SGPC ਦੇ ਜਨਰਲ ਇਜਲਾਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਕੀਤੀ ਮੀਟਿੰਗ
Thursday, Nov 19, 2026 - 08:09 PM (IST)
ਅੰਮ੍ਰਿਤਸਰ (ਸਰਬਜੀਤ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 20 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕਮੇਟੀ ਮੈਂਬਰਾਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਸਬੰਧੀ ਉਨ੍ਹਾਂ ਦੀ ਰਾਇ ਜਾਣੀ ਅਤੇ ਮੈਂਬਰਾਂ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਕੋਸ਼ਿਸ਼ ਕੀਤੀ।
20 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਵਿਚ ਨਵੇਂ ਪ੍ਰਧਾਨ ਦੀ ਚੋਣ ਹੋਣੀ ਹੈ। ਇਸ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਵੱਲੋਂ ਮੈਂਬਰਾਂ ਨਾਲ ਇਕ-ਇਕ ਕਰਕੇ ਗੱਲਬਾਤ ਕੀਤੀ ਗਈ ਅਤੇ ਇਹ ਜਾਣਨ ਦੀ ਕੋਸ਼ਿਸ਼ ਕੀਤੀ ਗਈ ਕਿ ਪ੍ਰਧਾਨਗੀ ਦੀ ਜ਼ਿੰਮੇਵਾਰੀ ਕਿਸ ਨੂੰ ਸੌਂਪੀ ਜਾਣੀ ਚਾਹੀਦੀ ਹੈ। ਮੀਟਿੰਗ ਦੌਰਾਨ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਮੌਜੂਦ ਮੈਂਬਰਾਂ ਵੱਲੋਂ ਉਨ੍ਹਾਂ ਦੇ ਵਿਚਾਰਾਂ ਨਾਲ ਸਹਿਮਤੀ ਵੀ ਪ੍ਰਗਟਾਈ ਗਈ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਤੋਂ ਪਹਿਲਾਂ ਸਵਰਗੀ ਪ੍ਰਕਾਸ਼ ਸਿੰਘ ਬਾਦਲ ਵੀ ਇਸੇ ਤਰ੍ਹਾਂ ਮੈਂਬਰਾਂ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕਰਕੇ ਉਨ੍ਹਾਂ ਦੀ ਰਾਇ ਜਾਣਿਆ ਕਰਦੇ ਸਨ। ਉਸੇ ਰਵਾਇਤ ਨੂੰ ਅੱਗੇ ਵਧਾਉਂਦਿਆਂ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਇਸ ਵਾਰ ਜਨਰਲ ਇਜਲਾਸ ਤੋਂ ਪਹਿਲਾਂ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਹੁਣ ਸਾਰਿਆਂ ਦੀਆਂ ਨਜ਼ਰਾਂ 20 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ’ਤੇ ਟਿਕੀਆਂ ਹੋਈਆਂ ਹਨ, ਜਿੱਥੇ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਕੇ ਅੰਤਿਮ ਫੈਸਲਾ ਹੋਵੇਗਾ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਉਣ ਵਾਲੇ ਦੋ ਮਹੀਨੇ ਚੋਣਾਂ ਦੇ ਮੱਦੇਨਜ਼ਰ ਬੇਹੱਦ ਅਹਿਮ ਹਨ। ਇਸ ਸਮੇਂ ਦੌਰਾਨ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਹਿਮ ਫ਼ੈਸਲੇ ਲੈਣੇ ਬਹੁਤ ਜ਼ਰੂਰੀ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਸਮੇਤ ਹੋਰਨਾਂ ਖੇਤਰਾਂ ਦੀ ਸਥਿਤੀ ਵੀ ਚਿੰਤਾਜਨਕ ਬਣੀ ਹੋਈ ਹੈ। ਸੂਬੇ ਦੇ ਮੌਜੂਦਾ ਹਾਲਾਤ ਵਿੱਚ ਸੁਧਾਰ ਲਿਆਉਣ ਅਤੇ ਪੰਜਾਬ ਨੂੰ ਮੁੜ ਤਰੱਕੀ ਦੀ ਰਾਹ 'ਤੇ ਲਿਆਉਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਪੰਜਾਬ ਦੀ ਸਿਆਸਤ ਅਤੇ ਭਵਿੱਖ ਲਈ ਅਹਿਮ ਸਾਬਤ ਹੋਵੇਗਾ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ, ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਦਲਜੀਤ ਸਿੰਘ ਚੀਮਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ,ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਬਾਵਾ ਸਿੰਘ ਗੁਮਾਨਪੁਰਾ, ਮਗਵਿੰਦਰ ਸਿੰਘ ਖਾਪੜਖੇੜੀ, ਸਤਬੀਰ ਸਿੰਘ ਧਾਮੀ, ਗੁਰਪ੍ਰੀਤ ਸਿੰਘ ਝੱਬਰ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।
