ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਸਪਸ਼ਟੀਕਰਨ
Saturday, Aug 31, 2024 - 06:36 PM (IST)
ਅੰਮ੍ਰਿਤਸਰ (ਵੈੱਬ ਡੈਸਕ)- ਤਨਖ਼ਾਹੀਆ ਐਲਾਨੇ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਗ਼ੈਰ-ਹਾਜ਼ਰੀ ਵਿੱਚ ਉਨ੍ਹਾਂ ਦੇ ਦਫ਼ਤਰ ਵਿਚ ਸਟਾਫ਼ ਨੂੰ ਆਪਣਾ ਸਪਸ਼ਟੀਕਰਨ ਸੌਂਪਿਆ। ਸਪਸ਼ਟੀਕਰਨ ਦੇਣ ਤੋਂ ਬਾਅਦ ਉਹ ਮੱਥਾ ਟੇਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਉਨ੍ਹਾਂ ਦੇ ਨਾਲ ਕੁਝ ਤਤਕਾਲੀ ਮੰਤਰੀ ਵੀ ਮੌਜੂਦ ਹਨ। ਸੁਖਬੀਰ ਬਾਦਲ ਦੇ ਨਾਲ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਦਲਜੀਤ ਸਿੰਘ ਚੀਮਾ ਅਤੇ ਸ਼ਰਨਜੀਤ ਢਿੱਲੋਂ ਵੀ ਪਹੁੰਚੇ ਹੋਏ ਹਨ। ਲਿਖਤੀ ਸਪਸ਼ਟੀਕਰਨ ਦੇਣ ਮਗਰੋਂ ਸੁਖਬੀਰ ਸਿੰਘ ਬਾਦਲ ਇਥੇ ਰਵਾਨਾ ਹੋ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਮੀਡੀਆ ਨਾਲ ਗੱਲ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਅਤੇ ਵਾਪਸ ਪਰਤ ਗਏ।
ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮਗਰੋਂ ਅਸੀਂ ਸਾਰਿਆਂ ਨੇ ਅੱਜ ਲਿਖ਼ਤੀ ਸਪਸ਼ਟੀਕਰਨ ਜਥੇਦਾਰ ਨੂੰ ਸੌਂਪ ਦਿੱਤੇ ਹਨ। ਸਾਨੂੰ ਆਪਣੇ ਗੁਰੂ 'ਤੇ ਭਰੋਸਾ ਹੈ, ਉਹ ਇਨਸਾਫ਼ ਕਰਨਗੇ। ਉਨ੍ਹਾਂ ਕਿਹਾ ਕਿ ਬੇਸ਼ੱਕ 15 ਦਿਨਾਂ ਦੇ ਅੰਦਰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ ਪਰ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮਨ ਵਿਚ ਵੱਡੇ ਬੋਝ ਸੀ, ਜਿਸ ਕਰਕੇ ਉਹ ਅੱਜ ਹੀ ਪੇਸ਼ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸੁਖਬੀਰ ਸਿੰਘ ਬਾਦਲ ਵੱਲੋਂ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਜਲਦੀ ਤੋਂ ਜਲਦੀ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਬੁਲਾਈ ਜਾਵੇ ਅਤੇ ਫ਼ੈਸਲਾ ਸੁਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਹਾਜ਼ਰ ਨਹੀਂ ਸਨ, ਇਸ ਲਈ ਸਪਸ਼ਟੀਕਰਨ ਸਟਾਫ਼ ਨੂੰ ਸੌਂਪ ਦਿੱਤਾ ਗਿਆ ਹੈ। ਆਪਣੇ ਸਪਸ਼ਟੀਕਰਨ ਦਾ ਮੁੱਖ ਹਿੱਸਾ ਸਾਂਝਾ ਕਰਦਿਆਂ ਉਨ੍ਹਾਂ ਕਿਹਾ- ਉਹ 2007 ਤੋਂ 2014 ਤੱਕ ਮੁੱਖ ਮੰਤਰੀ ਦੇ ਸਲਾਹਕਾਰ ਤੇ ਫਿਰ ਸਿੱਖਿਆ ਮੰਤਰੀ ਰਹੇ। 24 ਜੁਲਾਈ ਨੂੰ ਜੋ ਪੱਤਰ ਨੰਬਰ 236 ਸੁਖਬੀਰ ਬਾਦਲ ਖ਼ੁਦ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਲੈ ਕੇ ਗਏ ਸਨ, ਉਹ ਵੀ ਉਸ ਦਾ ਸਪਸ਼ਟੀਕਰਨ ਹੈ। ਉਹ ਉਸ ਨਾਲ ਸਹਿਮਤ ਹਨ। ਫੈਸਲੇ ਸਾਰਿਆਂ ਦੀ ਸਹਿਮਤੀ ਨਾਲ ਲਏ ਜਾਂਦੇ ਹਨ। ਮੈਂ ਬਿਨਾਂ ਕਿਸੇ ਸਵਾਲ ਅਤੇ ਜਵਾਬ ਦੇ ਆਪਣੀ ਗ਼ਲਤੀ ਸਵੀਕਾਰ ਕਰਦਾ ਹਾਂ।
ਇਹ ਵੀ ਪੜ੍ਹੋ- ਵੱਡੀ ਘਟਨਾ: ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀਆਂ ਲੱਗਣ ਕਾਰਨ ਮੌਤ
ਦੱਸ ਦੇਈਏ ਕਿ ਸੁਖਬੀਰ ਬਾਦਲ ਨੂੰ ਬੀਤੇ ਦਿਨ ਹੀ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਸੁਖਬੀਰ ਬਾਦਲ 'ਤੇ ਆਪਣੀ ਸਰਕਾਰ ਦੌਰਾਨ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ, ਸੁਮੇਧ ਸੈਣੀ ਨੂੰ ਡੀ. ਜੀ. ਪੀ. ਨਿਯੁਕਤ ਕਰਨ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਕਾਰਵਾਈ ਨਾ ਕਰਨ ਦੇ ਇਲਜ਼ਾਮ ਲੱਗੇ ਸਨ।
ਫ਼ੈਸਲਾ ਸੁਣਾਉਂਦੇ ਹੋਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਸੀ ਕਿ ਅਕਾਲੀ ਦਲ ਦੇ ਮੁਖੀ ਅਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫ਼ੈਸਲੇ ਲਏ, ਜਿਸ ਨਾਲ ਪੰਥਕ ਸਰੂਪ ਨੂੰ ਨੁਕਸਾਨ ਪਹੁੰਚਿਆ। ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। 2007 ਤੋਂ 2017 ਤੱਕ ਦੇ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਤਨਖ਼ਾਹੀਆ ਕਰਾਰ ਦੇਣ ਮਗਰੋਂ ਬਾਗੀ ਧੜੇ ਨੇ ਸੁਖਬੀਰ ਬਾਦਲ ਤੋਂ ਫਿਰ ਮੰਗਿਆ ਅਸਤੀਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ