ਉਛਾਲਿਆ ਗਿਆ ਸੀ, ਜਿਸ ਨਾਲ ਉਨ੍ਹਾਂ ਨੂੰ ਸਮਾਜਿਕ ਅਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਦਾ ਅਕਸ ਖਰਾਬ ਕਰਨ ਲਈ ਇਕ ਸਾਜ਼ਿਸ਼ ਤਹਿਤ ਉਨ੍ਹਾਂ ਖਿਲਾਫ ਉਕਤ ਆਗੂਆਂ ਨੇ ਝੂਠੀ ਬਿਆਨਬਾਜ਼ੀ ਕੀਤੀ, ਜਿਸ ਨੂੰ ਇਕ ਪੰਜਾਬੀ ਚੈਨਲ ਵਲੋਂ ਬਿਨਾਂ ਸਬੂਤਾਂ ਦੇ ਪ੍ਰਸਾਰਿਤ ਵੀ ਕੀਤਾ ਗਿਆ। 
ਜੈਜੀਤ ਸਿੰਘ ਨੇ ਦੱਸਿਆ ਕਿ ਇਸ ਨੋਟਿਸ ਵਿਚ ਉਨ੍ਹਾਂ ਸੁਖਬੀਰ ਬਾਦਲ, ਹਰਸਿਮਰਤ ਬਾਦਲ, ਬਿਕਰਮ ਮਜੀਠੀਆ ਤੇ ਹੋਰਾਂ ਨੂੰ ਉਨ੍ਹਾਂ ਖਿਲਾਫ ਕੀਤੀ ਬਿਆਨਬਾਜ਼ੀ ਵਾਪਸ ਲੈ ਕੇ ਮੁਆਫੀ ਮੰਗਣ ਅਤੇ ਅੱਗੇ ਤੋਂ ਅਜਿਹਾ ਨਾ ਕਰਨ ਲਈ ਕਿਹਾ ਹੈ, ਜੇਕਰ ਉਨ੍ਹਾਂ ਅਜਿਹਾ ਨਾ ਕੀਤਾ ਤਾਂ ਫਿਰ ਉਹ ਉਕਤ ਖਿਲਾਫ 15 ਕਰੋੜ ਰੁਪਏ ਦੀ ਮਾਣਹਾਨੀ ਦਾ ਕੇਸ ਦਾਇਰ ਕਰਨਗੇ।