ਪੰਜਾਬ ਦੇ ਲੋਕ ਬਦਲਾਅ ਦੀ ਸਿਆਸਤ ਤੋਂ ਅੱਕੇ: ਸੁਖਬੀਰ ਬਾਦਲ
Monday, Mar 09, 2026 - 12:00 PM (IST)
ਮੌੜ ਮੰਡੀ (ਪ੍ਰਵੀਨ, ਵਨੀਤ)- ਪੰਜਾਬ ਅੰਦਰ ਕੀਤੇ ਗਏ ਸਿਆਸੀ ਬਦਲਾਅ ਨੇ ਪੂਰੇ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਨੂੰ ਗੁੰਡਾਗਰਦੀ, ਰਿਸ਼ਵਤਖੋਰੀ ਅਤੇ ਲੁੱਟ-ਖੋਹ ਤੋਂ ਬਚਾਉਣ ਲਈ ਅੱਜ ਫਿਰ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਰਾਜ ਨੂੰ ਯਾਦ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਨ ਸਭਾ ਹਲਕਾ ਮੌੜ ਵਿਖੇ ‘ਪੰਜਾਬ ਬਚਾਓ’ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਲੜੀਵਾਰ ਰੈਲੀਆਂ ਦੌਰਾਨ ਸ਼੍ਰੋਮਣੀ ਅਕਾਲੀ ਦੇ ਪੰਜਾਬ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ| ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਦੀ ਸਿਆਸਤ ਤੋਂ ਅੱਕ ਚੁੱਕੇ ਹਨ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਅਤ ਦੇ ਹੱਕਾਂ ਲਈ ਡੱਟ ਕੇ ਅਵਾਜ਼ ਬੁਲੰਦ ਕੀਤੀ ਹੈ| ਉਨ੍ਹਾਂ ਕਿਹਾ ਕਿ ਪੰਜਾਬ ਬਚਾਓ ਰੈਲੀਆਂ ਦਾ ਮੁੱਖ ਮਕਸਦ ਸੂਬੇ ਦੀ ਜਨਤਾ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨਕਾਮੀਆਂ ਤੋਂ ਜਾਗਰੂਕ ਕਰਵਾਉਣਾ ਅਤੇ ਜਨਤਾ ਨੂੰ ਅਕਾਲੀ ਦਲ ਦੀਆਂ ਨੀਤੀਆਂ ਨਾਲ ਜੋੜਨਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢ ਕੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏਗੀ ਅਤੇ ਪੰਜਾਬ ਦੀ ਕਿਸਾਨੀ ਨੂੰ ਕਰਜ਼ੇ ਦੀ ਦਲਦਲ ’ਚੋਂ ਬਾਹਰ ਕੱਢਣ ਲਈ ਕਿਸਾਨਾਂ ਲਈ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਇੰਡਸਟਰੀਜ਼ ਨੂੰ ਪੰਜਾਬ ਅੰਦਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਨ੍ਹਾਂ ਅੰਦਰ ਘੱਟੋਂ ਘੱਟ 75 ਫੀਸਦੀ ਪੰਜਾਬੀਆਂ ਨੂੰ ਕੰਮ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਲਈ ਜੋ ਦਰਦ ਸ਼੍ਰੋਮਣੀ ਅਕਾਲੀ ਦਲ ਨੂੰ ਹੈ ਉਹ ਮੋਦੀ, ਰਾਹੁਲ ਅਤੇ ਕੇਜਰੀਵਾਲ ਨੂੰ ਨਹੀਂ। ਅਕਾਲੀ ਦਲ ਦੀ ਸਰਕਾਰ ਆਉਣ ’ਤੇ ਪੰਜਾਬ ’ਚੋਂ ਗੈਂਗਸਟਰਵਾਦ, ਨਸ਼ਾ ਸਮੱਗਲਰਾਂ ਨੂੰ ਨੱਥ ਪਾਉਣ ਲਈ ਨਵੇਂ ਕਾਨੂੰਨ ਲਿਆਂਦੇ ਜਾਣਗੇ। ਇਸ ਦੇ ਨਾਲ ਹੀ ਬੁਢਾਪਾ ਪੈਨਸ਼ਨ 3100 ਰੁਪਏ ਅਤੇ ਸ਼ਗਨ ਸਕੀਮ ਇਕ ਲੱਖ ਰੁਪਏ ਕੀਤੀ ਜਾਵੇਗੀ। ਮੁਲਾਜ਼ਮਾਂ ਨੂੰ ਡੀ. ਏ. ਅਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵੱਖ-ਵੱਖ ਅਦਾਰਿਆਂ ’ਚ ਕੰਮ ਕਰਦੇ ਮੁਲਾਜ਼ਮਾਂ ਨੂੰ ਘੱਟੋ ਘੱਟ ਤਨਖਾਹ ਅਧੀਨ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ’ਤੇ ਕਰਜ਼ਾ ਦਿਨੋਂ-ਦਿਨ ਵਧ ਰਿਹਾ ਹੈ। ਪੰਜਾਬ ਨੂੰ ਬਚਾਉਣ ਲਈ 2027 ’ਚ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਸੌਂਪੀ ਜਾਵੇ ਤਾਂ ਜੋ ਪੰਜਾਬ ਦਾ ਚਹੁੰਮੁਖੀ ਵਿਕਾਸ ਸੰਭਵ ਹੋ ਸਕੇ।
ਇਸ ਮੌਕੇ ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਦੀ ਜਨਤਾ ਦੇ ਸੁਭਾਅ ਨੂੰ ਜਾਣਨ ਦੇ ਬਾਵਜੂਦ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰ ਵਿਅਕਤੀ ਦਾ ਧੱਕੇ ਨਾਲ ਮੂੰਹ ਬੰਦ ਕਰਨਾ ਚਾਹੁੰਦੇ ਹਨ। ਉਹ ਇਹ ਨਹੀਂ ਜਾਣਦੇ ਕਿ ਪੰਜਾਬੀਆਂ ਨੂੰ ਧੱਕੇ ਨਾਲ ਦਬਾਉਣ ਦੀ ਕੋਸ਼ਿਸ਼ ਕਦੇ ਵੀ ਕਾਮਯਾਬ ਨਹੀਂ ਹੋਈ , ਜਿਸ ਕਾਰਨ ਆਮ ਆਦਮੀ ਪਾਰਟੀ ਦਾ ਪੰਜਾਬ ਅੰਦਰ ਗ੍ਰਾਫ ਬਿਲਕੁਲ ਡਿੱਗ ਚੁੱਕਾ ਹੈ ਅਤੇ 2027 ’ਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ ਹੈ।
